
ਅੰਤਰਰਾਜੀ ਯਾਤਰਾ ਕਰਨ ਵਾਲਿਆਂ ਨੂੰ ਘਰ ਵਿੱਚ ਕੁਆਰੰਟੀਨ ਨਹੀਂ ਕੀਤਾ ਜਾਵੇਗਾ: ਡੀਸੀ
ਡੀਸੀ ਵੱਲੋਂ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੇ ਅਨੁਸਾਰ ਨਿਰਦੇਸ਼ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਅੰਤਰਰਾਜੀ ਯਾਤਰਾ ਕਰਨ ਵਾਲੇ ਜੋ ਅਕਸਰ ਆਪਣੇ ਪੈਸੇ, ਜਿਵੇਂ ਕਿ ਸੇਲਸਪਰਸਨ, ਟਰਾਂਸਪੋਰਟਰਾਂ, ਡਾਕਟਰਾਂ, ਮੀਡੀਆ, ਕਾਰੋਬਾਰੀ ਕਾਰਜਕਾਰੀ, ਇੰਜੀਨੀਅਰਾਂ, ਵਪਾਰੀ ਅਤੇ ਸਲਾਹਕਾਰਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਤੋਂ ਬਾਹਰ ਜਾਣ ਦੀ ਜ਼ਰੂਰਤ ਰੱਖਦੇ ਹਨ, ਨੂੰ ਘਰਾਂ ਵਿੱਚ ਕੁਆਰੰਟੀਨ ਨਹੀਂ ਕੀਤਾ ਜਾਵੇਗਾ। ਸਿਹਤ ਵਿਭਾਗ ਪੰਜਾਬ ਦੀ ਐਡਵਾਈਜ਼ਰੀ ਅਨੁਸਾਰ ਇਹ ਨਿਰਦੇਸ਼ ਜਾਰੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਡੀਸੀ ਦਫ਼ਤਰ ਅਤੇ ਐਸਡੀਐਮਜ ਵੱਲੋਂ ਪਾਸ ਜਾਰੀ ਕੀਤੇ ਜਾਣਗੇ। ਇਹ ਲੋਕ ਆਪਣੀ ਸਿਹਤ ਦੀ ਸਵੈ-ਨਿਗਰਾਨੀ ਦੇ ਬਾਰੇ ਇੱਕ ਅੰਡਰਟੇਕਿੰਗ ਦੇਣਗੇ ਅਤੇ ਕੋਵਿਡ-19 ਦੇ ਕੋਈ ਲੱਛਣ ਜਿਵੇਂ ਕਿ ਬੁਖਾਰ, ਖ਼ੁਸ਼ਕ ਖਾਂਸੀ, ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਅਜਿਹੇ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਨਾ ਲਾਜ਼ਮੀ ਹੈ ਜੋ ਕਿਰਿਆਸ਼ੀਲ ਰਹਿਣੀ ਚਾਹੀਦੀ ਹੈ।
ਡੀਸੀ ਗਿਰੀਸ਼ ਦਿਆਲਨ ਨੇ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1723 ਵਿਅਕਤੀਆਂ ਸਮੇਤ ਪਿਛਲੇ ਤਿੰਨ ਚਾਰ ਦਿਨਾਂ ਪਹਿਲਾਂ ਵਿਦੇਸ਼ ਤੋਂ ਪਰਤੇ 67 ਕੌਮਾਂਤਰੀ ਯਾਤਰੀ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਹਨ ਜਦੋਂਕਿ 3996 ਵਿਅਕਤੀਆਂ ਨੇ ਕੁਆਰੰਟੀਨ ਪੀਰੀਅਡ ਪੂਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਜ਼ਿਲ੍ਹੇ ਵਿੱਚ 4074 ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ। ਜਿਨ੍ਹਾਂ ’ਚੋਂ 3836 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 133 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ 105 ਕਰੋਨਾ ਪ੍ਰਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ, ਵਿਜੇ ਕੁਮਾਰ ਵਾਸੀ ਜ਼ੀਰਕਪੁਰ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ ਜਦੋਂਕਿ 102 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ। ਇਸ ਸਮੇਂ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ ਕੋਈ ਪੀੜਤ ਮਰੀਜ਼ ਨਹੀਂ ਹੈ।