Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਅੱਜ, ਬੱਚਿਆਂ ਦੇ ਮਾਪਿਆਂ ’ਚ ਭਾਰੀ ਉਤਸ਼ਾਹ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਬਾਲ ਦਿਵਸ ਹੋਵੇਗਾ ਇਤਿਹਾਸਕ ਦਿਨ: ਅਰੁਣਾ ਚੌਧਰੀ ਕਮਰਿਆਂ ਦੀ ਘਾਟ: ਫੇਜ਼-5 ਵਿੱਚ ਸਕੂਲ ਮੁਖੀ ਦੇ ਦਫ਼ਤਰ ਵਿੱਚ ਇੱਕ ਹੀ ਛੱਤ ਥੱਲੇ ਬੈਠਣਗੇ ਨਰਸਰੀ, ਐਲਕੇਜੀ ਤੇ ਯੂਕੇਜੀ ਦੇ ਬੱਚੇ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 13 ਨਵੰਬਰ: ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜ਼ਬੂਤ ਕਰਨ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਲਿਆ ਸੁਫਨਾ ਭਲਕੇ 14 ਨਵੰਬਰ ਨੂੰ ਬਾਲ ਦਿਵਸ ਦੇ ਮੌਕੇ ਹਕੀਕਤ ਵਿੱਚ ਬਦਲੇਗਾ ਜਦੋਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਇਨ੍ਹਾਂ ਕਲਾਸਾਂ ਦੀ ਰਸਮੀ ਸ਼ੁਰੂਆਤ ਕਰਨਗੇ। ਇਸ ਸਬੰਧੀ ਮੁਹਾਲੀ ਦੇ ਫੇਜ਼-7 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਿੱਖਿਆ ਸਕੱਛਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਹੇਠ ਸੂਬਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਦਿਨ ਪੰਜਾਬ ਦੇ 12 ਹਜ਼ਾਰ 500 ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਬਾਲ ਦਿਵਸ ਨੂੰ ਪੰਜਾਬ ਦੀ ਸਿੱਖਿਆ ਦੇ ਖੇਤਰ ਖਾਸ ਕਰਕੇ ਪ੍ਰਾਇਮਰੀ ਸਿੱਖਿਆ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਸੁਫਨਾ ਹਕੀਕਤ ਵਿੱਚ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ ਜਿਸ ਨੂੰ ਭਲਕੇ ਬਾਲ ਦਿਵਸ ਮੌਕੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਬੱਚਿਆਂ ਲਈ ਬਾਲ ਦਿਵਸ ਦਾ ਇਸ ਤੋਂ ਵੱਡਾ ਤੋਹਫਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਨਾਲ ਜਿੱਥੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ ਉਥੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਣਗੇ। ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਭਲਕੇ ਸਾਰੇ ਪੰਜਾਬ ਦੇ 12500 ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋਵੇਗੀ ਜਿਸ ਦਾ ਰਸਮੀ ਉਦਘਾਟਨ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਮੁਹਾਲੀ ਤੋਂ ਕਰਨਗੇ। ਉਨ੍ਹਾਂ ਕਿਹਾ ਕਿ ਕੱਲ੍ਹ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਸਮਾਗਮ ਹੋਣਗੇ ਜਿੱਥੇ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖ਼ਲ ਬੱਚਿਆਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ ਵੱਖ ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 1 ਲੱਖ 11 ਹਜ਼ਾਰ ਬੱਚਿਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ ਸਕੂਲਾਂ ਵਿੱਚ ਪੜ੍ਹਾਈ ਸ਼ੁਰੂ ਹੋਣ ਤੋਂ ਬਾਅਦ ਵਿੱਚ ਨੰਨੇ ਮੁੰਨ੍ਹੇ ਬੱਚਿਆਂ ਨੂੰ ਦਾਖ਼ਲ ਕਰਨ ਦੀ ਪ੍ਰਕਿਰਿਆ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ‘ਖੇਡ ਮਹਿਲ’ ਦੇ ਨਾਂ ਨਾਲ ਸ਼ੁਰੂ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਨਰਸਰੀ, ਐਲ.ਕੇ.ਜੀ. ਤੇ ਯੂ.ਕੇ.ਜੀ. ਵਿੱਚ ਦਾਖਲ ਕੀਤਾ ਗਿਆ ਹੈ। ਇਨ੍ਹਾਂ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਸਿਖਾਇਆ ਜਾਵੇਗਾ। ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-5 ਵਿੱਚ ਪਹਿਲਾਂ ਹੀ ਕਮਰਿਆਂ ਦੀ ਘਾਟ ਸੀ ਅਤੇ ਹੁਣ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਹੋਣ ਨਾਲ ਸਮੱਸਿਆ ਦੁੱਗਣੀ ਹੋ ਗਈ ਹੈ। ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਹੀ ਇੱਕ ਕਮਰਾ ਹਾਈ ਸਕੂਲ ਅਤੇ ਇੱਕ ਕਮਰਾ ਆਂਗਣਵਾੜੀ ਸੈਂਟਰ ਲਈ ਦਿੱਤਾ ਗਿਆ ਹੈ ਅਤੇ ਹੁਣ ਪ੍ਰੀ ਪ੍ਰਾਇਮਰੀ ਦੀ ਪੜ੍ਹਾਈ ਲਈ ਨੰਨ੍ਹੇ ਬੱਚਿਆਂ ਨੂੰ ਬਿਠਾਉਣ ਲਈ ਸਕੂਲ ਮੁਖੀ ਦੇ ਦਫ਼ਤਰੀ ਕਮਰੇ ਨੂੰ ਕਲਾਸ ਰੂਮ ਬਣਾਇਆ ਗਿਆ ਹੈ। ਜਿੱਥੇ ਨਰਸਰੀ, ਐਲਕੇਜੀ ਅਤੇ ਯੂਕੇਜੀ ਦੇ ਬੱਚਿਆਂ ਨੂੰ ਬਿਠਾ ਕੇ ਪੜ੍ਹਾਇਆ ਜਾਵੇਗਾ। ਪ੍ਰਬੰਧਾਂ ਦੀ ਘਾਟ ਬਾਰੇ ਸ੍ਰੀ ਸ਼ਰਮਾ ਨੇ ਦੱਸਿਆ ਕਿ ਸਕੂਲ ਵਿੱਚ ਪੇਵਰ ਬਲਾਕ ਅਤੇ ਬੱਚਿਆਂ ਲਈ ਝੂਲੇ ਲਗਾਉਣ ਲਈ 9 ਲੱਖ ਰੁਪਏ ਦਾ ਐਸਟੀਮੇਟ ਤਿਆਰ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਸਹੂਲਤ ਲਈ ਤਿੰਨ ਕਮਰਿਆਂ ਦੀ ਉਸਾਰੀ ਲਈ ਮੁਹਾਲੀ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੂੰ ਪੱਤਰ ਲਿਖਿਆ ਗਿਆ ਹੈ। ਇਸ ਸਬੰਧੀ ਸਕੂਲ ਮੁਖੀ ਸ੍ਰੀਮਤੀ ਦਿਲ ਰੂਬਾ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਪ੍ਰੀ ਪ੍ਰਾਇਮਰੀ ਲਈ 16 ਬੱਚਿਆਂ ਨੂੰ ਦਾਖ਼ਲ ਕੀਤਾ ਗਿਆ ਹੈ ਅਤੇ ਬੱਚਿਆਂ ਦੇ ਸਵਾਗਤ ਲਈ ਸਕੂਲ ਸਟਾਫ਼ ਵੱਲੋਂ ਪੁਰੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੜ੍ਹਾਈ ਸ਼ੁਰੂ ਹੋਣ ਤੋਂ ਬਾਅਦ ਵੀ ਅਗਲੇ ਹੁਕਮਾਂ ਤੱਕ ਬੱਚਿਆਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ। ਉਂਜ ਉਨ੍ਹਾਂ ਦੱਸਿਆ ਕਿ ਕਈ ਮਾਪਿਆਂ ਕੋਲ ਆਧਾਰ ਕਾਰਡ ਨਾ ਹੋਣ ਕਾਰਨ ਬੱਚਿਆਂ ਨੂੰ ਦਾਖ਼ਲ ਨਹੀਂ ਕੀਤਾ ਜਾ ਸਕਿਆ ਹੈ ਕਿਉਂਕਿ ਨੰਨ੍ਹੇ ਬੱਚਿਆਂ ਦੀ ਰਜਿਸਟਰੇਸ਼ਨ ਲਈ ਆਧਾਰ ਕਾਰਡ ਲਾਜ਼ਮੀ ਕੀਤਾ ਗਿਆ ਹੈ। (ਬਾਕਸ ਆਈਟਮ) ਉਧਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਮੇਜ ਸਿੰਘ ਕੈਂਥ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਧੀਨ ਆਉਂਦੇ ਅੱਠ ਬਲਾਕਾਂ ਵਿੱਚ ਕੁੱਲ 443 ਪ੍ਰਾਇਮਰੀ ਸਕੂਲ ਹਨ। ਜਿਨ੍ਹਾਂ ਵਿੱਚ ਭਲਕੇ ਬਾਲ ਦਿਵਸ ਦੇ ਮੌਕੇ ਪ੍ਰੀ ਪ੍ਰਾਇਮਰੀ ਜਮਾਤਾਂ ਰਸਮੀ ਤੌਰ ’ਤੇ ਸ਼ੁਰੂ ਹੋ ਰਹੀਆਂ ਹਨ। ਇਸ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵਿੱਚ ਕੋਈ ਪ੍ਰਬੰਧਕੀ ਘਾਟ ਹੈ ਵੀ ਤਾਂ ਉਸ ਨੂੰ ਜਲਦੀ ਪੁਰਾ ਕਰ ਲਿਆ ਜਾਵੇਗਾ। ਅਧਿਕਾਰੀ ਨੇ ਹੁਣ ਤੱਕ ਮੁਹਾਲੀ ਜ਼ਿਲ੍ਹੇ ਦੇ ਅੱਠ ਬਲਾਕਾਂ ਵਿੱਚ ਕਰੀਬ 4 ਹਜ਼ਾਰ ਬੱਚਿਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਲਕੇ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-7 ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਸਬੰਧੀ ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਦੀ ਅਗਵਾਈ ਹੇਠ ਸੂਬਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਪੁੱਜਣ ਦੀ ਵੀ ਆਸ ਪ੍ਰਗਟਾਈ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ