nabaz-e-punjab.com

ਮੁਹਾਲੀ ਦੀ ਗਊਸ਼ਾਲਾ ਵਿੱਚ ਮਰੇ ਸੈਂਕੜੇ ਪਸ਼ੂਆਂ ਦੀ ਮੌਤ ਦਾ ਭੇਤ ਜਾਣਨ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਡਿਪਟੀ ਮੇਅਰ ਨੇ ਗਊਸ਼ਾਲਾ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ’ਤੇ ਚੁੱਕੇ ਕਈ ਸਵਾਲ, ਕਿਹਾ ਪਸ਼ੂ ਮਰੇ ਨਹੀਂ ਵੇਚੇ ਗਏ ਹਨ: ਸੇਠੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਇੱਥੋਂ ਦੇ ਸਨਅਤੀ ਏਰੀਆ ਫੇਜ਼-1 ਵਿੱਚ ਸਥਿਤ ਗਊਸ਼ਾਲਾ ਵਿੱਚ ਜਨਵਰੀ ਅਤੇ ਫਰਵਰੀ 2019 ਵਿੱਚ 279 ਪਸ਼ੂਆਂ ਦੀ ਭੇਤਭਰੀ ਹਾਲਤ ਵਿੱਚ ਮੌਤ ਦਾ ਮਾਮਲਾ ਇਕ ਬੁਝਾਰਤ ਬਣ ਕੇ ਰਹਿ ਗਿਆ ਹੈ। ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਵੱਲੋਂ ਵੱਡੇ ਪੱਧਰ ’ਤੇ ਇਹ ਮਾਮਲਾ ਚੁੱਕੇ ਜਾਣ ਤੋਂ ਬਾਅਦ ਮੁਹਾਲੀ ਨਗਰ ਨਿਗਮ ਦੇ ਤਤਕਾਲੀ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ ਨੇ ਮਾਮਲੇ ਦੀ ਜਾਂਚ ਕੀਤੀ ਸੀ। ਜਿਸ ਬਾਰੇ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਵਿਭਾਗ ਦੇ ਚੀਫ਼ ਵਿਜੀਲੈਂਸ ਅਫ਼ਸਰ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ ਲੇਕਿਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਹ ਜਾਂਚ ਵਿਜੀਲੈਂਸ ਨੂੰ ਸੌਂਪਣ ਦੀ ਬਜਾਏ ਪਸ਼ੂ ਪਾਲਣ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਦਿਆਂ ਸਪੱਸ਼ਟ ਆਖਿਆ ਹੈ ਕਿ ਪਸ਼ੂਆਂ ਦੀ ਮੌਤ ਦੇ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਬਰੀਕੀ ਨਾਲ ਪੜਤਾਲ ਕੀਤੀ ਜਾਵੇ ਅਤੇ ਕਸੂਰਵਾਰ ਵਿਅਕਤੀਆਂ ਅਤੇ ਨਗਰ ਨਿਗਮ ਦੇ ਦਫ਼ਤਰੀ ਸਟਾਫ਼ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਯਕੀਨੀ ਬਣਾਈ ਜਾਵੇ।
ਇਸ ਸਬੰਧੀ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਗਊਸ਼ਾਲਾ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਜਨਵਰੀ ਵਿੱਚ 141 ਅਤੇ ਫਰਵਰੀ ਵਿੱਚ 138 ਜਾਨਵਰ ਮਰੇ ਹੋਏ ਦਿਖਾਏ ਗਏ ਹਨ। ਉਨ੍ਹਾਂ ਗਊਸ਼ਾਲਾ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਵੱਡੀ ਗਿਣਤੀ ’ਚ ਪਸ਼ੂਆਂ ਦੀ ਮੌਤ ਦਾ ਮਾਮਲਾ ਸ਼ੱਕੀ ਜਾਪਦਾ ਹੈ। ਉਨ੍ਹਾਂ ਪਸ਼ੂਆਂ ਨੂੰ ਮ੍ਰਿਤਕ ਦਿਖਾ ਕੇ ਬੱੁਚੜਖ਼ਾਨੇ ਵੇਚਣ ਦਾ ਖਦਸ਼ਾ ਪ੍ਰਗਟ ਕੀਤਾ ਹੈ। ਕਿਉਂਕਿ ਮ੍ਰਿਤਕ ਪਸ਼ੂਆਂ ਦਾ ਪੂਰਾ ਰਿਕਾਰਡ ਦਰੁਸਤ ਨਹੀਂ ਹੈ।
ਡਿਪਟੀ ਮੇਅਰ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ 20 ਜੁਲਾਈ 2017 ਨੂੰ ਗਊਸ਼ਾਲਾ ਦੇ ਰੱਖ ਰਖਾਓ ਦਾ ਕੰਮ ਗੌਰੀ ਸ਼ੰਕਰ ਸੇਵਾ ਦਲ ਦਿੱਤਾ ਸੀ। ਇਸ ਸੰਸਥਾ ਵੱਲੋਂ ਪਸ਼ੂਆਂ ਦੇ ਰਹਿਣ-ਸਹਿਣ, ਖੁਰਾਕ ਅਤੇ ਇਲਾਜ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਕਤ ਸੰਸਥਾ ਵੱਲੋਂ ਆਪਣੀ ਜ਼ਿੰਮੇਵਾਰੀ ਠੀਕ ਢੰਗ ਨਾਲ ਨਹੀਂ ਨਿਭਾਈ ਜਾ ਰਹੀ ਹੈ। ਹੁਣ ਤੱਕ ਗਊਸ਼ਾਲਾ ਵਿੱਚ 785 ਤੋਂ ਵੱਧ ਪਸ਼ੂਆਂ ਦਾ ਕੋਈ ਅਤਾ ਪਤਾ ਨਹੀਂ ਹੈ।
(ਬਾਕਸ ਆਈਟਮ)
ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਇਸ ਸਬੰਧੀ ਪਹਿਲਾਂ ਵੀ ਵਿਭਾਗੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਸੰਯੁਕਤ ਕਮਿਸ਼ਨ ਨੇ ਚੀਫ਼ ਵਿਜੀਲੈਂਸ ਅਫ਼ਸਰ ਤੋਂ ਉੱਚ ਪੱਧਰੀ ਪੜਤਾਲ ਲਈ ਲਿਖਿਆ ਸੀ ਲੇਕਿਨ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਪਸ਼ੂ ਪਾਲਣ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਅਤੇ ਉਨ੍ਹਾਂ (ਕਮਿਸ਼ਨਰ) ਨੂੰ ਇਸ ਮਾਮਲੇ ਦੀ ਨਵੇਂ ਸਿਰਿਓਂ ਜਾਂਚ ਲਈ ਆਖਿਆ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਕਸੂਰਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਲਈ ਕਾਨੂੰਨੀ ਰਾਇ ਲਈ ਜਾਵੇਗੀ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …