Nabaz-e-punjab.com

ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖਰਾ ਕਰਕੇ ਨਾ ਕਰਨ ਵਾਲੇ ਅੱਠ ਹੋਟਲਾਂ ਦੇ ਚਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਸਵੱਛ ਭਾਰਤ ਮਿਸ਼ਨ (ਅਰਬਨ) ਤਹਿਤ ਮੁਹਾਲੀ ਨਗਰ ਨਿਗਮ ਨੇ ਆਮ ਸ਼ਹਿਰੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਕਰਕੇ ਰੱਖਣ ਅਤੇ ਜੈਵਿਕ ਖਾਦ ਤਿਆਰ ਕਰਨ ਲਈ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਇਸ ਸਬੰਧੀ ਇੱਥੋਂ ਦੇ ਫੇਜ਼-9 ਅਤੇ ਫੇਜ਼-10 ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰਾਂ ਸਰਬਜੀਤ ਸਿੰਘ ਅਤੇ ਹਰਬੰਸ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਗਿੱਲਾ ਅਤੇ ਸੁੱਕਾ ਕੂੜੇ ਨੂੰ ਵੱਖੋ ਵੱਖਰਾ ਕਰਕੇ ਰੱਖਣ ਦਾ ਪਤਾ ਲਗਾਉਣ ਲਈ ਇੱਥੋਂ ਦੇ ਫੇਜ਼-10 ਵਿੱਚ ਵੱਖ-ਵੱਖ ਹੋਟਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਜਿਨ੍ਹਾਂ ਹੋਟਲਾਂ ’ਚੋਂ ਨਿਕਲਣ ਵਾਲਾ ਕੂੜਾ (ਗਿੱਲਾ ਅਤੇ ਸੁੱਕਾ) ਆਪਸ ਵਿੱਚ ਮਿਲਿਆ ਪਾਇਆ ਗਿਆ। ਉਨ੍ਹਾਂ ਹੋਟਲਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ ਅਤੇ ਭਵਿੱਖ ਵਿੱਚ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਸਖ਼ਤ ਤਾੜਨਾ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਇਸ ਸਬੰਧੀ ਹੋਟਲਾਂ ਵਾਲਿਆਂ ਨੂੰ ਇਸ ਤੋਂ ਪਹਿਲਾਂ ਕਈ ਵਾਰ ਇਹ ਦੱਸਿਆ ਜਾ ਚੁੱਕਾ ਹੈ ਕਿ ਉਹ ਆਪਣੇ ਹੋਟਲਾਂ ਤੋਂ ਨਿਕਲਣ ਵਾਲਾ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਕਰਕੇ ਕੂੜਾ ਚੁੱਕਣ ਵਾਲੇ ਨੂੰ ਦੇਣ ਅਤੇ ਅਤੇ ਇਸ ਵਾਸਤੇ ਹੋਟਲਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਕੂੜੇਦਾਨ ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਹੋਟਲਾਂ ਵਾਲਿਆਂ ਵੱਲੋਂ ਨਿਗਮ ਦੀਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ ਉਨ੍ਹਾਂ ਦੇ ਚਲਾਨ ਕੀਤੇ ਗਏ ਹਨ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਦੌਰਾਨ ਫੇਜ਼-10 ਦੇ ਅੱਠ ਹੋਟਲਾਂ ਦੇ ਚਲਾਨ ਕੀਤੇ ਗਏ। ਨਗਰ ਨਿਗਮ ਦੀ ਟੀਮ ਵਿੱਚ ਨਿਗਮ ਦੇ ਸੈਨੇਟਰੀ ਇੰਸਪੈਕਟਰ ਸੁਰਿੰਦਰ ਕੁਮਾਰ ਵੀ ਸ਼ਾਮਲ ਸਨ।
ਉਨ੍ਹਾਂ ਦੱਸਿਆਂ ਕਿ ਨਗਰ ਨਿਗਮ ਵੱਲੋਂ ਇਸ ਸਬੰਧੀ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਵਿਚਲੇ ਰਿਹਾਇਸ਼ੀ ਖੇਤਰ ਦੇ ਲੋਕਾਂ ਨੂੰ ਵੀ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਕੂੜਾ ਚੁੱਕਣ ਵਾਲੇ ਨੂੰ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਇਸ ਮੁਹਿੰਮ ਵਿੱਚ ਵਧਿਆ ਹੁੰਗਾਰਾ ਭਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫੇਜ਼-9, ਫੇਜ਼-10 ਅਤੇ ਫੇਜ਼-3ਏ ਵਿੱਚ ਇਹ ਮੁਹਿੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ ਅਤੇ ਲੋਕਾਂ ਵੱਲੋਂ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਕੂੜੇਦਾਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।
ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਭਵਜੋਤ ਸਿੰਘ ਅਤੇ ਵੰਦਨਾ ਸੁਖੀਜਾ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਘਰੇਲੂ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਨ ਲਈ ਪ੍ਰੈਕਟੀਕਲ ਤਰੀਕੇ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸ਼ਹਿਰ ਵਿੱਚ ਹਰੇ ਅਤੇ ਨੀਲੇ ਰੰਗ ਦੇ ਡਸਟਬੀਨ ਰੱਖੇ ਗਏ ਹਨ ਅਤੇ ਲੋਕਾਂ ਨੂੰ ਘਰਾਂ ਵਿੱਚ ਵੀ ਇਹ ਡੱਬੇ ਰੱਖਣ ਲਈ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਸਵੱਛਤਾ ਸਰਵੇਖਣ ਵਿੱਚ ਮੁਹਾਲੀ ਨੂੰ ਦੇਸ਼ ਭਰ ਵਿੱਚ ਪਹਿਲੇ 10 ਸ਼ਹਿਰਾਂ ਅਤੇ ਪੰਜਾਬ ਵਿੱਚ ਮੋਹਰੀ ਬਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…