ਸਿੰਚਾਈ ਘੁਟਾਲਾ: ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਨੂੰ ਜੇਲ ਭੇਜਿਆ

ਦੋ ਸਾਬਕਾ ਅਕਾਲੀ ਮੰਤਰੀਆਂ ਦੇ ਨਿੱਜੀ ਸਕੱਤਰਾਂ ਤੇ ਆਈਏਐਸ ਅਫ਼ਸਰਾਂ ਤੇ ਵਿਭਾਗ ਦੇ ਅਧਿਕਾਰੀਆਂ ਨੂੰ ਕੀਤਾ ਜਾਵੇਗਾ ਤਲਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਹੁਚਰਚਿਤ ਸਿੰਚਾਈ ਘੁਟਾਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਵਿਜੀਲੈਂਸ ਬਿਊਰੋ ਦੇ ਐਸਪੀ ਅਸ਼ੀਸ਼ ਕਪੂਰ ਨੇ ਕਿਹਾ ਕਿ ਮੁਲਜ਼ਮ ਤੋਂ ਸਿੰਚਾਈ ਘੁਟਾਲੇ ਸਬੰਧੀ ਹੋਰ ਪੁੱਛਗਿੱਛ ਕਰਨੀ ਬਾਕੀ ਹੈ ਅਤੇ ਹੁਣ ਤੱਕ ਕੀਤੀ ਗਈ ਪੁੱਛਗਿੱਛ ਦੌਰਾਨ ਉਕਤ ਘੁਟਾਲੇ ਸਬੰਧੀ ਵਿਜੀਲੈਂਸ ਨੂੰ ਅਹਿਮ ਸੁਰਾਗ ਮਿਲੇ ਹਨ। ਜਿਨ੍ਹਾਂ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।
ਉਧਰ, ਵਿਜੀਲੈਂਸ ਦੀ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਠੇਕੇਦਾਰ ਕੋਲੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪੈਸੇ ਦਿੰਦਾ ਸੀ। ਵਿਜੀਲੈਂਸ ਅਨੁਸਾਰ ਠੇਕੇਦਾਰ ਨੇ ਮੰਨਿਆਂ ਕਿ ਉਸ ਨੇ ਚੀਫ਼ ਇੰਜਨੀਅਰ ਹਰਵਿੰਦਰ ਸਿੰਘ, ਗੁਰਦੇਵ ਸਿੰਘ ਚਾਹਲ, ਨਾਗਪਾਲ, ਕਮਿੱਕਰ ਸਿੰਘ ਦਿਉਲ ਅਤੇ ਐਕਸੀਅਨ ਬਜਰੰਗ ਦਾਸ ਸਿੰਗਲਾ ਸਮੇਤ ਹੋਰ ਅਧਿਕਾਰੀਆਂ ਨੂੰ ਆਪਣਾ ਜੁਗਾੜ ਫਿੱਟ ਕਰਨ ਲਈ ਪੈਸੇ ਦਿੱਤੇ ਹਨ। ਵਿਜੀਲੈਂਸ ਨੇ ਮੁਲਜ਼ਮ ਦੇ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਠੇਕੇਦਾਰ ਨੇ ਜਿਨ੍ਹਾਂ ਅਧਿਕਾਰੀਆਂ ਨੂੰ ਪੈਸੇ ਦੇਣ ਦੀ ਗੱਲ ਮੰਨੀ ਹੈ। ਉਨ੍ਹਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਕਰਾਸ ਪੁੱਛਗਿੱਛ ਕਰਨੀ ਹੈ ਤਾਂ ਜੋ ਇਸ ਗੋਰਖਧੰਦੇ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਬੇਨਿਕਾਬ ਕੀਤਾ ਜਾ ਸਕੇ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਠੇਕੇਦਾਰ ਪਿਛਲੇ ਕਈ ਦਿਨਾਂ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਹੈ ਅਤੇ ਜਾਂਚ ਟੀਮ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਠੇਕੇਦਾਰ ਨੂੰ ਜੇਲ੍ਹ ਭੇਜ ਦਿੱਤਾ।
ਉਧਰ, ਵਿਜੀਲੈਂਸ ਦੇ ਸੂਤਰਾਂ ਦੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪੁੱਛਗਿੱਛ ਦੌਰਾਨ ਦੋ ਸਾਬਕਾ ਮੰਤਰੀਆਂ ਦੇ ਨਿੱਜੀ ਸਕੱਤਰਾਂ ਦੇ ਨਾਂ ਸਾਹਮਣੇ ਆਏ ਹਨ। ਜਿਨ੍ਹਾਂ ਦੀ ਮਦਦ ਨਾਲ ਮੰਤਰੀਆਂ ਅਤੇ ਸੀਨੀਅਰ ਅਫ਼ਸਰਸ਼ਾਹੀ ਤੱਕ ਪਹੁੰਚ ਕੀਤੀ ਜਾਂਦੀ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਮੁਲਜ਼ਮਾਂ ਨੂੰ ਮੁੜ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਸਾਬਕਾ ਮੰਤਰੀਆਂ ਦੇ ਪੀਏ ਅਤੇ ਆਈਏਐਸ ਅਫ਼ਸਰਾਂ ਸਮੇਤ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਜਾਵੇਗਾ। ਇਸ ਸਬੰਧੀ ਅਗਲੀ ਕਾਰਵਾਈ ਲਈ ਸੂਬਾ ਸਰਕਾਰ ਅਤੇ ਵਿਜੀਲੈਂਸ ਦੇ ਚੀਫ਼ ਅਤੇ ਡੀਜੀਪੀ ਤੋਂ ਅਗਵਾਈ ਲੀਹਾ ਲਈਆਂ ਜਾਣ ਰਹੀਆਂ ਹਨ। ਹਰੀ ਝੰਡੀ ਮਿਲਦੇ ਹੀ ਝੰਡੀਆਂ ਵਾਲੀਆਂ ਕਾਰਾਂ ਦਾ ਆਨੰਦ ਮਾਣਦੇ ਰਹੇ ਵਿਅਕਤੀਆਂ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …