ਸਿੰਜਾਈ ਘੁਟਾਲਾ: ਵਿਜੀਲੈਂਸ ਵੱਲੋਂ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਪੁੱਛਗਿੱਛ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਮੇਂ ਹੋਏ ਬਹੁ-ਕਰੋੜੀ ਸਿੰਜਾਈ ਘੁਟਾਲੇ ਸਬੰਧੀ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਭਵਨ ਦੇ ਮੁੱਖ ਦਫ਼ਤਰ ਵਿਖੇ ਵਿਜੀਲੈਂਸ ਦੇ ਸੀਨੀਅਰ ਅਫ਼ਸਰਾਂ ’ਤੇ ਆਧਾਰਿਤ ਇੱਕ ਵਿਸ਼ੇਸ਼ ਟੀਮ ਨੇ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਪੁੱਛਗਿੱਛ ਕੀਤੀ। ਵਿਜੀਲੈਂਸ ਦੀ ਜਾਂਚ ਟੀਮ ਨੇ ਸੇਖੋਂ ਤੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਕਈ ਸਵਾਲ ਜਵਾਬ ਕੀਤੇ। ਸੂਤਰ ਦੱਸਦੇ ਹਨ ਕਿ ਅਕਾਲੀ ਆਗੂ ਵੱਲੋਂ ਵਿਜੀਲੈਂਸ ਦੇ ਸਵਾਲਾਂ ਦੇ ਗੋਲ ਮੋਲ ਹੀ ਜਵਾਬ ਦਿੱਤੇ ਗਏ ਹਨ। ਇਸ ਸਬੰਧੀ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਹਨ।
ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਪਿਛਲੇ ਦਿਨੀਂ ਸਾਬਕਾ ਸਿੰਜਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਪੁੱਛਗਿੱਛ ਲਈ ਮੁੱਖ ਦਫ਼ਤਰ ਮੁਹਾਲੀ ਵਿਖੇ ਤਲਬ ਕੀਤਾ ਗਿਆ ਸੀ। ਅੱਜ ਸਵੇਰੇ ਕਰੀਬ 10 ਵਜੇ ਅਕਾਲੀ ਆਗੂ ਵਿਜੀਲੈਂਸ ਭਵਨ ਪਹੁੰਚੇ ਸਨ। ਕਰੀਬ 1200 ਕਰੋੜੀ ਇਸ ਬਹੁਚਰਚਿਤ ਸਿੰਜਾਈ ਘੁਟਾਲੇ ਦੀ ਵਿਜੀਲੈਂਸ ਵੱਲੋਂ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਸਮੇਤ ਕਈ ਹੋਰਨਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਨ੍ਹਾਂ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਸਾਬਕਾ ਸਿੰਜਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਸਣੇ ਹੋਰਨਾਂ ਰਾਜਸੀ ਆਗੂਆਂ ਅਤੇ ਉੱਚ ਅਧਿਕਾਰੀਆਂ ਦੇ ਨਾਂ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਸੇਖੋਂ ਪੁੱਛਗਿੱਛ ਲਈ ਸੱਦਿਆ ਗਿਆ ਸੀ। ਜਦੋਂਕਿ ਬੀਤੀ 2 ਦਸੰਬਰ ਨੂੰ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਪਾਸੋਂ ਵੀ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਗਈ ਸੀ। ਇਸ ਮਾਮਲੇ ਵਿੱਚ ਲੋੜੀਂਦੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਅਮਰੀਕਾ ਵਿੱਚ ਗਏ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਇੱਥੇ ਦੱਸਣਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ 2007-2012 ਅਤੇ 2012-2017 ਦਰਮਿਆਨ ਅਕਾਲੀ ਸਰਕਾਰ ਸਮੇਂ ਸਿੰਜਾਈ ਵਿਭਾਗ ਦੇ ਮੰਤਰੀ ਰਹੇ ਹਨ, ਜਿਨ੍ਹਾਂ ’ਤੇ ਇਸ ਘੁਟਾਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਢਿੱਲੋਂ ਅਤੇ ਸੇਖੋਂ ਦੇ ਨਾਲ-ਨਾਲ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਅਤੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਚੁੱਕੀ ਹੈ। ਉਪਰੋਕਤ ਸਿਆਸੀ ਆਗੂਆਂ ਅਤੇ ਅਫ਼ਸਰਾਂ ’ਤੇ ਠੇਕੇਦਾਰ ਕੋਲੋਂ ਕਥਿਤ ਤੌਰ ’ਤੇ ਰਿਸ਼ਵਤ ਲੈ ਕੇ ਸਿੰਜਾਈ ਵਿਭਾਗ ਵਿੱਚ ਕਰੀਬ 1200 ਕਰੋੜ ਦਾ ਕੰਮ ਦੇਣ ਦਾ ਦੋਸ਼ ਹੈ।
ਇਸ ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਸੀ ਕਿ ਸਿੰਜਾਈ ਘੁਟਾਲੇ ਵਿੱਚ 3 ਸਾਬਕਾ ਆਈਏਐਸ ਅਧਿਕਾਰੀ, ਦੋ ਸਾਬਕਾ ਕੈਬਨਿਟ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਸਮੇਂ ਵਿਜੀਲੈਂਸ ਨੇ ਅਗਸਤ 2017 ਵਿੱਚ ਇਹ ਬਿਆਨ ਦਰਜ ਕੀਤੇ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …