ਸਿੰਜਾਈ ਘੁਟਾਲਾ: ਵਿਜੀਲੈਂਸ ਵੱਲੋਂ ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਢਿੱਲੋਂ ਤੋਂ ਪੁੱਛਗਿੱਛ

ਵਿਦੇਸ਼ ਵਿੱਚ ਹੋਣ ਕਾਰਨ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਵੀ ਨਹੀਂ ਹੋਏ ਜਾਂਚ ’ਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਮੇਂ ਹੋਏ ਬਹੁ-ਕਰੋੜੀ ਸਿੰਜਾਈ ਘੁਟਾਲੇ ਸਬੰਧੀ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਭਵਨ ਦੇ ਮੁੱਖ ਦਫ਼ਤਰ ਵਿਖੇ ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ। ਵਿਜੀਲੈਂਸ ਦੀ ਜਾਂਚ ਟੀਮ ਨੇ ਢਿੱਲੋਂ ਤੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਸਵਾਲ ਜਵਾਬ ਕੀਤੇ। ਸੂਤਰ ਦੱਸਦੇ ਹਨ ਕਿ ਅਕਾਲੀ ਆਗੂ ਵੱਲੋਂ ਵਿਜੀਲੈਂਸ ਦੇ ਸਵਾਲਾਂ ਦੇ ਗੋਲ ਮੋਲ ਜਵਾਬ ਦਿੱਤੇ ਗਏ। ਜਦੋਂਕਿ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਵਿਦੇਸ਼ ਵਿੱਚ ਹੋਣ ਕਾਰਨ ਜਾਂਚ ਵਿੱਚ ਸ਼ਾਮਲ ਨਹੀਂ ਹੋ ਸਕੇ।
ਇੱਥੇ ਇਹ ਦੱਸਣਾ ਬਣਦਾ ਹੈ ਕਿ ਵਿਜੀਲੈਂਸ ਨੇ ਬੀਤੀ 29 ਨਵੰਬਰ ਨੂੰ ਵੀ ਸਾਬਕਾ ਮੰਤਰੀ ਸ਼ਰਨਜੀਤ ਢਿੱਲੋਂ ਅਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ ਪ੍ਰੰਤੂ ਉਸ ਦਿਨ ਸਾਬਕਾ ਮੰਤਰੀ ਢਿੱਲੋਂ ਨੇ ਜ਼ਰੂਰੀ ਰੁਝੇਵਿਆਂ ਦੀ ਦੁਹਾਈ ਦਿੰਦੇ ਹੋਏ ਵਿਜੀਲੈਂਸ ਤੋਂ ਚਾਰ ਦਿਨ ਦੀ ਮੋਹਲਤ ਮੰਗੀ ਗਈ ਸੀ। ਇਸ ਤਰ੍ਹਾਂ ਅੱਜ ਢਿੱਲੋਂ ਵਿਜੀਲੈਂਸ ਭਵਨ ਪਹੁੰਚੇ ਸਨ।
ਉਧਰ, ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦੇ ਵਿਦੇਸ਼ (ਅਮਰੀਕਾ) ਵਿੱਚ ਹੋਣ ਕਾਰਨ ਉਹ ਨਹੀਂ ਆ ਸਕੇ ਹਨ। ਉਨ੍ਹਾਂ ਨੂੰ ਵੀ ਦੁਬਾਰਾ ਵਸਟਅਪ ’ਤੇ ਜਾਂਚ ਵਿੱਚ ਸ਼ਾਮਲ ਹੋਣ ਦਾ ਸੁਨੇਹਾ ਲਾਇਆ ਗਿਆ ਸੀ। ਲੇਕਿਨ ਉਹ ਵਿਜੀਲੈਂਸ ਦੀ ਜਾਂਚ ਟੀਮ ਅੱਗੇ ਪੇਸ਼ ਨਹੀਂ ਹੋਏ। ਉਂਜ ਬੀਤੀ 29 ਨਵੰਬਰ ਨੂੰ ਵੀ ਕੌਸ਼ਲ ਨੇ ਨਾ ਆਉਣ ਬਾਰੇ ਵਿਜੀਲੈਂਸ ਨੂੰ ਅਗਾਊਂ ਕੋਈ ਸੂਚਨਾ ਨਹੀਂ ਦਿੱਤੀ ਸੀ।
ਸਿੰਜਾਈ ਘੁਟਾਲੇ ਦੀ ਵਿਜੀਲੈਂਸ ਵੱਲੋਂ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਸਮੇਤ ਹੋਰਨਾਂ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੁੱਖ ਸਕੱਤਰ ਸਰਵੇਸ ਕੌਸ਼ਲ ਅਤੇ ਹੋਰਨਾਂ ਰਾਜਸੀ ਆਗੂਆਂ ਅਤੇ ਉੱਚ ਅਧਿਕਾਰੀਆਂ ਦੇ ਨਾਂ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਢਿੱਲੋਂ ਅਤੇ ਕੌਸ਼ਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ।
ਇੱਥੇ ਦੱਸਣਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ 2007-2012 ਅਤੇ 2012-2017 ਦਰਮਿਆਨ ਅਕਾਲੀ ਸਰਕਾਰ ਸਮੇਂ ਸਿੰਜਾਈ ਵਿਭਾਗ ਦੇ ਮੰਤਰੀ ਰਹੇ ਹਨ, ਜਿਨ੍ਹਾਂ ’ਤੇ ਇਸ ਘੁਟਾਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਢਿੱਲੋਂ ਅਤੇ ਸੇਖੋਂ ਦੇ ਨਾਲ-ਨਾਲ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਅਤੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਚੁੱਕੀ ਹੈ। ਉਪਰੋਕਤ ਸਿਆਸੀ ਆਗੂਆਂ ਅਤੇ ਅਫ਼ਸਰਾਂ ’ਤੇ ਠੇਕੇਦਾਰ ਤੋਂ ਕਥਿਤ ਰਿਸ਼ਵਤ ਲੈ ਕੇ ਸਿੰਜਾਈ ਵਿਭਾਗ ਵਿੱਚ ਕਰੀਬ 1200 ਕਰੋੜ ਦਾ ਕੰਮ ਦੇਣ ਦਾ ਦੋਸ਼ ਹੈ।
ਇਸ ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਸੀ ਕਿ ਸਿੰਜਾਈ ਘੁਟਾਲੇ ਵਿੱਚ 3 ਸਾਬਕਾ ਆਈਏਐਸ ਅਧਿਕਾਰੀ, ਦੋ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਮੇਂ ਵਿਜੀਲੈਂਸ ਨੇ ਅਗਸਤ 2017 ਵਿੱਚ ਇਹ ਬਿਆਨ ਦਰਜ ਕੀਤੇ ਸਨ।
ਉਧਰ, ਵਿਜੀਲੈਂਸ ਭਵਨ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਪਹੁੰਚੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨਾਲ ਮੀਡੀਆ ਨੇ ਗੱਲ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਲੇਕਿਨ ਉਹ ਟਾਲਾ ਵੱਟਦੇ ਹੋਏ ਝੱਟ ਅੰਦਰ ਚਲੇ ਗਏ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …