Share on Facebook Share on Twitter Share on Google+ Share on Pinterest Share on Linkedin ਸਿੰਜਾਈ ਘੁਟਾਲਾ: ਵਿਜੀਲੈਂਸ ਵੱਲੋਂ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਤੋਂ 3 ਘੰਟੇ ਪੁੱਛ ਪੜਤਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ: ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਮੇਂ ਹੋਏ ਬਹੁ-ਕਰੋੜੀ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਸੋਮਵਾਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਭਵਨ ਵਿਖੇ ਉੱਚ ਅਧਿਕਾਰੀਆਂ ’ਤੇ ਆਧਾਰਿਤ ਜਾਂਚ ਟੀਮ ਨੇ ਸੂਬੇ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਤੋਂ ਤਕਰੀਬਨ ਢਾਈ ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਵਿਜੀਲੈਂਸ ਦੀ ਜਾਂਚ ਟੀਮ ਨੇ ਉਨ੍ਹਾਂ ਤੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਕਈ ਸਵਾਲ ਜਵਾਬ ਕੀਤੇ। ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਸਕੱਤਰ ਵੱਲੋਂ ਵਿਜੀਲੈਂਸ ਦੇ ਸਵਾਲਾਂ ਦੇ ਗੋਲ ਮੋਲ ਜਵਾਬ ਹੀ ਦਿੱਤੇ ਗਏ ਹਨ। ਹਾਲਾਂਕਿ ਵਿਜੀਲੈਂਸ ਵੱਲੋਂ ਪਹਿਲਾਂ ਵੀ ਕਈ ਵਾਰ ਸਰਵੇਸ਼ ਕੌਸ਼ਲ ਨੂੰ ਤਬਲ ਕੀਤਾ ਗਿਆ ਹੈ ਪ੍ਰੰਤੂ ਉਹ ਵਿਦੇਸ਼ ਵਿੱਚ ਹੋਣ ਕਾਰਨ ਵਿਜੀਲੈਂਸ ਦੀ ਜਾਂਚ ਟੀਮ ਅੱਗੇ ਪੇਸ਼ ਨਹੀਂ ਹੋ ਸਕੇ। ਅੱਜ ਉਹ ਆਪਣੀ ਚੁੱਪੀ ਤੋੜਦੇ ਹੋਏ ਸਵੇਰੇ 11 ਵਜੇ ਵਿਜੀਲੈਂਸ ਭਵਨ ਮੁਹਾਲੀ ਪਹੁੰਚੇ ਅਤੇ ਵਿਜੀਲੈਂਸ ਕੋਲ ਜਾਂਚ ਵਿੱਚ ਸ਼ਾਮਲ ਹੋਏ। ਵਿਜੀਲੈਂਸ ਵੱਲੋਂ ਸਿੰਜਾਈ ਘੁਟਾਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਸਮੇਤ ਹੋਰਨਾਂ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੁੱਖ ਸਕੱਤਰ ਸਰਵੇਸ ਕੌਸ਼ਲ, ਜਨਮੇਜਾ ਸਿੰਘ ਸੇਖੋਂ ਅਤੇ ਹੋਰਨਾਂ ਰਾਜਸੀ ਆਗੂਆਂ ਅਤੇ ਉੱਚ ਅਧਿਕਾਰੀਆਂ ਦੇ ਨਾਂ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਸਰਵੇਸ਼ ਕੌਸ਼ਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ। ਇਸ ਤੋਂ ਪਹਿਲਾਂ ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਅਤੇ ਖੇਤੀਬਾੜੀ ਵਿਭਾਗ ਦੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਤੋਂ ਵੀ ਵਿਜੀਲੈਂਸ ਪੁੱਛਗਿੱਛ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ 2007-2012 ਅਤੇ 2012-2017 ਦਰਮਿਆਨ ਅਕਾਲੀ ਸਰਕਾਰ ਸਮੇਂ ਸਿੰਜਾਈ ਵਿਭਾਗ ਦੇ ਮੰਤਰੀ ਰਹੇ ਹਨ, ਇਨ੍ਹਾਂ ’ਤੇ ਉਕਤ ਘੁਟਾਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਢਿੱਲੋਂ ਅਤੇ ਸੇਖੋਂ ਦੇ ਨਾਲ-ਨਾਲ ਸੀਨੀਅਰ ਆਈਏਐਸ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਅਤੇ ਕਾਹਨ ਸਿੰਘ ਪੰਨੂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਚੁੱਕੀ ਹੈ। ਉਪਰੋਕਤ ਸਿਆਸੀ ਆਗੂਆਂ ਅਤੇ ਅਫ਼ਸਰਾਂ ’ਤੇ ਠੇਕੇਦਾਰ ਤੋਂ ਕਥਿਤ ਰਿਸ਼ਵਤ ਲੈ ਕੇ ਸਿੰਜਾਈ ਵਿਭਾਗ ਵਿੱਚ ਕਰੀਬ 1200 ਕਰੋੜ ਦਾ ਕੰਮ ਦੇਣ ਦਾ ਦੋਸ਼ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਸੀ ਕਿ ਸਿੰਜਾਈ ਘੁਟਾਲੇ ਵਿੱਚ 3 ਸਾਬਕਾ ਆਈਏਐਸ ਅਧਿਕਾਰੀ, ਦੋ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਮੇਂ ਵਿਜੀਲੈਂਸ ਨੇ ਅਗਸਤ 2017 ਵਿੱਚ ਇਹ ਬਿਆਨ ਦਰਜ ਕੀਤੇ ਸਨ। ਉਧਰ, ਵਿਜੀਲੈਂਸ ਭਵਨ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਪਹੁੰਚੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨਾਲ ਮੀਡੀਆ ਨੇ ਗੱਲ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਲੇਕਿਨ ਉਹ ਟਾਲਾ ਵੱਟਦੇ ਹੋਏ ਝੱਟ ਆਪਣੀ ਗੱਡੀ ਵਿੱਚ ਬੈਠ ਕੇ ਰਵਾਨਾ ਹੋ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ