ਸਵੱਛਤਾ ਦਰਪਣ: ਮੁਹਾਲੀ ਨੂੰ ਮਿਲਿਆ ਦੇਸ਼ ਦਾ ਪਹਿਲਾ ਜ਼ਿਲ੍ਹਾ ਹੋਣ ਦਾ ਮਾਣ

ਵਿਗਿਆਨ ਭਵਨ ਨਵੀਂ ਦਿੱਲੀ ਵਿੱਚ ਹੋਏ ਸਮਾਗਮ ਵਿੱਚ ਡੀਸੀ ਮੁਹਾਲੀ ਦਿੱਤਾ ਰਾਸ਼ਟਰੀ ਸਵੱਛ ਭਾਰਤ ਪੁਰਸਕਾਰ-2017

ਸਵੱਛਤਾ ਅਭਿਆਨ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਸਪਰਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਸਾਲ ਪਹਿਲਾਂ ਦੇਸ਼ ਨੂੰ ਸਾਫ਼ ਸੁਥਰਾ ਬਣਾਉਣ ਲਈ ਸ਼ੁਰੂ ਕੀਤੀ ਸਵੱਛ ਭਾਰਤ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਆਈਏਐਸ ਅਫ਼ਸਰ ਤੋਂ ਲੈ ਕੇ ਚਪੜਾਸੀ ਤੱਕ ਸਮੇਤ ਆਮ ਨਾਗਰਿਕਾਂ ਨੇ ਆਪਣੇ ਹੱਥ ਵਿੱਚ ਝਾੜੂ ਚੁੱਕ ਕੇ ਸਵੱਛਤਾ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਹੈ। ‘ਸਵੱਛਤਾ ਦਰਪਣ’ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਨੂੰ ਦੇਸ਼ ਦਾ ਪਹਿਲਾ ਜ਼ਿਲ੍ਹਾ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਬੀਤੀ 2 ਅਕਤੂਬਰ ਨੂੰ ਗਾਂਧੀ ਜੈਅੰਤੀ ਮੌਕੇ ਵਿਗਿਆਨ ਭਵਨ ਨਵੀਂ ਦਿੱਲੀ ਵਿੱਚ ਹੋਏ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਸੈਨੀਟੇਸ਼ਨ ਵਿਭਾਗ ਦੇ ਰਾਜ ਮੰਤਰੀ ਐਸ.ਐਸ. ਆਹਲੂਵਾਲੀਆ ਵੱਲੋਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ‘ਰਾਸ਼ਟਰੀ ਸਵੱਛ ਭਾਰਤ ਪੁਰਸਕਾਰ,-2017’ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੁਲਾਈ ਵਿੱਚ ਸਵੱਛਤਾ ਵਿਸ਼ਲੇਸ਼ਣ ਦੌਰਾਨ ਮੁਹਾਲੀ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਆਇਆ ਸੀ। ਇਸ ਸਬੰਧੀ ਮੁਹਾਲੀ ਨਗਰ ਨਿਗਮ ਨੂੰ ਐਵਾਰਡ ਦੇ ਕੇ ਨਿਵਾਜਿਆ ਗਿਆ ਸੀ।
ਪੇਂਡੂ ਖੇਤਰ ਨੂੰ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਤੋਂ ਮੁਕਤ ਕਰਨ ਲਈ 2 ਅਕਤੂਬਰ 2014 ਨੂੰ ਸ਼ੁਰੂ ਕੀਤੇ ਗਏ ‘ਸਵੱਛ ਭਾਰਤ ਮਿਸ਼ਨ (ਗ੍ਰਾਮੀਣ)’ ਅਧੀਨ ਸ਼ੁਰੂ ਕੀਤੀ ਸਵੱਛਤਾ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ 349 ਪਿੰਡਾਂ ਨੂੰ ਖੁੱਲ੍ਹੇ ਵਿੱਚ ਪਾਖਾਨੇ ਜਾਣ ਤੋਂ ਮੁਕਤ ਕੀਤਾ ਗਿਆ ਹੈ। ‘ਸਵੱਛ ਭਾਰਤ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ ਲੋਕਾਂ ਦੇ ਵਿਵਹਾਰ ਵਿੱਚ ਤਬਦੀਲੀ ਲਿਆਉਣ ਦੇ ਨਾਲ, ਨਾਲ ਪਾਖਾਨਿਆਂ ਦੀ ਉਸਾਰੀ ਅਤੇ ਲੋਕਾਂ ਨੂੰ ਇਨ੍ਹਾਂ ਦੀ ਵਰਤੋਂ ਯਕੀਨੀ ਬਣਾਉਣ ਲਈ ਵੱਖ ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਗਿਆ ਹੈ। ਭਾਰਤ ਸਰਕਾਰ ਦੇ ਜਲ ਸਪਲਾਈ ਤੇ ਸਵੱਛਤਾ ਮੰਤਰਾਲੇ ਵੱਲੋਂ ਜੁਲਾਈ 2017 ਤੋਂ ਸਵੱਛਤਾ ਦਰਪਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਜਿਸ ਵਿੱਚ ਸਾਰੇ ਜ਼ਿਲ੍ਹਿਆਂ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦਾ ਮੁਲਾਂਕਣ ਕੀਤਾ ਗਿਆ। ਜਿਸ ਵਿੱਚ ਨਿੱਜੀ ਘਰਾਂ ਵਿੱਚ ਬਣੇ ਪਖਾਨਿਆਂ ਦੀ ਕਵਰੇਜ, ਓਡੀਐਫ ਕਵਰੇਜ, ਓਡੀਐਫ ਕਵਰੇਜ ਮਿਸਿੰਗ ਹਾਊਸ ਹੋਲਡ, ਨਾ ਵਰਤੋਂ ਯੋਗ ਪਖਾਨੇ ਚਾਲੂ ਕਰਨ ਦੇ 50 ਨੰਬਰ, ਓਡੀਐਫ ਨੂੰ ਲਗਾਤਾਰ ਬਰਕਰਾਰ ਰੱਖਣ ਦੇ 15 ਨੰਬਰ ਅਤੇ ਕੰਮ ਦੀ ਪਾਰਦਰਸ਼ਤਾ ਦੇ 25 ਨੰਬਰ (ਕੁੱਲ 90 ਨੰਬਰ) ਰੱਖੇ ਗਏ ਸਨ। ਇਨ੍ਹਾਂ ਸਾਰੀਆਂ ਗਤੀਵਿਧੀਆਂ ਨੂੰ ਮੁਕੰਮਲ ਕਰਕੇ 90 ’ਚੋਂ 90 ਅੰਕ ਪ੍ਰਾਪਤ ਕਰਕੇ ਕੌਮੀ ਪੱਧਰ ’ਤੇ ਜ਼ਿਲ੍ਹਾ ਮੁਹਾਲੀ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਭਾਵੇਂ ਕਿ ਏਨੀ ਜਲਦੀ ਜ਼ਿਲ੍ਹੇ ਨੂੰ ਦੇਸ਼ ਦੇ ਹੋਰਨਾਂ ਜ਼ਿਲ੍ਹਿਆਂ ਤੋਂ ਅੱਗੇ ਲੈ ਕੇ ਜਾਣਾ ਕੋਈ ਸੌਖਾ ਕੰਮ ਨਹੀਂ ਸੀ ਪ੍ਰੰਤੂ ਜਾਗਰੂਕ ਲੋਕਾਂ, ਪਿੰਡਾਂ ਦੀਆਂ ਪੰਚਾਇਤਾਂ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਮੋਟੀਵੇਟਰਾਂ ਵੱਲੋਂ ਕੀਤੇ ਗਏ ਸ਼ਲਾਘਾਯੋਗ ਯਤਨਾਂ ਸਦਕਾ ਹੀ ਜ਼ਿਲ੍ਹੇ ਨੂੰ ਇਹ ਮਾਣ ਹਾਸਲ ਹੋਇਆ ਹੈ। ਉਨ੍ਹਾਂ ਸਵੱਛਤਾ ਅਭਿਆਨ ਵਿੱਚ ਯੋਗਦਾਨ ਪਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਵੱਛ ਭਾਰਤ ਗ੍ਰਾਮੀਣ ਮਿਸ਼ਨ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡਾਂ ਵਿੱਚ 13 ਹਜ਼ਾਰ 784 ਪਾਖਾਨੇ ਬਣਾਏ ਗਏ ਅਤੇ ਹਰੇਕ ਲਾਭਪਾਤਰੀ ਨੂੰ 15 ਹਜ਼ਾਰ ਰੁਪਏ ਪਾਖਾਨਾ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਣਾਏ ਗਏ ਬਾਥ-ਕਮ-ਟਾਇਲਟ ਦੇ ਮਾਡਲ ਨੂੰ ਵੱਡੀ ਪੱਧਰ ’ਤੇ ਸਲਾਹਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਕਿ ਸਵੱਛਤਾ ਦਰਪਣ ਵਿੱਚ ਮੁਹਾਲੀ ਦੇਸ਼ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਪ੍ਰੰਤੂ ਇਸ ਨੂੰ ਬਰਕਰਾਰ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਹਮੇਸ਼ਾ ਲੋੜ ਰਹੇਗੀ। ਇਸ ਲਈ ਸਾਨੂੰ ਆਪਣੇ ਘਰਾਂ ਤੇ ਦਫ਼ਤਰਾਂ ਅਤੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…