ਕੀ ਇਸ ਤਰ੍ਹਾਂ ਦੀ ਹੋਵੇਗੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨਵੀਂ ਵਜ਼ਾਰਤ, ਕਿਹੜੇ ਪੁਰਾਣੇ ਮੰਤਰੀਆਂ ਦੀ ਹੋਵੇਗੀ ਛੁੱਟੀ?

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਪਰਿਵਾਰ ਨੂੰ ਵੀ ਮਿਲੇਗੀ ਯੋਗ ਨੁਮਾਇੰਦਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਸਤੰਬਰ:
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾਂ ਗਾਂਧੀ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਨਵੇਂ ਮੰਤਰੀ ਮੰਡਲ ਦਾ ਗਠਨ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਦੀ ਅਨੁਸਾਰ ਨਵੇਂ ਮੰਤਰੀ ਮੰਡਲ ਵਿੱਚ 7 ਨਵੇਂ ਚਿਹਰੇ ਸ਼ਾਮਲ ਗਏ ਹਨ ਜਦੋਂਕਿ ਪੰਜ ਪੁਰਾਣੇ ਕੈਬਨਿਟ ਮੰਤਰੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਨਵੀਂ ਕੈਬਨਿਟ ਬਣਾਉਣ ਵਿੱਚ ਨਵਜੋਤ ਸਿੱਧੂ ਦੀ ਭੂਮਿਕਾ ਵੀ ਅਹਿਮ ਮੰਨੀ ਜਾ ਰਹੀ ਹੈ।
ਚੰਨੀ ਦੀ ਵਜ਼ਾਰਤ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਚਿਹਰਿਆਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨੇੜਲੇ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੱਟੜ ਵਿਰੋਧੀ ਪ੍ਰਗਟ ਸਿੰਘ ਸਮੇਤ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਸਿੰਘ ਕੋਟਲੀ, ਰਾਣਾ ਗੁਰਜੀਤ ਸਿੰਘ, ਰਾਜਾ ਵੜਿੰਗ ਆਦਿ ਸ਼ਾਮਲ ਦੱਸੇ ਜਾ ਰਹੇ ਹਨ। ਬੇਅੰਤ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਣਦੇਖੀ ਦਾ ਸ਼ਿਕਾਰ ਰਿਹਾ ਹੈ। ਵੈਸੇ ਵਿਧਾਇਕ ਰਾਕੇਸ਼ ਪਾਂਡੇ ਅਤੇ ਕਾਕਾ ਰਣਦੀਪ ਸਿੰਘ ਦੇ ਨਾਂਅ ਦੀ ਵੀ ਚਰਚਾ ਛਿੜੀ ਹੋਈ ਹੈ।
ਮੁੱਖ ਮੰਤਰੀ ਚਰਨਜੀਤ ਚੰਨੀ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਲਈ ਪੰਜਾਬ ਦੇ ਰਾਜਪਾਲ ਕੋਲ ਪਹੁੰਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭਲਕੇ ਐਤਵਾਰ ਨੂੰ ਪੰਜਾਬ ਦੀ ਨਵੀਂ ਕੈਬਨਿਟ ਨੂੰ ਸਹੁੰ ਚੁਕਾਈ ਜਾਵੇਗੀ। ਜਦੋਂਕਿ ਮੁੱਖ ਮੰਤਰੀ ਚੰਨੀ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਪਹਿਲਾਂ ਹੀ ਦੋ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ। ਸੂਤਰ ਵੀ ਦੱਸਦੇ ਹਨ ਕਿ ਭਾਵੇਂ ਨਵੇਂ ਮੰਤਰੀ ਮੰਡਲ ਦੀ ਰੂਪਰੇਖਾ ਤਿਆਰ ਕਰ ਲਈ ਗਈ ਹੈ ਪ੍ਰੰਤੂ ਸਹੁੰ ਚੁੱਕ ਸਮਾਗਮ ਤੱਕ ਤਬਦੀਲੀ ਵੀ ਹੋ ਸਕਦੀ ਹੈ। ਕਿਉਂਕਿ ਰਾਜਨੀਤੀ ਵਿੱਚ ਕੁੱਝ ਵੀ ਸੰਭਵ ਹੈ, ਜਿਵੇਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵੇਲੇ ਪਹਿਲਾਂ ਸੁਖਜਿੰਦਰ ਰੰਧਾਵਾ ਦੇ ਘਰ ਢੋਲ ਵੱਜਣੇ ਅਤੇ ਜਸ਼ਨ ਮਨਾਉਣੇ ਸ਼ੁਰੂ ਹੋ ਗਏ ਸੀ ਪ੍ਰੰਤੂ ਐਨ ਮੌਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ। ਇਵੇਂ ਨਵੇਂ ਮੰਤਰੀ ਮੰਡਲ ਵਿੱਚ ਅਜਿਹਾ ਕੁੱਝ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ।
ਪੁਰਾਣੇ ਮੰਤਰੀਆਂ ’ਚੋਂ ਕੈਪਟਨ ਵਜ਼ਾਰਤ ਵਿੱਚ ਵਿੱਤ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸੂ, ਰਜੀਆ ਸੁਲਤਾਨਾ, ਅਰੁਣਾ ਚੌਧਰੀ, ਵਿਜੈ ਇੰਦਰ ਸਿੰਗਲਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਦੁਬਾਰਾ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।

ਉਧਰ, ਕੈਪਟਨ ਵਜ਼ਾਰਤ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ, ਮਾਲ ਮੰਤਰੀ ਰਹੇ ਗੁਰਪ੍ਰੀਤ ਸਿੰਘ ਕਾਂਗੜ, ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ, ਉਦਯੋਗ ਮੰਤਰੀ ਰਹੇ ਸ਼ਾਮ ਸੁੰਦਰ ਅਰੋੜਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਪੰਜਾਬ ਵਜ਼ਾਰਤ ’ਚੋਂ ਛੁੱਟੀ ਕੀਤੇ ਜਾਣ ਦੇ ਚਰਚੇ ਜ਼ੋਰਾਂ ’ਤੇ ਹਨ। ਰਾਣਾ ਸੋਢੀ ਨੂੰ ਛੱਡ ਕੇ ਬਾਕੀ ਇਨ੍ਹਾਂ ਪੁਰਾਣੇ ਮੰਤਰੀਆਂ ’ਤੇ ਕਥਿਤ ਤੌਰ ’ਤੇ ਗੰਭੀਰ ਦੋਸ਼ ਲਗਦੇ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਆਪਣੇ ਇਨ੍ਹਾਂ ਸਾਥੀਆਂ ਨੂੰ ਬਚਾਉਣ ਲਈ ਪੂਰੀ ਸਹਿ ਦਿੰਦੇ ਰਹੇ ਹਨ। ਉਂਜ ਹੁਣ ਤੱਕ ਇਨ੍ਹਾਂ ਦਾਗੀ ਮੰਤਰੀਆਂ ਨੂੰ ਕਿਸੇ ਵਿਸ਼ੇਸ਼ ਜਾਂਚ ਟੀਮ ਨੇ ਕਥਿਤ ਤੌਰ ’ਤੇ ਉਨ੍ਹਾਂ ਖ਼ਿਲਾਫ਼ ਲਗਾਏ ਦੋਸ਼ਾਂ ਸਬੰਧੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਵੀ ਨਹੀਂ ਠਹਿਰਾਇਆ ਗਿਆ ਹੈ। ਵੈਸੇ ਵਿਰੋਧੀਆਂ ਵੱਲੋਂ ਧਰਨੇ ਮੁਜ਼ਾਹਰੇ ਜ਼ਰੂਰ ਕੀਤੇ ਜਾਂਦੇ ਰਹੇ ਹਨ ਅਤੇ ਕਈ ਮੰਤਰੀਆਂ ਦੇ ਕਾਰਨਾਮੇ ਮੀਡੀਆ ਦੀ ਜ਼ਰੂਰ ਸੁਰਖ਼ੀਆ ਬਣਦੇ ਰਹੇ ਹਨ।

Load More Related Articles
Load More By Nabaz-e-Punjab
Load More In Agriculture & Forrest

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…