ਮ੍ਰਿਤਕ ਹੋਮਗਾਰਡ ਜਵਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਵਿਧਾਨ ਸਭਾ ਤੇ ਲੋਕ ਸਭਾ ਵਿੱਚ ਚੁੱਕਾਂਗੇ: ਸੰਧੂ

ਮੁਹਾਲੀ ਵਿੱਚ ਮ੍ਰਿਤਕ ਹੋਮਗਾਰਡ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਧਰਨਾ 17ਵੇਂ ਦਿਨ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਸਥਾਨਕ ਫੇਜ਼ 8 ਦੀ ਦੁਸ਼ਹਿਰਾ ਗਰਾਉਂਡ ਵਿਖੇ ਪਿਛਲੇ 17 ਦਿਨਾਂ ਤੋਂ ਪੰਜਾਬ ਹੋਮਗਾਰਡ ਮ੍ਰਿਤਕ ਪਰਿਵਾਰਿਕ ਮੈਂਬਰ ਯੂਨੀਅਨ, ਪੰਜਾਬ ਵੱਲੋਂ ਆਪਣੀਆਂ ਮੰਗਾਂ ਸਬੰਧੀ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਠੰਡ ਦੇ ਬਾਵਜੂਦ ਜਾਰੀ ਰਿਹਾ। ਅੱਜ ਇਸ ਧਰਨੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਰੜ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ੍ਰੀ ਕੰਵਰ ਸੰਧੂ ਵਿਸ਼ੇਸ ਤੌਰ ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਕੰਵਰ ਸੰਧੂ ਨੇ ਕਿਹਾ ਕਿ ਉਹ ਪੰਜਾਬ ਹੋਮਗਾਰਡ ਮ੍ਰਿਤਕ ਪਰਿਵਾਰਿਕ ਮੈਂਬਰ ਯੂਨੀਅਨ ਦੇ ਪਰਿਵਾਰਾਂ ਦੀ ਮੰਗ ਦਾ ਸਮਰੱਥਨ ਕਰਦੇ ਹਨ ਅਤੇ ਪਾਰਟੀ ਵਲੋੱ ਇਹ ਮਾਮਲਾ ਪਾਰਟੀ ਪ੍ਰਧਾਨ ਭਗਵੰਤ ਮਾਨ ਐਮਪੀ ਹਲਕਾ ਸੰਗਰੂਰ ਵੱਲੋਂ ਲੋਕ ਸਭਾ ਵਿੱਚ ਵੀ ਚੁੱਕਿਆ ਜਾਵੇਗਾ।
ਇਸ ਮੌਕੇ ਸ੍ਰੀ ਸੰਧੂ ਨੇ ਕਿਹਾ ਕਿ ਸਾਲ 2007 ਤੋੱ ਲੈ ਕੇ ਸਾਲ 2018 ਤੱਕ ਪੰਜਾਬ ਵਿਚ ਡਿਊਟੀ ਦੌਰਾਨ ਤਕਰੀਬਨ 1000 ਹੋਮ ਗਾਰਡ ਦੇ ਜਵਾਨ ਸ਼ਹੀਦ ਹੋ ਚੁੱਕੇ ਹਨ ਤੇ ਕੁੱਝ ਦੀ ਡਿਊਟੀ ਦੌਰਾਨ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਯੋਗਤਾ ਅਨੁਸਾਰ ਨੌਕਰੀ ਦੇਣ ਸਬੰਧੀ ਬਾਦਲ ਸਰਕਾਰ ਵਲੋੱ ਜਾਣ ਸਮੇਂ ਸਾਲ 2016 ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਦਾ ਕਰੀਬ 1 ਸਾਲ ਪੂਰਾ ਹੋਣ ਦੇ ਬਾਵਜੂਦ ਵੀ ਕਿਸੇ ਵੀ ਮੈਂਬਰ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਜਿਸ ਕਾਰਨ ਇਨ੍ਹਾਂ ਸਬੰਧਿਤ ਪਰਿਵਾਰਾਂ ਨੂੰ ਇਥੇ ਕੜਾਕੇ ਦੀ ਠੰਢ ਵਿਚ ਮੁਹਾਲੀ ਵਿਖੇ ਲਗਾਤਾਰ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਡੀਜੀਪੀ ਹੋਮਗਾਰਡ ਵੀ ਕੋਈ ਸੁਣਵਾਈ ਨਹੀੱ ਕਰ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਇਸ ਅਹੁਦੇ ਤੋੱ ਫਾਰਗ ਕਰ ਦੇਣਾ ਚਾਹੀਦਾ ਹੈ।
ਸ੍ਰੀ ਸੰਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸੇ ਵੀ ਜਵਾਨ ਦੀ ਨੌਕਰੀ ਦੌਰਾਨ ਮੌਤ ਹੋਣ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸਿਰਫ 32,000/- ਰੁਪਏ ਸਹਾਇਤਾ ਦਿੱਤੀ ਜਾਂਦੀ ਹੈ ਜੋ ਕਿ ਉਨ੍ਹਾਂ ਨਾਲ ਇਕ ਧੱਕੇਸ਼ਾਹੀ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਬਾਵਜੂਦ ਸਰਕਾਰ ਵੱਲੋਂ ਇਸ ਮਹਿਕਮੇ ਦੇ ਮੁਲਾਜ਼ਮਾਂ ਨੂੰ ਕੋਈ ਸਰਕਾਰੀ ਸਹੂਲਤ ਨਹੀਂ ਦਿੱਤੀ ਜਾ ਰਹੀ ਤੇ ਨਾ ਹੀ ਤਨਖਾਹਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ।
ਸ੍ਰੀ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਖਾੜਕੂਵਾਦ ਸਮੇਂ ਵੀ ਹੋਮਗਾਰਡ ਜਵਾਨਾਂ ਵੱਲੋਂ ਪੰਜਾਬ ਪੁਲੀਸ ਵਾਂਗ ਸਖਤ ਡਿਊਟੀਆਂ ਦਿੱਤੀਆਂ ਗਈਆਂ ਤੇ ਕਾਫੀ ਜਵਾਨ ਅਤਿਵਾਦ ਦਾ ਸ਼ਿਕਾਰ ਹੋਏ ਪਰ ਸਰਕਾਰ ਵਲੋੱ ਅੱਜ ਤੱਕ ਇਸ ਮਹਿਕਮੇ ਦੇ ਜਵਾਨਾਂ ਨੂੰ ਪੈਨਸ਼ਨ ਆਦਿ ਲਈ ਕੋਈ ਨਿਯਮ ਨਹੀਂ ਬਣਾਇਆ ਗਿਆ। ਸ੍ਰੀ ਸੰਧੂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਯੋਗਤਾ ਅਨੁਸਾਰ ਤੁਰੰਤ ਨੌਕਰੀ ਮਿਲਣੀ ਚਾਹੀਦੀ ਹੈ ਅਤੇ ਮਹਿਕਮੇ ਵਿਚ ਯੋਗਤਾ ਅਤੇ ਸੀਨੀਆਰਤਾ ਅਨੁਸਾਰ ਤਰੱਕੀਆਂ ਵੀ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਮੌਜੂਦਾ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਹਰ ਘਰ ਵਿਚ ਨੌਕਰੀ ਦੇਣ ਦੀ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਕਾਨੂੰਨ ਅਨੁਸਾਰ ਇਨ੍ਹਾਂ ਪਰਿਵਾਰਾਂ ਨੂੰ ਮਿਲਦਾ ਹੱਕ ਵੀ ਦੇਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋੱ ਪਹਿਲਾਂ ਖੁਦ ਮੁੱਖ ਮੰਤਰੀ ਅਤੇ ਕਾਂਗਰਸੀ ਆਗੂਆਂ ਨੇ ਹੋਮ ਗਾਰਡ ਦੇ ਪਰਿਵਾਰਾਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਮੰਨਣ ਸਬੰਧੀ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਸਰਕਾਰ ਦਾ ਕੋਈ ਵੀ ਨੁਮਾਇੰਦਾ ਜਾਂ ਕੋਈ ਸਰਕਾਰੀ ਅਧਿਕਾਰੀ ਇਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਵੀ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਵਲੋੱ ਕਾਂਗਰਸ ਦੇ ਕਈ ਵਿਧਾਇਕਾਂ ਤੋਂ ਲਿਖਾ ਕੇ ਮੁੱਖ ਮੰਤਰੀ ਦੇ ਓਐਸਡੀ ਨੂੰ ਇਕ ਪੱਤਰ ਵੀ ਦਿੱਤਾ ਜਾ ਚੁੱਕਾ ਹੈ ਪਰ ਸਰਕਾਰ ਵੱਲੋਂ ਅੱਜ ਤੱਕ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੋਮ ਗਾਰਡ ਜਵਾਨਾਂ ਦੀ ਸੇਵਾਮੁਕਤੀ ਦੀ ਉਮਰ ਪੰਜਾਬ ਪੁਲਿਸ ਦੀ ਤਰ੍ਹਾਂ 58 ਸਾਲ ਤੋਂ 60 ਸਾਲ ਹੋਣੀ ਚਾਹੀਦੀ ਹੈ ਤੇ ਇਨ੍ਹਾਂ ਨੂੰ ਵੀ ਪੁਲੀਸ ਦੇ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਜਸਪਾਲ ਸਿੰਘ ਦੱਪਰ, ਹੋਮਗਾਰਡ ਯੂਨੀਅਨ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਪੱਟੀ, ਜਨਰਲ ਸਕੱਤਰ ਆਗਿਆਪਾਲ ਸਿੰਘ, ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ, ਜੋਧ ਸਿੰਘ, ਖਜ਼ਾਨਚੀ ਗੁਰਪ੍ਰੀਤ ਸਿੰਘ, ਸੁਖਚੈਨ ਕੌਰ, ਰਜਵੰਤ ਕੌਰ, ਬਲਵਿੰਦਰ ਕੌਰ, ਅੰਜੂ ਬਾਲਾ, ਗੁਰਦੀਪ ਸਿੰਘ ਨੰਬਰਦਾਰ, ਰਵਿੰਦਰ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…