ਇਤਿਹਾਸਕ ਗੁਰਦੁਆਰਾ ਚੱਪੜਚਿੜੀ ਦੇ ਨਾਂ ’ਤੇ ਪਰਚੀਆਂ ਛਪਵਾ ਮਾਇਆ ਇਕੱਠੀ ਕਰਨ ਦਾ ਵਿਵਾਦ ਭਖਿਆ

ਨਿਊਜ਼ ਡੈਸਕ
ਮੁਹਾਲੀ, 8 ਦਸੰਬਰ
ਇੱਥੋਂ ਦੇ ਨੇੜਲੇ ਪਿੰਡ ਚੱਪੜਚਿੜੀ ਕਲਾਂ ਦੀ ਜ਼ਮੀਨ ਵਿੱਚ ਸਿੱਖ ਕੌਮ ਦੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਦੀ ਯਾਦ ਵਿੱਚ ਉਸਾਰੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਪਰਚੀਆਂ ਛਪਵਾ ਕੇ ਮਾਇਆ ਇਕੱਠੀ ਕਰਨ ਦਾ ਵਿਵਾਦ ਭਖ ਗਿਆ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ।
ਇਹ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗੁਰਮੇਲ ਸਿੰਘ ਚੱਪੜਚਿੜੀ ਨੇ ਦੱਸਿਆ ਕਿ ਇਲਾਕੇ ਦੀ ਸੰਗਤ ਨੇ ਗੁਰਦੁਆਰਾ ਕਮੇਟੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁੱਝ ਵਿਅਕਤੀ ਗੁਰੂ ਘਰ ਦੇ ਨਾਂ ’ਤੇ ਪਰਚੀਆਂ ਛਪਵਾ ਕੇ ਮਾਇਆ ਇਕੱਠੀ ਕਰ ਰਹੇ ਹਨ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਇਲਾਕਾ ਵਾਸੀਆਂ ਅਤੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰ ਦੇ ਨਾਂ ’ਤੇ ਕਿਸੇ ਵੀ ਵਿਅਕਤੀ ਨੂੰ ਰਾਸ਼ਨ ਅਤੇ ਮਾਇਆ ਨਾ ਦਿੱਤੀ ਜਾਵੇ ਤਾਂ ਜੋ ਮਾਇਆ ਅਤੇ ਰਾਸ਼ਨ ਦੀ ਦੁਰਵਰਤੋਂ ਰੋਕੀ ਜਾ ਸਕੇ।
ਉਧਰ, ਗੁਰਦੁਆਰਾ ਕਮੇਟੀ ਦੇ ਆਗੂਆਂ ਅਤੇ ਗਰਾਮ ਪੰਚਾਇਤ ਨੇ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਉਕਤ ਘਟਨਾਕ੍ਰਮ ਤੋਂ ਜਾਣੂ ਕਰਵਾਇਆ। ਇਸ ਮੌਕੇ ਸਰਪੰਚ ਸੋਹਨ ਸਿੰਘ, ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਨੇ ਪ੍ਰੋ ਬਡੂੰਗਰ ਤੋਂ ਮੰਗ ਕੀਤੀ ਕਿ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਬਾਬਾ ਬੰਦਾ ਸਿੰਘ ਬਹਾਦਰ ਦਾ ਸਮੁੱਚਾ ਪ੍ਰਬੰਧ ਸ਼੍ਰੋਮਣੀ ਕਮੇਟੀ ਅਧੀਨ ਲਿਆ ਜਾਵੇ ਅਤੇ ਸੰਗਤ ਦੀ ਸਹੂਲਤ ਲਈ ਵਾਹਨ ਪਾਰਕਿੰਗ ਅਤੇ ਲੰਗਰ ਹਾਲ ਦੀ ਉਸਾਰੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਐਸਜੀਪੀਸੀ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਕ ਨਹੀਂ ਭੇਜਿਆ ਜਾਂਦਾ। ਉਦੋਂ ਤੱਕ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਉਗਰਾਹੀ ਕਰਨ ਤੋਂ ਰੋਕਿਆ ਜਾਵੇ। ਜੇਕਰ ਕੋਈ ਵਿਅਕਤੀ ਉਗਰਾਹੀ ਕਰਦਾ ਫੜਿਆ ਜਾਵੇ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਪੜਚਿੜੀ ਵਿੱਚ ਜੰਗੀ ਯਾਦਗਾਰ ਬਣਾਉਣ ਤੋਂ ਬਾਅਦ ਇੱਥੇ ਦੇਸ਼-ਵਿਦੇਸ਼ ’ਚੋਂ ਸੰਗਤ ਦਾ ਆਉਣਾ ਜਾਣਾ ਸ਼ੁਰੂ ਹੋ ਗਿਆ ਹੈ ਅਤੇ ਸੰਗਤ ਫਤਹਿ ਮੀਨਾਰ ਦੇ ਦਰਸ਼ਨ ਦੀਦਾਰੇ ਕਰਨ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿੱਚ ਵੀ ਨਤਮਸਤਕ ਹੁੰਦੇ ਹਨ ਅਤੇ ਚੜ੍ਹਾਵਾ ਵੀ ਚੜ੍ਹਦਾ ਹੈ। ਸੰਗਤ ਦਾ ਪੈਸਾ ਸਹੀ ਤਰੀਕੇ ਨਾਲ ਇਸਤੇਮਾਲ ਹੋਵੇ। ਇਸ ਕਾਰਨ ਹੀ ਉਹ ਗੁਰਦੁਆਰਾ ਸਾਹਿਬ ਦਾ ਸਮੁੱਚਾ ਪ੍ਰਬੰਧ ਐਸਜੀਪੀਸੀ ਨੂੰ ਸੌਂਪਣਾ ਚਾਹੁੰਦੇ ਹਨ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਨੇ ਮੰਗ ਕੀਤੀ ਕਿ ਇੱਥੇ ਸਿੱਖ ਲਾਇਬਰੇਰੀ ਅਤੇ ਸੰਗਤ ਦੇ ਠਹਿਰਨ ਲਈ ਸਰਾਂ ਬਣਾਈ ਜਾਵੇ ਅਤੇ ਮੁਹਾਲੀ ਅਤੇ ਲਾਂਡਰਾਂ ਮਾਰਗ ਤੋਂ ਜੰਗੀ ਯਾਦਗਾਰ ਅਤੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਲਿੰਕ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…