ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਐਸਜੀਪੀਸੀ ਅਤੇ ਅਕਾਲੀ ਵਰਕਰਾਂ ਨੇ ਕੀਤਾ ਵਿਸ਼ਾਲ ਰੋਸ ਮਾਰਚ

ਐਸਜੀਪੀਸੀ ਅਤੇ ਅਕਾਲੀ ਦਲ ਦੇ ਆਗੂਆਂ ਨੇ ਡੀਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸਿੱਖ ਕੈਦੀਆਂ ਨੂੰ ਰਿਹਾਅ ਨਾ ਕਰਕੇ ਸਰਕਾਰਾਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਦੌਰਾਨ ਹੋਰਨਾਂ ਧਾਰਮਿਕ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ।
ਸਿੱਖ ਆਗੂਆਂ ਨੇ ਡੀਸੀ ਦਫ਼ਤਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਕਾਨੂੰਨ ਮੁਤਾਬਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦਾ ਉਹ ਬਿਆਨ ਚੇਤੇ ਕਰਵਾਇਆ ਜਿਸ ਰਾਹੀਂ ਪ੍ਰਧਾਨ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਹਾਲੇ ਤੱਕ ਕਿਸੇ ਸਿੱਖ ਕੈਦੀ ਨੂੰ ਰਿਹਾਅ ਨਹੀਂ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਬੇਗਾਨਿਆਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਇਸ ਦੀ ਮਿਸਾਲ ਤਿੰਨ ਦਹਾਕਿਆਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਹਨ, ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਸਮੁੱਚੇ ਸਿੱਖਾਂ ਲਈ ਮੌਜੂਦਾ ਹੁਕਮਰਾਨਾਂ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਇਹ ਉਹ ਬੰਦੀ ਸਿੱਖ ਹਨ, ਜਿਨ੍ਹਾਂ ਨੇ 1984 ਵਿੱਚ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਗੁਰਧਾਮਾਂ ’ਤੇ ਫੌਜੀ ਹਮਲਿਆਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਸੰਘਰਸ਼ ਦਾ ਰਾਹ ਚੁਣਿਆ ਸੀ। ਇਨ੍ਹਾਂ ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰਕੇ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਇਸ ਮੌਕੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਯੂਥ ਅਕਾਲੀ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ, ਮਨਜੀਤ ਸਿੰਘ ਮੁੰਧੋਸੰਗਤੀਆਂ, ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

Load More Related Articles

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ ਸ਼ਿਕਾਇਤਕਰਤਾ ਅਨੁਸਾਰ ਐਸਐਚਓ…