ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੇ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ

ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਫਰਵਰੀ:
ਪੰਜਾਬ ਵਿਧਾਨ ਸਭਾ ਚੋਣਾਂ 2017 ਲਈ 4 ਫਰਵਰੀ 2017 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 2 ਫਰਵਰੀ 2017 ਸ਼ਾਮ 5 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਮੂਹ ਜ਼ਿਲ੍ਹਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਵੀ.ਕੇ. ਸਿੰਘ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ। ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਜਿਲ੍ਹਾਂ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ। ਇਸ ਸਬੰਧੀ ਚੋਣ ਅਮਲ ਵਿੱਚ ਲੱਗਿਆ ਪ੍ਰਸ਼ਾਸਨ ਸਮੁੱਚੀਆਂ ਪਾਰਟੀਆਂ ਇਸ ਸਬੰਧੀ ਚਿਤਾਵਾਨੀ ਦੇ ਦੇਵੇ ਤਾਂ ਜੋ ਇਨ੍ਹਾਂ ਹੁਕਮਾਂ ਦੀ ਪਾਲਣਾ ਹੋ ਸਕੇ।
ਸ੍ਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਇਨ੍ਹਾਂ ਹੁਕਮਾ ਦੇ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰ੍ਹਾਂ ਦੀ ਥਾਵਾਂ ਦੀ ਚੈਕਿੰਗ ਕਰਨਗੇ ਅਤੇ ਇਨ੍ਹਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ’ਤੇ ਨਿਗਾਹ ਰੱਖਣਗੇ। ਉਨ੍ਹਾਂ ਅੱਗੇ ਦੱਸਿਆ ਕਿ ਵਿਅਕਤੀ/ਸਮੂਹ ਦੀ ਪਹਿਚਾਣ ਕਰਨ ਲਈ ਅਤੇ ਇਹ ਯਕੀਨੀ ਬਣਾਉਣ ਲਈ ਕਿ ਉਹ ਉਸੇ ਵਿਧਾਨ ਸਭਾ ਹਲਕੇ ਦੇ ਰਹਿਣ ਵਾਲੇ ਹਨ, ਲਈ ਸ਼ਨਾਖਤੀ ਪੱਤਰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾਂ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਵੇਗਾ ਜਿਨ੍ਹਾਂ ਰਾਜਨੀਤਿਕ ਆਗੂਆਂ ਨੂੰ ਪੁਲਿਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ ਉਹ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾ ਸਮਾਪਤ ਹੋਣ ਤੋਂ ਬਾਅਦ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੇ ਨਿਸ਼ਚਿਤ ਸਮੇਂ ਤੱਕ ਜਿਸ ਹਲਕੇ ਵਿੱਚ ਉਨ੍ਹਾਂ ਦੀ ਵੋਟ ਬਣੀ ਹੈ, ਉਥੇ ਹੀ ਰਹਿਣਗੇ। ਇਹ ਹੁਕਮ ਚੋਣ ਲੜ ਰਹੇ ਉਮੀਦਵਾਰਾਂ ’ਤੇ ਲਾਗੂ ਨਹੀਂ ਹੋਣਗੇ। ਬੁਲਾਰੇ ਨੇ ਕਿਹਾ ਕਿ ਚੋਣ ਲੜ ਰਹੀਆਂ ਪਾਰਟੀਆਂ ਦੇ ਰਾਜ ਇਕਾਈ ਦੇ ਇੰਚਾਰਜ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ ਪ੍ਰੰਤੂ ਉਹ ਇਸ ਸਮੇਂ ਦੌਰਾਨ ਪਾਰਟੀ ਦੇ ਰਾਜ ਮੁੱਖ ਦਫ਼ਤਰ ਅਤੇ ਆਪਣੇ ਰਿਹਾਇਸ਼ੀ ਸਥਾਨ ਜਿਸ ਬਾਰੇ ਕਿ ਉਸ ਵੱਲੋਂ ਜ਼ਿਲ੍ਹਾਂ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਹੋਵੇ ਦਰਮਿਆਨ ਹੀ ਆਉਣ ਜਾਣ ਦੀ ਪ੍ਰਵਾਨਗੀ ਹੋਵੇਗੀ।
ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਸਕੂਟਰ ਅਤੇ ਮੋਟਰਸਾਈਕਲ ਦੀ ਆਵਾਜਾਈ ਉਤੇ ਵੀ ਵੋਟਾਂ ਪੈਣ ਦਾ ਕਾਰਜ ਸ਼ੁਰੂ ਹੋਣ ਤੋਂ 24 ਘੰਟੇ ਪਹਿਲਾਂ ਰੋਕ ਲੱਗ ਜਾਵੇਗੀ। ਇਹ ਰੋਕ ਬਿਮਾਰ ਮਰੀਜ਼ਾਂ/ਅੰਗਹੀਣਾਂ ਨੂੰ ਲਿਜਾਂ ਰਹੇ ਦੋ ਪਹੀਆ ਵਾਹਨਾਂ ਅਤੇ ਸਰਕਾਰੀ ਡਿਊਟੀ ਨਿਭਾ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਲਾਗੂ ਨਹੀਂ ਹੋਵੇਗਾ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ ’ਤੇ ਹੋਣ ਵਾਲੇ ਪ੍ਰਚਾਰ ’ਤੇ ਵੀ ਰੋਕ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ 2 ਫਰਵਰੀ ਨੂੰ ਸ਼ਾਮ 5 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ 3/9/2007 ਜੇ ਐਸ-11 ਮਿਤੀ 3 ਅਗਸਤ 2007 ਅਨੁਸਾਰ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ. ਅਤੇ ਰੇਡੀਉ ਕਿਸੀ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ ਮਿਤੀ 3 ਫਰਵਰੀ 2017 ਅਤੇ 4 ਫਰਵਰੀ 2017 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਵਿਚ ਭਾਗ ਲੈ ਰਹੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਆਪਣੇ ਇਸ਼ਤਿਹਾਰ ਚੋਣ ਦਫਤਰ ਦੀ ਪ੍ਰਵਾਨਗੀ ਉਪਰੰਤ ਹੀ ਛਾਪ ਸਕਦੇ ਹਨ। ਇਸ ਤੋਂ ਇਲਾਵਾ ਬਲਕ ਐਸਐਮਐਸ, ਆਈਵੀਆਰਐਸ ਸੁਨੇਹੇ ’ਤੇ ਰੋਕ ਨਹੀਂ ਹੋਏਗੀ ਪਰ ਇਨ੍ਹਾਂ ਬਲਕ ਐਸਐਮਐਸ, ਆਈਵੀਆਰਐਸ ਸੁਨੇਹੇ ਦੀ ਵਰਤੋਂ ਕਰਨ ਤੋਂ ਪਹਿਲਾਂ ਇਨ੍ਹਾਂ ਦੀ ਪ੍ਰਵਾਨਗੀ ਐਮਸੀਐਮਸੀ ਕਮੇਟੀ ਜ਼ਿਲ੍ਹਾ ਜਾਂ ਰਾਜ ਪੱਧਰ ਤੋਂ ਲੈਣੀ ਜ਼ਰੂਰੀ ਹੋਵੇਗੀ। ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…