ਮਿੰਨੀ ਬੱਸਾਂ ਚਲਾਉਣ ਲਈ ਪਰਮਿਟ ਜਾਰੀ ਹੋਣ ਨਾਲ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: ਸਿੱਧੂ

ਪਿੰਡਾਂ ਦਾ ਸ਼ਹਿਰਾਂ ਨਾਲ ਹੋਵੇਗਾ ਸਿੱਧਾ ਸੰਪਰਕ, ਪੇਂਡੂ ਖੇਤਰ ਵਿੱਚ ਮਜ਼ਬੂਤ ਹੋਵੇਗੀ ਆਵਾਜਾਈ ਦੀ ਸਹੂਲਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਪੇਂਡੂ ਲਿੰਕ ਸੜਕਾਂ ’ਤੇ ਮਿੰਨੀ ਬੱਸਾਂ ਚਲਾਉਣ ਲਈ ਪਰਮਿਟ ਜਾਰੀ ਹੋਣ ਨਾਲ ਪਿੰਡਾਂ ਵਿੱਚ ਆਵਾਜਾਈ ਦੀ ਸਹੂਲਤ ਮਜ਼ਬੂਤ ਹੋਵੇਗੀ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸਾਂ ਲਈ ਪਰਮਿਟ ਦੇਣ ਦੀ ਰਸਮੀ ਸ਼ੁਰੂਆਤ ਕਰਨ ਉਪਰੰਤ ਕੀਤਾ।
ਉਨ੍ਹਾਂ ਕਿਹਾ ਕਿ ਪਰਮਿਟ ਜਾਰੀ ਕਰਨ ਦੇ ਪਹਿਲੇ ਪੜਾਅ ਵਿੱਚ ਜ਼ਿਲ੍ਹੇ ਦੇ ਲਗਪਗ ਹਰ ਖੇਤਰ ਨੂੰ ਛੋਹਦੇ ਹੋਏ ਇਲਾਕਿਆਂ ਲਈ ਪਰਮਿਟ ਜਾਰੀ ਕੀਤੇ ਜਾਣਗੇ ਅਤੇ ਸਰਕਾਰ ਦਾ ਇਹ ਉਪਰਾਲਾ ਪੇਂਡੂ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਦੇਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 15.5 ਕਰੋੜ ਰੁਪਏ ਦੀ ਲਾਗਤ ਨਾਲ ਵਾਹਨ ਲੋਕੇਸ਼ਨ ਟਰੈਕਿੰਗ ਉਪਕਰਨ ਲਗਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ। ਸ. ਸਿੱਧੂ ਨੇ ਕਿਹਾ ਕਿ ਇਹ ਪ੍ਰੋਜੈਕਟ ਸੁਰੱਖਿਅਤ ਸਫ਼ਰ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਆਉਂਦੀ 31 ਮਾਰਚ ਤੱਕ ਸਾਰੀਆਂ ਸਰਕਾਰੀ ਬੱਸਾਂ ਅਤੇ ਅਗਸਤ ਦੇ ਅਖੀਰ ਤੱਕ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵਾਹਨ ਲੋਕੇਸ਼ਨ ਟਰੈਕਿੰਗ ਉਪਕਰਨ ਲਗਾਏ ਜਾਣਗੇ।
ਪੰਜਾਬ ਸਰਕਾਰ ਵੱਲੋਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟ (ਆਰਸੀ) ਡਾਕ ਵਿਭਾਗ ਰਾਹੀਂ ਘਰੋਂ ਘਰੀ ਭੇਜਣ ਦੀ ਸ਼ੁਰੂਆਤ ਕੀਤੇ ਜਾਣ ਸਬੰਧੀ ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਵੱਲੋਂ ਚੁੱਕਿਆ ਇਹ ਕਦਮ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਨੂੰ ਤਸਦੀਕ ਕਰਦਾ ਹੈ।
ਮਹਿਲਾ ਲਾਭਪਾਤਰੀਆਂ ਨੂੰ ਬੱਸ ਪਰਮਿਟ ਦਿੰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਅੌਰਤਾਂ ਨੂੰ ਬੱਸ ਪਰਮਿਟ ਜਾਰੀ ਕੀਤੇ ਜਾਣ ਸਦਕਾ ਸਰਕਾਰ ਦੇ ਮਹਿਲਾ ਸਸ਼ਕਤੀਕਰਨ ਉਪਰਾਲਿਆਂ ਨੂੰ ਵੀ ਬਲ ਮਿਲੇਗਾ ਅਤੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਦੀ ਸਹੂਲਤ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 22.5 ਕਰੋੜ ਦੀ ਲਾਗਤ ਨਾਲ ਡਰਾਈਵਿੰਗ ਅਤੇ ਖੋਜ ਸੰਸਥਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਨਾਲ ਹਰ ਸਾਲ ਤਕਰੀਬਨ 20 ਹਜ਼ਾਰ ਡਰਾਈਵਰਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਏਡੀਸੀ (ਵਿਕਾਸ) ਰਾਜੀਵ ਗੁਪਤਾ ਅਤੇ ਆਰਟੀਏ ਦੇ ਸਕੱਤਰ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …