
ਆਈਟੀ ਸਿਟੀ ਮੁਹਾਲੀ ਦਾ ਤੇਜ਼ੀ ਨਾਲ ਕੀਤਾ ਜਾਵੇਗਾ ਵਿਕਾਸ: ਬਲਬੀਰ ਸਿੱਧੂ
ਗਮਾਡਾ ਨੂੰ ਸਮਾਜਿਕ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਾਲੀ ਦੇ ਮਹੱਤਵਪੂਰਨ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮੁੱਚੇ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਹਫ਼ਤਾਵਾਰੀ ਸਮੀਖਿਆ ਦਾ ਭਰੋਸਾ ਦਿੰਦਿਆਂ ਇਨ੍ਹਾਂ ਸਾਰੇ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਮੰਤਰੀ ਨੇ ਗਮਾਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਿਰਧ ਆਸ਼ਰਮਾਂ, ਨਾਰੀ ਨਿਕੇਤਨ, ਹੋਮ ਫਾਰ ਡਿਸਟੀਊਟ ਅਤੇ ਗਰਲਜ਼ ਹੋਸਟਲ ਵਰਗੇ ਸਮਾਜਿਕ ਬੁਨਿਆਦੀ ਢਾਂਚਿਆਂ ਦੇ ਵਿਕਾਸ ਵੱਲ ਧਿਆਨ ਦੇਣ। ਇਸ ਤੋਂ ਇਲਾਵਾ ਸ਼ਹਿਰ ਵਿੱਚ ਮੋਟਰ ਮਾਰਕੀਟ ਅਤੇ ਟਰਾਂਸਪੋਰਟ ਨਗਰ ਲਈ ਜ਼ਮੀਨ ਦੀ ਸੰਭਾਵਨਾ ਦਾ ਪਤਾ ਲਗਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬੂਥਾਂ ਨੂੰ ਦੋ ਮੰਜ਼ਲਾਂ ਬਣਾਉਣ ਦੀ ਮਨਜ਼ੂਰੀ ਦੇਣ ਦੇ ਨਾਲ ਨਾਲ ਹਸਪਤਾਲ ਦੀ ਉਸਾਰੀ ’ਤੇ ਵੀ ਜ਼ੋਰ ਦਿੱਤਾ।
ਸ੍ਰੀ ਸਿੱਧੂ ਨੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੂੰ ਸ਼ਹਿਰ ਵਿੱਚ ਅੱਗ ਬੁਝਾਊ ਪ੍ਰਣਾਲੀ ਨੂੰ ਮਜ਼ਬੂਤ ਕਰਨ ਸਮੇਤ ਸਿਟੀ ਬੱਸ ਸਰਵਿਸ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਹਰੇਕ ਸੀਵਰੇਜ ਦੀ ਸਫ਼ਾਈ ਲਈ ਮਸ਼ੀਨਾਂ ਅਤੇ ਸ਼ਹਿਰ ਦੇ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।
ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਫੇਜ਼-1 ਵਿੱਚ ਮੰਡੀ ਨੂੰ ਅਣ-ਸੂਚਿਤ ਕਰਨ ਲਈ ਕਦਮ ਚੁੱਕਣ ਅਤੇ ਇਹ ਯਕੀਨੀ ਬਣਾਉਣ ਕਿ ਫੇਜ਼-11 ਦੀ ਫਲ ਅਤੇ ਸਬਜ਼ੀਆਂ ਦੀ ਮਾਰਕੀਟ ਚਲਦੀ ਰਹੇ। ਉਨ੍ਹਾਂ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਅਤੇ ਸੜਕਾਂ ਦੀ ਪੂਰਨਤਾ/ਰੀ-ਕਾਰਪੇਟਿੰਗ ਕਰਨ ’ਤੇ ਜ਼ੋਰ ਦਿੱਤਾ। ਝੁੱਗੀ-ਝੌਂਪੜੀਆਂ ਵਿੱਚ ਪਖਾਨੇ ਬਣਾਉਣ ਲਈ ਕਿਹਾ। ਸ਼ਹਿਰ ਦੇ ਸੁੰਦਰੀਕਰਨ ਲਈ, ਮੰਤਰੀ ਨੇ ਗਮਾਡਾ ਨੂੰ ਸ਼ਹਿਰ ਦੇ ਮੁੱਖ/ਵੱਡੇ ਪਾਰਕਾਂ ਨੂੰ ਅਪਣਾਉਣ ਅਤੇ ਮੁੱਖ ਸੜਕਾਂ ਦੇ ਨਾਲ-ਨਾਲ ਸਾਈਕਲ ਟਰੈਕ ਬਣਾਉਣ ਦਾ ਸੁਝਾਅ ਦਿੱਤਾ।
ਮੀਟਿੰਗ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਏਡੀਸੀ ਸ੍ਰੀਮਤੀ ਆਸ਼ਿਕਾ ਜੈਨ, ਗਮਾਡਾ ਦੀ ਮੁੱਖ ਪ੍ਰਸ਼ਾਸਕ ਤਨੂ ਕਸ਼ਯਪ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਆਈਏਐਸ (ਟਰੇਨਿੰਗ) ਮਨੀਸ਼ਾ ਰਾਣਾ ਅਤੇ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।