
ਮੁੱਖ ਮੰਤਰੀ ਦਫ਼ਤਰ ਵਿੱਚ ਲੱਗੀ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਉਤਾਰਨਾ ਮਾੜੀ ਗੱਲ: ਸ਼ਰਮਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ’ਚੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਉਤਾਰੇ ਜਾਣ ਦੀ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਅੱਜ ਇੱਥੇ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਮੁੱਖ ਮੰਤਰੀ ਦਫ਼ਤਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਉਣ ਉੱਤੇ ਕਿਸੇ ਵੀ ਪੰਜਾਬੀ ਨੂੰ ਕੋਈ ਇਤਰਾਜ਼ ਨਹੀਂ ਹੈ ਪਰ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਉਤਾਰ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਮੇਂ ਸਮੇਂ ’ਤੇ ਵੱਖੋ-ਵੱਖ ਸਰਕਾਰਾਂ ਆਈਆਂ ਤੇ ਗਈਆਂ ਪਰ ਕਿਸੇ ਵੀ ਮੁੱਖ ਮੰਤਰੀ ਨੇ ਆਪਣੇ ਦਫ਼ਤਰ ’ਚੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨਹੀਂ ਸੀ ਲਾਹੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬ ਵਿੱਚ ਹਲੀਮੀ ਰਾਜ ਦੀ ਸਥਾਪਨਾ ਕੀਤੀ ਸੀ ਅਤੇ ਪੰਜਾਬੀਆਂ ਦੇ ਦਿਲਾਂ ਵਿੱਚ ਸ਼ੇਰੇ-ਪੰਜਾਬ ਦਾ ਬਹੁਤ ਅਹਿਮ ਸਥਾਨ ਹੈ। ਚੰਗਾ ਹੁੰਦਾ ਜੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਦੀ ਤਸਵੀਰ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਮੁੱਖ ਮੰਤਰੀ ਦਫ਼ਤਰ ਵਿੱਚ ਲੱਗੀ ਰਹਿੰਦੀ।