ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਮੁਹਾਲੀ ਪੁਲੀਸ ਨੇ ਪਬਲਿਕ ਮੀਟਿੰਗ ਵਿੱਚ ਮਹੀਨੇ ਦਾ ਪਬਲਿਕ ਸੇਫ਼ਟੀ ਰਿਪੋਰਟ ਕਾਰਡ ਕੀਤਾ ਪੇਸ਼

ਪੁਲੀਸ ਤੇ ਲੋਕਾਂ ਨਾਲ ਤਾਲਮੇਲ ਬਣਾਉਣ ਤੇ ਫੀਡਬੈਕ ਲੈਣ ਲਈ ਉੱਚ ਅਧਿਕਾਰੀਆਂ ਨੇ ਕੀਤੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 9 ਨਵੰਬਰ:
ਰੂਪਨਗਰ ਰੇਂਜ ਦੇ ਡੀਆਈਜੀ ਸ੍ਰੀਮਤੀ ਨੀਲਾਂਬਰੀ ਜਗਦਲੇ ਅਤੇ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਖੇਡ ਕੰਪਲੈਕਸ ਫੇਜ਼-11 ਵਿਖੇ ਆਮ ਸ਼ਹਿਰੀਆਂ ਨਾਲ ਮੀਟਿੰਗ ਕਰਕੇ ਮਹੀਨੇ ਦਾ ਪਬਲਿਕ ਸੇਫ਼ਟੀ ਰਿਪੋਰਟ ਕਾਰਡ ਪੇਸ਼ ਕੀਤਾ। ਪੰਜਾਬ ਪੁਲੀਸ ਦੇ ਸਾਈਬਰ ਕਰਾਈਮ ਦੇ ਏਡੀਜੀਪੀ ਵੀ. ਨੀਰਜਾ ਨੇ ਪੁਲੀਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਐਸਪੀ ਸਿਟੀ ਹਰਬੀਰ ਸਿੰਘ ਅਟਵਾਲ ਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਹਾਜ਼ਰ ਸਨ।
ਐੱਸਐੱਸਪੀ ਦੀਪਕ ਪਾਰਿਕ ਨੇ ਜ਼ਿਲ੍ਹਾ ਪੁਲੀਸ ਦੀਆਂ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਉੱਚ ਜ਼ੋਖ਼ਮ ਵਾਲੇ ਖੇਤਰਾਂ ਵਿੱਚ ਗਸ਼ਤ ਵਧਾਉਣ, ਆਵਾਜਾਈ ਪ੍ਰਬੰਧਨ ਦੀਆਂ ਰਣਨੀਤੀ ਤੈਅ ਕਰਨ ਸਮੇਤ ਪੁਲੀਸ ਵੱਲੋਂ ਕੀਤੀਆਂ ਗਈਆਂ ਮੁੱਖ ਕਾਰਵਾਈਆਂ ਬਾਰੇ ਦੱਸਿਆ ਗਿਆ। ਉਨ੍ਹਾਂ ਨੇ ਪੁਲਿਸਿੰਗ ਵਿੱਚ ਭਾਈਚਾਰਕ ਸ਼ਮੂਲੀਅਤ ਦੇ ਮਹੱਤਵ ’ਤੇ ਵੀ ਜ਼ੋਰ ਦਿੰਦਿਆਂ ਹਾਜ਼ਰ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੁਲੀਸ ਜੋਖ਼ਮ ਵਾਲੇ ਖੇਤਰਾਂ ਅਤੇ ਲੋਕਾਂ ਦੀ ਨਿਗਰਾਨੀ ਲਈ ਵਚਨਬੱਧ ਹੈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਜਿੱਥੇ ਵੀ ਲੋੜ ਪਵੇਗੀ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇੱਕ ਫਾਲੋਅੱਪ ਮੀਟਿੰਗ ਹੈ। ਜਿਸ ਦਾ ਮੰਤਵ ਲੋਕਾਂ ਲਈ ਇੱਕ ਸੁਰੱਖਿਅਤ ਆਂਢ-ਗੁਆਂਢ ਬਣਾਉਣ ਦੇ ਟੀਚੇ ’ਤੇ ਧਿਆਨ ਕੇਂਦਰਿਤ ਕਰਨਾ ਹੈ।
ਇਸ ਮੌਕੇ ਗੱਲਬਾਤ ਦੇ ਇੱਕ ਸੈਸ਼ਨ ਦੌਰਾਨ ਸ਼ਹਿਰ ਵਾਸੀਆਂ ਨੂੰ ਆਪਣੇ ਫੀਡਬੈਕ ਅਤੇ ਸੁਝਾਅ ਸਾਂਝੇ ਕਰਨ ਦਾ ਮੌਕਾ ਦਿੱਤਾ ਗਿਆ। ਲੋਕਾਂ ਨੇ ਪੁਲੀਸ ਦੀ ਪ੍ਰਤੱਖ ਹਾਜ਼ਰੀ ਅਤੇ ਪੁਲੀਸ ਵੱਲੋਂ ਅਪਰਾਧ ਨੂੰ ਘਟਾਉਣ ਲਈ ਆਪਣੇ ਸੁਝਾਅ ਦਿੱਤੇ। ਫੀਡਬੈਕ ਸੈਸ਼ਨ ਤੋਂ ਬਾਅਦ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਆਈਜੀ ਸ੍ਰੀਮਤੀ ਨੀਲਾਂਬਰੀ ਜਗਦਲੇ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਪੁਲੀਸ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਟਰੀਟ ਕਰਾਈਮ ਨੂੰ ਠੱਲ੍ਹ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੋ ਕੇ ਕੰਮ ਕਰਦੀ ਰਹੇਗੀ।
ਇਸ ਮੌਕੇ ਵਾਤਾਵਰਨ ਪ੍ਰੇਮੀ ਗੁਰਮੇਲ ਸਿੰਘ ਮੌਜੇਵਾਲ, ਰੈਂਜੀਡੈਂਟਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ, ਬਲਿੰਦਰ ਸਿੰਘ, ਸਾਬਕਾ ਕੌਂਸਲਰ ਜਸਵੀਰ ਕੌਰ ਅੱਤਲੀ ਸਮੇਤ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…