Nabaz-e-punjab.com

ਜੈ ਰਾਮ ਠਾਕੁਰ ਵੱਲੋਂ ਚੰਦੂਮਾਜਰਾ ਨੂੰ ਜਿੱਤਾ ਕੇ ਨਰਿੰਦਰ ਮੋਦੀ ਨੂੰ ਤਕੜਾ ਕਰਨ ਦੀ ਅਪੀਲ

ਕਾਂਗਰਸ ਸਰਕਾਰ ਨੇ ਦੋ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਨੂੰ ਪੁੱਠਾ ਗੇੜਾ ਦਿੱਤਾ: ਸੁਖਬੀਰ ਬਾਦਲ

ਅਗਲੇ ਪੰਜ ਸਾਲ ਵੀ ਸਮੁੱਚੇ ਹਲਕੇ ਦੇ ਲੋਕਾਂ ਦੀ ਡੱਟ ਕੇ ਵਕਾਲਤ ਕਰਾਂਗਾ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਮੁਹਾਲੀ ਵਿੱਚ ਚੋਣ ਰੈਲੀ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੁਲਕ ਦੀ ਤਰੱਕੀ ਅਤੇ ਦੇਸ਼ ਦੀ ਸੁਰੱਖਿਆ ਲਈ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜਿੱਤਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤਿਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਨੂੰ ਕੋਈ ਵੀ ਫੈਸਲਾ ਲੈਣ ਦੀ ਪੂਰੀ ਖੁੱਲ੍ਹ ਦੇਣ ਦੇ ਫੈਸਲੇ ਤੋਂ ਬਾਅਦ ਮੁਲਕ ਦਾ ਬੱਚਾ-ਬੱਚਾ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਦੇਖਣਾ ਚਾਹੁੰਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਮੁੱਖ ਵਿਰੋਧੀ ਪਾਰਟੀ ਕਾਂਗਰਸ ਕੋਲ ਕੋਈ ਮੁੱਦਾ ਨਹੀਂ ਹੈ। ਇਸ ਲਈ ਕਾਂਗਰਸੀ ਬੁਖਲਾਹਟ ਵਿੱਚ ਆ ਕੇ ਪ੍ਰਧਾਨ ਮੰਤਰੀ ’ਤੇ ਜਿਹੜੇ ਵਿਅੰਗ ਕਰਦੇ ਹਨ, ਲੋਕ ਉਨ੍ਹਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਵਾਂਗ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦਾ ਸਕੇ ਭਰਾਵਾਂ ਵਾਲਾ ਰਿਸ਼ਤਾ ਹੈ ਅਤੇ ਦੋਵੇਂ ਸੂਬੇ ਮਿਲ ਕੇ ਹੋਰ ਵਿਕਾਸ ਕਰ ਸਕਦੇ ਹਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ’ਤੇ ਚੋਣ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ 2 ਸਾਲਾਂ ਵਿੱਚ ਸੂਬੇ ਦੀ ਸਮਾਜਿਕ ਅਤੇ ਆਰਥਿਕ ਹਾਲਤ ਵਿਗਾੜ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਦੇ ਵੀ ਪੰਜਾਬ ਦੇ ਲੋਕਾਂ ਕੋਲ ਨਹੀਂ ਗਏ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਅਕਾਲੀ ਭਾਜਪਾ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਨੂੰ ਦੁਬਾਰਾ ਕਟਹਿਰੇ ਵਿੱਚ ਖੜ੍ਹਾ ਕਰਕੇ ਜੇਲ੍ਹ ਭੇਜਿਆ ਜੋ ਕਾਂਗਰਸ ਦੀ ਸਰਕਾਰ ਪਿਛਲੇ 35 ਸਾਲਾਂ ਵਿੱਚ ਨਹੀਂ ਕਰ ਸਕੀ।
ਇਸ ਤੋਂ ਪਹਿਲਾਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਅਤੇ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੁਹਾਲੀ ਦਾ ਹਵਾਈ ਅੱਡਾ ਚਾਲੂ ਕਰਾ ਕੇ ਇੱਥੋਂ ਨਵੀਆਂ ਫਲਾਈਟਾਂ ਸ਼ੁਰੂ ਕਰਵਾਈਆਂ ਹਨ। ਨਵੀਆਂ ਰੇਲ ਗੱਡੀਆਂ ਚਲਾਉਣ ਸਮੇਤ ਇਲਾਕੇ ਵਿੱਚ 10 ਹਜ਼ਾਰ ਕਰੋੜ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਵਾ ਕੇ ਸਮੁੱਚੇ ਹਲਕੇ ਦੀ ਨੁਹਾਰ ਬਦਲੀ ਗਈ ਹੈ। ਚੰਦੂਮਾਜਰਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਅਗਲੇ ਪੰਜ ਸਾਲ ਵੀ ਪੂਰੀ ਤਨਦੇਹੀ ਨਾਲ ਲੋਕਾਂ ਦੀ ਵਕਾਲਤ ਕਰਨਗੇ ਅਤੇ ਅਧੂਰੇ ਰਹਿ ਗਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਲਈ ਹੰਭਲਾ ਮਾਰਨਗੇ।
ਇਸ ਰੈਲੀ ਡੇਰਾਬੱਸੀ ਦੇ ਵਿਧਾਇਕ ਐਨ.ਕੇ.ਸ਼ਰਮਾ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਖਰੜ ਦੇ ਇੰਚਾਰਜ ਰਣਜੀਤ ਗਿੱਲ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਮਹਿਲਾ ਵਿੰਗ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਭਾਜਪਾ ਆਗੂ ਅਰੁਣ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਅਸ਼ਵਨੀ ਸ਼ਰਮਾ, ਹਰਮਨਜੋਤ ਸਿੰਘ ਕੁੰਭੜਾ, ਕਮਲਜੀਤ ਸਿੰਘ ਰੂਬੀ, ਗੁਰਮੀਤ ਸਿੰਘ ਸ਼ਾਮਪੁਰ, ਹਰਮਨਪ੍ਰੀਤ ਪ੍ਰਿੰਸ, ਹਰਜਿੰਦਰ ਸਿੰਘ, ਫੂਲਰਾਜ ਸਿੰਘ, ਅਵਤਾਰ ਸਿੰਘ ਮੌਲੀ, ਓਐਸਡੀ ਹਰਦੇਵ ਹਰਪਾਲਪੁਰ, ਸਰਪੰਚ ਗੁਰਪ੍ਰੀਤ ਸਿੰਘ, ਰਜਿੰਦਰ ਸ਼ਰਮਾ, ਸਤਿੰਦਰ ਸਿੰਘ ਗਿੱਲ ਆਦਿ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…