ਜਲੰਧਰ ਗੈਂਗਸਟਰ ਕਾਂਡ: ਪੰਜਾਬ ਵਿੱਚ ਕਾਨੂੰਨ ਨਾਂ ਕੋਈ ਚੀਜ਼ ਨਹੀਂ: ਵੜੈਚ

ਅਕਾਲੀ-ਭਾਜਪਾ ਦੇ ਸਾਸ਼ਨ ਦੇ ਦਿਨ ਪੁੱਗੇ, ਪੰਜਾਬ ਵਿੱਚ ਆਪ ਸਰਕਾਰ ਲੋਕਾਂ ਨੂੰ ਪ੍ਰਦਾਨ ਕਰੇਗੀ ਸੁਰੱਖਿਆ ਛੱਤਰੀ:

ਸੁਖਬੀਰ ਬਾਦਲ ਦੀ ਸਮਾਜ ਦੇ ਗਰੀਬ ਵਰਗ ਨੂੰ ਸਾਬਣ ਦੀ ਪੇਸ਼ਕਸ਼ ਲੋਕਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦੇ ਬਰਾਬਰ:

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਜਨਵਰੀ:
ਜਲੰਧਰ ਵਿੱਚ ਅੱਜ ਗੈਂਗਸਟਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਉਤੇ ਆਪਣਾ ਪ੍ਰਤੀਕਰਮ ਦਿੰਦਿਆ ਆਮ ਆਦਮੀ ਪਾਰਟੀ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ ਨਹੀਂ ਹੈ। ਅਜੋਕੇ ਸਮੇਂ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਜਿਆਦਾ ਮਾੜੀ ਹੋ ਗਈ ਹੈ ਅਤੇ ਅਪਰਾਧੀਆਂ ਨੂੰ ਪੁਲੀਸ ਦਾ ਕੋਈ ਡਰ ਨਹੀਂ ਹੈ। ਜਿਸ ਕਾਰਨ ਜਲੰਧਰ ਵਿੱਚ ਗੋਲੀਬਾਰੀ ਦੀ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਅਜਿਹੀਆਂ ਘਟਨਾਵਾਂ ਦੇ ਮੱਦੇਨਜ਼ਰ ਨਿਰਪੱਖ ਚੋਣਾਂ ਕਰਵਾਉਣ ਲਈ ਸਖ਼ਤ ਸੁਰੱਖਿਆ ਇੰਤਜ਼ਾਮਾਂ ਸਖ਼ਤ ਲੋੜ ਹੈ।
ਸ੍ਰੀ ਵੜੈਚ ਨੇ ਕਿਹਾ ਕਿ ਅਕਾਲੀਆਂ ਵੱਲੋਂ ਗੈਂਗਸਟਰਾਂ ਦਾ ਇਸਤੇਮਾਲ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਡਰਾਉਣ ਲਈ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਬੇਅਦਬੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ, ਦਿਨ-ਦਿਹਾੜੇ ਜੇਲ ਵਿੱਚੋਂ ਕੈਦੀ ਫਰਾਰ ਹੋਏ, ਹਵਾਲਾਤਾਂ ਵਿੱਚੋਂ ਗੈਂਗਸਟਰ ਭੱਜ ਰਹੇ ਹਨ, ਕਤਲ ਅਤੇ ਅਪਰਾਧਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪਰ ਅਕਾਲੀ ਭਾਜਪਾ ਸਰਕਾਰ ਦੋਸ਼ੀਆਂ ਨੂੰ ਫੜਨ ਅਤੇ ਜੁਰਮ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਆਪ ਆਗੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦਿਨ ਪੂਰੇ ਹੋ ਚੁੱਕੇ ਹਨ ਅਤੇ ਮਾਰਚ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੰਜਾਬੀ ਦੀ ਸੁਰੱਖਿਆ ਲਈ ਵਚਨਬੱਧ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾਵੇਗਾ, ਨਾ ਕਿ ਉਨ੍ਹਾਂ ਨੂੰ ਨਸ਼ਿਆਂ ਅਤੇ ਗੈਂਗਵਾਰਾਂ ਵਿੱਚ ਸ਼ਾਮਿਲ ਹੋਣ ਲਈ ਬੇਸਹਾਰਾ ਛੱਡਿਆ ਜਾਵੇਗਾ। ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਜਿਸ ਕਾਰਨ ਉਨਾਂ ਵੱਲੋਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਗੁੰਡਿਆਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਖ਼ੁਦ ਮੰਨ ਚੁੱਕੇ ਹਨ ਕਿ ਇਸ ਵੇਲੇ ਪੰਜਾਬ ਵਿੱਚ 57 ਗੈਂਗਸਟਰ ਗਰੁੱਪ ਸਰਗਰਮ ਹਨ, ਪਰ ਉਹ ਉਨ੍ਹਾਂ ’ਚੋਂ ਕਿਸੇ ਨੂੰ ਫੜਨ ਵਿੱਚ ਪੁਲੀਸ ਨਾਕਾਮ ਰਹੀ ਹੈ।
ਉਧਰ, ਸ੍ਰੀ ਵੜੈਚ ਨੇ ਕਿਹਾ ਕਿ ਸਮਾਜ ਦੇ ਗਰੀਬ ਵਰਗ ਨੂੰ ਸਾਬਣ ਦੀ ਪੇਸ਼ਕਸ਼ ਕਰਕੇ ਸੁਖਬੀਰ ਬਾਦਲ ਨੇ ਲੋਕਾਂ ਦੇ ਜ਼ਖ਼ਮਾਂ ਉੱਤੇ ਨਮਕ ਛਿੜਕਣ ਦੀ ਕੋਸ਼ਿਸ਼ ਕੀਤੀ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪਿੰਡਾਂ ਵਿੱਚ ਸਕੂਲ ਅਤੇ ਹਸਪਤਾਲ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਲੋਕ ਅਨਪੜ ਅਤੇ ਬਿਮਾਰ ਹੋ ਕੇ ਸਿਰਫ ਉਨਾਂ ਦੀਆਂ ਲੋਕ ਭਲਾਈ ਸਕੀਮਾਂ ਉਤੇ ਆਸ਼ਰਿਤ ਹੋ ਜਾਣ। ਉਨਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਉੱਤੇ ਪਿੰਡਾਂ ਵਿੱਚ ਬੰਦ ਕੀਤੇ ਗਏ ਸਕੂਲ ਅਤੇ ਡਿਸਪੈਂਸਰੀਆਂ ਨੂੰ ਮੁੜ ਖੋਲ੍ਹਿਆ ਜਾਵੇਗਾ ਅਤੇ ਪਿੰਡਾਂ ਲਈ ਮੁਢਲੀਆਂ ਸਹੂਲਤਾਂ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਲੋਕ ਭਲਾਈ ਦੀਆਂ ਸਕੀਮਾਂ ਨੂੰ ਜਾਰੀ ਰੱਖੇਗੀ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਆਪਣਾ ਜੀਵਨ-ਪੱਧਰ ਉਚਾ ਚੁੱਕਣ ਦੇ ਸਮਰੱਥ ਬਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…