
ਕਿਸਾਨਾਂ ਦੇ ਹੱਕ ਵਿੱਚ ਭੁੱਖ-ਹੜਤਾਲ ’ਤੇ ਬੈਠਾ ਭਾਗੋਮਾਜਰਾ ਦਾ ਜਥਾ
ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਦੀ ਲੜੀਵਾਰ ਭੁੱਖ-ਹੜਤਾਲ 39ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ ਵਿੱਚ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਵੀਰਵਾਰ ਨੂੰ 39ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਪਿੰਡ ਭਾਗੋਮਾਜਰਾ ਦੇ ਗੁਰਜੰਟ ਸਿੰਘ ਪੂਨੀਆ, ਸ਼ਮਸ਼ੇਰ ਸਿੰਘ ਗੋਗਾ, ਹਰਬੰਸ ਲਾਲ ਡੀਸੀ, ਗੁਰਦੇਵ ਸਿੰਘ, ਕਰੋੜਾ ਸਿੰਘ ਭੁੱਖ-ਹੜਤਾਲ ’ਤੇ ਬੈਠੇ। ਇਸ ਮੌਕੇ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਬੈਦਵਾਨ ਅਤੇ ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰਕੇ ਕਿਸਾਨਾਂ ਨੂੰ ਹੱਲਾਸ਼ੇਰੀ ਦਿੱਤੀ। ਇਸ ਮੌਕੇ ਧਰਨਾਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਦੇਸ਼ ਦੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਕਿਸਾਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ, ਪ੍ਰੰਤੂ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨੀ ਬਰਬਾਦ ਹੁੰਦੀ ਹੈ ਤਾਂ ਆਮ ਲੋਕ ਵੀ ਤਬਾਹ ਹੋਣ ਤੋਂ ਬਚ ਨਹੀਂ ਸਕਣਗੇ। ਇਸ ਲਈ ਹਰੇਕ ਨਾਗਰਿਕ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੀ ਸਖ਼ਤ ਲੋੜ ਹੈ। ਉਨ੍ਹਾਂ ਪ੍ਰਣ ਲਿਆ ਜਦੋਂ ਤੱਕ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਗਤਾਰ ਸਿੰਘ ਜੱਗੀ, ਨੰਬਰਦਾਰ ਹਰਵਿੰਦਰ ਸਿੰਘ, ਦਵਿੰਦਰ ਸਿੰਘ ਬੌਬੀ, ਮਿੰਦਰ ਸੋਹਾਣਾ, ਅਮਨ ਪੂਨੀਆ ਨੇ ਵੀ ਸੰਬੋਧਨ ਕੀਤਾ।