
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਕੱਢੀ
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਾਲਾਨਾ ਸਮਾਗਮ ਤੇ ਮੈਗਾ ਖੂਨਦਾਨ ਕੈਂਪ 3 ਦਸੰਬਰ ਨੂੰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ। ਇਹ ਪ੍ਰਭਾਤ ਫੇਰੀ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ ਸਾਢੇ 5 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਦੇ ਤਪ ਅਸਥਾਨ ਹੰਸਾਲੀ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਈ। ਇਲਾਕੇ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀਂ ਸ਼ਾਮਲ ਹੋਈਆਂ। ਰਸਤੇ ਵਿੱਚ ਥਾਂ-ਥਾਂ ਸੰਗਤਾਂ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਹ ਪ੍ਰਭਾਤ ਫੇਰੀ ਸਵੇਰੇ 8 ਵਜੇ ਹੰਸਾਲੀ ਸਾਹਿਬ ਪੁੱਜੀ। ਜਿੱਥੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਪ੍ਰਭਾਤ ਫੇਰੀ ਵਿੱਚ ਸ਼ਾਮਲ ਸੰਗਤਾਂ ਦਾ ਸਵਾਗਤ ਕੀਤਾ।
ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਭਲਕੇ 3 ਦਸੰਬਰ ਨੂੰ ਇਸ ਅਸਥਾਨ ’ਤੇ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਵਾਲਿਆਂ ਦਾ ਇੰਟਰਨੈਸ਼ਨਲ ਦਾ ਪੰਥਕ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਪੰਥਕ ਢਾਡੀ ਜਥਾ, ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲਿਆਂ ਸਮੇਤ ਹੋਰ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸਾਰਾ ਦਿਨ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਮੈਗਾ ਖੂਨਦਾਨ ਕੈਂਪ ਲਗਾਇਆ ਜਾਵੇਗਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।