
ਜਥੇਦਾਰ ਤਲਵੰਡੀ ਵੱਲੋਂ ਸਾਥੀਆਂ ਸਮੇਤ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ
ਸੁਖਬੀਰ ਨੇ ਅਕਾਲੀ ਦਲ ਨੂੰ ਕਾਰਪੋਰੇਟ ਘਰਾਣਿਆਂ ਦੀ ਪਾਰਟੀ ਬਣਾ ਕੇ ਰੱਖ ਦਿੱਤਾ: ਤਲਵੰਡੀ
ਬੀਬੀ ਤਲਵੰਡੀ ਨੇ ਢੀਂਡਸਾ ਨੂੰ ਸਿਰੋਪਾਓ ਦੇ ਕੇ ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਪ੍ਰੇਰਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਅਤੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਅਤੇ ਅੱਜ ਆਪਣੇ ਸਾਥੀਆਂ ਸਮੇਤ ਜੈਕਾਰਿਆਂ ਦੀ ਗੂੰਜ ਵਿੱਚ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਸਬੰਧੀ ਇੱਥੋਂ ਦੇ ਫੇਜ਼-11 ਸਥਿਤ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਵਿਖੇ ਸਾਧਾਰਨ ਜਿਹਾ ਪ੍ਰੋਗਰਾਮ ਰੱਖਿਆ ਗਿਆ ਸੀ, ਹਾਲਾਂਕਿ ਢੀਂਡਸਾ ਨੇ ਮੀਡੀਆ ਰਾਹੀਂ ਅਤੇ ਨਿੱਜੀ ਸੁਨੇਹੇ ਲਗਾ ਕੇ ਵਰਕਰਾਂ ਨੂੰ ਘੱਟ ਗਿਣਤੀ ਵਿੱਚ ਪਹੁੰਚ ਕੇ ਸੋਸ਼ਲ ਡਿਸਟੈਂਸੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਸੀ ਪ੍ਰੰਤੂ ਉੱਥੇ ਸੈਂਕੜਿਆਂ ਦੀ ਤਾਦਾਤ ਵਿੱਚ ਸੀਨੀਅਰ ਆਗੂ ਅਤੇ ਵਰਕਰ ਪਹੁੰਚ ਗਏ।
ਇਸ ਮੌਕੇ ਜਥੇਦਾਰ ਤਲਵੰਡੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕਾਰਪੋਰੇਟ ਘਰਾਣਿਆਂ ਦੀ ਪਾਰਟੀ ਬਣਾ ਕੇ ਰੱਖ ਦਿੱਤਾ ਹੈ। ਜਦੋਂਕਿ ਕੁਰਬਾਨੀਆਂ ਵਾਲੇ ਟਕਸਾਲੀ ਪਰਿਵਾਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਸਮੇਤ ਹੋਰਨਾਂ ਸੀਨੀਅਰ ਆਗੂਆਂ ਵੱਲੋਂ ਸਮੇਂ ਸਮੇਂ ਸਿਰ ਵੱਡੇ ਬਾਦਲ ਨੂੰ ਹਾਲਾਤਾਂ ਤੋਂ ਜਾਣੂ ਕਰਵਾਇਆ ਜਾਂਦਾ ਰਿਹਾ ਹੈ ਪ੍ਰੰਤੂ ਪੁੱਤਰ ਮੋਹ ਕਾਰਨ ਉਨ੍ਹਾਂ ਨੇ ਵੀ ਆਪਣੇ ਪੁਰਾਣੇ ਸਾਥੀਆਂ ਅਤੇ ਟਕਸਾਲੀ ਪਰਿਵਾਰਾਂ ਦੀਆਂ ਉਸਾਰੂ ਦਲੀਲਾਂ ਨੂੰ ਅਣਡਿੱਠ ਕਰ ਦਿੱਤਾ ਜਾਂਦਾ ਰਿਹਾ ਹੈ। ਜਿਸ ਕਾਰਨ ਉਹ ਪਿਛਲੇ ਇਕ ਸਾਲ ਤੋਂ ਆਪਣੀਆਂ ਸਿਆਸੀ ਸਰਗਰਮੀਆਂ ਤੋਂ ਕਿਨਾਰਾ ਕਰਕੇ ਘਰ ਬੈਠ ਗਏ ਸੀ ਅਤੇ ਅਕਾਲੀ ਦਲ ਦੀ ਕਿਸੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਹੁਣ ਢੀਂਡਸਾ ਨੇ ਅਕਾਲੀ ਦਲ ਦੀ ਹੋਂਦ ਬਚਾਉਣ ਲਈ ਪਹਿਲਕਦਮੀ ਕੀਤੀ ਹੈ। ਜਿਸ ਦਾ ਉਨ੍ਹਾਂ ਨੇ ਬਿਨਾਂ ਕਿਸੇ ਲੋਭ ਲਾਲਚ ਤੋਂ ਨਵੇਂ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਬੀਬੀ ਮਹਿੰਦਰ ਕੌਰ ਤਲਵੰਡੀ ਨੇ ਸੁਖਦੇਵ ਢੀਂਡਸਾ ਨੂੰ ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕਰਨ ਲਈ ਪ੍ਰੇਰਿਆ।
ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਣਦੇਖੀ ਦਾ ਸ਼ਿਕਾਰ ਹੋਏ ਸਾਰੇ ਪੁਰਾਣੇ ਸਾਥੀਆਂ ਅਤੇ ਵਫ਼ਾਦਾਰ ਵਰਕਰਾਂ ਨੂੰ ਪੰਥ ਦੀ ਸੇਵਾ ਕਰਨ ਲਈ ਮਨਾਉਣ ਲਈ ਘਰ ਘਰ ਜਾਣਗੇ। ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਨਵੇਂ ਅਕਾਲੀ ਦਲ ਪ੍ਰਤੀ ਵੱਡੀ ਲਹਿਰ ਬਣ ਰਹੀ ਹੈ ਅਤੇ ਬਾਦਲਾਂ ਵਿਰੁੱਧ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਚੋਂ 269 ਸਰੂਪ ਚੋਰੀ ਹੋਣਾ ਬਹੁਤ ਮੰਦਭਾਗੀ ਗੱਲ ਹੈ। ਡੇਰਾ ਸਿਰਸਾ ਮੁਖੀ ਨੂੰ ਪੁਸ਼ਾਕ ਭੇਜਣੀ ਅਤੇ ਡੇਰਾ ਸਾਧ ਦੇ ਮਾਮਲਿਆਂ ਵਿੱਚ ਅਕਾਲੀ ਲੀਡਰਸ਼ਿਪ ਦੀ ਸ਼ੱਕੀ ਭੂਮਿਕਾ ਦਾ ਪਰਦਾਫਾਸ਼ ਕਰਨ ਦੀ ਲੋੜ ਹੈ।
ਇਸ ਮੌਕੇ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਸਾਬਕਾ ਵਿਧਾਇਕ ਦੇਸ਼ ਰਾਜ ਧੁੱਗਾ, ਨਿਧੱੜਕ ਸਿੰਘ ਬਰਾੜ, ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਟਕਸਾਲੀ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਜਸਵਿੰਦਰ ਸਿੰਘ ਵਿਰਕ, ਗਗਨਪ੍ਰੀਤ ਸਿੰਘ ਬੈਂਸ, ਮਾ. ਕੁਲਵਿੰਦਰ ਸਿੰਘ, ਅਮਨਦੀਪ ਸਿੰਘ ਅਬਿਆਨਾ, ਸਰਕਲ ਪ੍ਰਧਾਨ ਡਾ. ਮੇਜਰ ਸਿੰਘ, ਯੂਥ ਆਗੂ ਫਤਿਹ ਸਿੰਘ ਸਿੱਧੂ, ਪ੍ਰਭਦੀਪ ਸਿੰਘ ਕਲੇਰ ਸਮੇਤ ਵੱਡੀ ਗਿਣਤੀ ਵਿੱਚ ਢੀਂਡਸਾ ਅਤੇ ਤਲਵੰਡੀ ਦੇ ਸਮਰਥਕ ਹਾਜ਼ਰ ਸਨ।