ਜੌੜਾਮਾਜਰਾ ਨੇ ਚਾਰ ਜ਼ਿਲ੍ਹਿਆਂ ਦੇ 74 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ

ਪੰਜਾਬ ਸਰਕਾਰ ਸਾਬਕਾ ਫੌਜੀਆਂ ਦੀ ਭਲਾਈ ਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ: ਜੌੜਾਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਪੰਜਾਬ ਸਰਕਾਰ ਸਾਬਕਾ ਫੌਜੀਆਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸੈਨਿਕ ਭਵਨ ਵਿਖੇ ਸਾਬਕਾ ਫੌਜੀਆਂ ਦੀ ਭਲਾਈ ਲਈ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਫੌਜੀਆਂ ਵੱਲੋਂ ਸਰਹੱਦਾਂ ’ਤੇ ਤਾਇਨਾਤੀ ਕਾਰਨ ਹੀ ਅਸੀਂ ਸੁੱਖ ਦੀ ‘ਨੀਂਦ ਸੌਂਦੇ ਹਾਂ। ਉਨ੍ਹਾਂ ਕਿਹਾ ਕਿ ਫੌਜ ਵਿੱਚ ਨੌਕਰੀ ਦੌਰਾਨ ਸਾਬਕਾ ਫੌਜੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਮਹੱਤਵਪੂਰਨ ਸਮਾਂ ਦਿੱਤਾ ਹੈ ਅਤੇ ਅਨੇਕਾਂ ਫੌਜੀਆਂ ਨੇ ਆਪਣੀ ਜਾਨ ਵੀ ਕੁਰਬਾਨ ਕੀਤੀਆਂ ਹਨ।
ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਉਹ ਫੌਜੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਦੇ ਹਨ ਅਤੇ ਪੰਜਾਬ ਦੀ ਆਪ ਸਰਕਾਰ ਫੌਜੀਆਂ ਅਤੇ ਸਾਬਕਾ ਫੌਜੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਰੱਖਿਆ ਭਲਾਈ ਦੇ ਸਬੰਧ ਵਿੱਚ ਮੁਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਦੇ 74 ਲਾਭਪਾਤਰੀਆਂ ਨੂੰ 17,03,350 ਨਗਦ ਗਰਾਂਟ ਵੀ ਵੰਡੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁੱਲ 814 ਲਾਭਪਾਤਰੀਆਂ ਨੂੰ ਇਸ ਸਕੀਮ ਹੇਠ 1.82 ਕਰੋੜ ਰੁਪਏ ਦੀ ਗਰਾਂਟ ਵੰਡੀ ਜਾ ਰਹੀ ਹੈ। ਆਸ਼ਰਿਤਾਂ ਨੂੰ ਵੀ ਮਾਲੀ ਸਹਾਇਤਾ ਦੇ ਚੈੱਕ ਵੰਡੇ।
ਉਨ੍ਹਾਂ ਨੇ ਪੰਜਾਬ ਦੇ ਸਮੂਹ ਸਾਬਕਾ ਸੈਨਿਕਾਂ ਨੂੰ ਇਹ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਅਤੇ ਵਿਕਾਸ ਲਈ ਹਮੇਸ਼ਾ ਤੱਤਪਰ ਹੈ ਅਤੇ ਭਲਾਈ ਸਕੀਮਾਂ ਅਧੀਨ ਆਸ਼ਰਿਤਾਂ ਨੂੰ ਵੀ ਵੱਖ-ਵੱਖ ਲਾਭ ਦੇਣ ਲਈ ਵਚਨਬੱਧ ਹੈ। ਜਿਸ ਦੇ ਚੱਲਦਿਆਂ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਐਕਸ ਗ੍ਰੇਸ਼ੀਆ ਰਾਸ਼ੀ 1 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਹੈ ਅਤੇ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨਾ ਕਿਸੇ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਜਾਵੇਗਾ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਜਾਵੇਗਾ। ਹਾਲ ਹੀ ਵਿੱਚ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਬਾਰੇ ਪੁੱਛੇ ਜਾਣ ’ਤੇ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਗਿਰਦਾਵਰੀ ਦੇ ਹੁਕਮ ਜਾਰੀ ਕਰ ਚੁੱਕੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਖ਼ੁਦ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਪਹਿਰੇਦਾਰ ਹੈ ਅਤੇ ਉਹ ਹਰ ਵੇਲੇ ਕਿਸਾਨਾਂ ਦੇ ਨਾਲ ਹੈ।

Load More Related Articles
Load More By Nabaz-e-Punjab
Load More In General News

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…