
ਜਿਊਲਰਜ਼ ਐਸੋਸੀਏਸ਼ਨ ਨੇ ਪੁਲੀਸ ਤੋਂ ਸੁਰੱਖਿਆ ਮੰਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ
ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਤੋਂ ਸਾਰੇ ਵਰਗਾਂ ਦੇ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਮੁਹਾਲੀ ਜਿਊਲਰਾਂ ਨੇ ਵੀ ਆਪਣੀ ਸੁਰੱਖਿਆ ਦੀ ਮੰਗ ਕੀਤੀ ਹੈ। ਸ਼ਹਿਰ ਵਿੱਚ ਸੋਨਾ ਅਤੇ ਡਾਇਮੰਡ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੇ ਅੱਜ ਜਿਊਲਰਜ਼ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਦੀ ਅਗਵਾਈ ਹੇਠ ਡੀਐਸਪੀ ਮਨਵੀਰ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਜਿਊਲਰਾਂ ਦੀ ਸੁਰੱਖਿਆ ਦੀ ਮੰਗ ਕੀਤੀ। ਉਨ੍ਹਾਂ ਨੇ ਡੀਐਸਪੀ ਨੂੰ ਮੰਗ ਪੱਤਰ ਵੀ ਦਿੱਤਾ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੀਵ ਗੋਲਡੀ ਨੇ ਦੱਸਿਆ ਕਿ ਪਿਛਲੇ ਦਿਨੀਂ ਮੁਹਾਲੀ ਦੀ ਜੂਹ ਵਿੱਚ ਲਾਂਡਰਾਂ ਵਿੱਚ ਇਕ ਜਿਊਲਰਜ਼ ਤੋਂ ਡੇਢ ਕਿੱਲੋ ਸੋਨਾ ਅਤੇ 25 ਕਿੱਲੋ ਚਾਂਦੀ ਦੇ ਗਹਿਣੇ ਲੁੱਟੇ ਗਏ ਹਨ। ਇਸ ਤੋਂ ਪਹਿਲਾਂ ਵੀ ਇਲਾਕੇ ਵਿੱਚ ਅਜਿਹੀਆਂ ਵਾਰਦਾਤਾਂ ਹੋ ਚੁੱਕੀਆਂ ਹਨ। ਇਸ ਉਪਰੰਤ ਨੇ ਐਸਐਸਪੀ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਪਾਰਸ ਨੇ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਜਿਊਲਰਾਂ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਖ਼ੌਫ਼ ਦੇ ਚੱਲਦਿਆਂ ਉਨ੍ਹਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਜਿਊਲਰਾਂ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਊਲਰਾਂ ਦੀ ਸੁਰੱਖਿਆ ਲਈ ਪੁਲੀਸ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨੇ ਚਾਹੀਦੇ ਹਨ।
ਇਸ ਮੌਕੇ ਡੀਐਸਪੀ ਮਨਵੀਰ ਸਿੰਘ ਬਾਜਵਾ ਨੇ ਭਰੋਸਾ ਦਿੱਤਾ ਕਿ ਜਿਊਲਰਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਅਤੇ ਇਲਾਕੇ ਵਿੱਚ ਪੀਸੀਆਰ ਟੀਮ ਨੂੰ ਅਲਰਟ ’ਤੇ ਰੱਖਿਆ ਜਾਵੇਗਾ ਜੋ ਕਿ ਜਿਊਲਰਾਂ ਨਾਲ ਤਾਲਮੇਲ ਬਣਾ ਕੇ ਰੱਖੇਗੀ ਅਤੇ ਲੋੜ ਪੈਣ ’ਤੇ ਤੁਰੰਤ ਹਰਕਤ ਵਿੱਚ ਅ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਊਲਰਾਂ ਅਤੇ ਹੋਰ ਦੁਕਾਨਦਾਰਾਂ ਨੂੰ ਆਪਣੀ ਸੁਰੱਖਿਆ ਦਾ ਪੂਰਾ ਖਿਆਲ ਰੱਖਣ ਅਤੇ ਚੌਕਸੀ ਰਹਿਣ ਲਈ ਸੁਚੇਤ ਕਰਦਿਆਂ ਦੁਕਾਨਾਂ ਦੇ ਅੰਦਰ ਅਤੇ ਬਾਹਰ ਚੰਗੀ ਕੁਆਲਿਟੀ ਦੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਅਲਾਰਮ ਸਿਸਟਮ ਫਿਟ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਜੌੜਾ, ਬਲਵਿੰਦਰ ਵਰਮਾ, ਕਰਮਜੀਤ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ।