Nabaz-e-punjab.com

ਜੇਐੱਨਯੂ ਹਿੰਸਾ: ਯੂਥ ਆਫ਼ ਪੰਜਾਬ ਦੇ ਬੈਨਰ ਹੇਠ ਨੌਜਵਾਨ ਵਿਦਿਆਰਥੀਆਂ ਦੇ ਹੱਕ ’ਚ ਨਿੱਤਰੇ

ਸਿੱਖਿਆ ਸੰਸਥਾਵਾਂ ਵਿੱਚ ਦੇਸ਼ ਦੀਆਂ ਸਿਆਸੀ ਪਾਰਟੀਆਂ ਦਾ ਦਖ਼ਲ ਗੰਭੀਰ ਚਿੰਤਾ ਦਾ ਵਿਸ਼ਾ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਸਮਾਜ ਸੇਵੀ ਅਤੇ ਉੱਦਮੀ ਨੌਜਵਾਨਾਂ ਦੀ ਗੈਰ ਸਿਆਸੀ ਸੰਸਥਾ ਯੂਥ ਆਫ਼ ਪੰਜਾਬ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੀਐੱਨਯੂ) ਵਿੱਚ ਨਕਾਬਪੋਸ਼ ਗੁੰਡਿਆਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਿਸ਼ਾਨਾਂ ਬਣਾ ਕੇ ਕੀਤੀ ਬੁਰਛਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਥੇ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਉਕਤ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਜੇਐਨਯੂ ਇਕ ਉੱਚ ਸਿੱਖਿਆ ਅਦਾਰਾ ਹੈ। ਰਾਜਧਾਨੀ ਦਿੱਲੀ ਵਿੱਚ ਹੋਣ ਕਾਰਨ ਇੱਥੇ ਸਮੁੱਚੇ ਭਾਰਤ ਦੇ ਵੱਖ-ਵੱਖ ਸੂਬਿਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀ ਵੀ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਵਿੱਚ ਦੇਸ਼ ਦੀਆਂ ਸਿਆਸੀ ਪਾਰਟੀਆਂ ਦਾ ਦਖ਼ਲ ਗੰਭੀਰ ਚਿੰਤਾ ਦਾ ਵਿਸ਼ਾ ਹੈ। ਬੜੀ ਹੈਰਾਨੀ ਦੀ ਗੱਲ ਹੈ ਕਿ ਨਕਾਬਪੋਸ਼ ਹਮਲਾਵਰਾਂ ਨੇ ਲੜਕੀਆਂ ਨੂੰ ਵੀ ਨਹੀਂ ਬਖ਼ਸ਼ਿਆਂ ਗਿਆ। ਉਨ੍ਹਾਂ ਇਸ ਗੱਲ ’ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਵੱਡੇ ਚੈਨਲ ਇਸ ਘਟਨਾ ਨੂੰ ਦੋ ਗੁੱਟਾਂ ਦੀ ਲੜਾਈ ਦੱਸ ਰਹੇ ਹਨ।
ਸ੍ਰੀ ਬੈਦਵਾਨ ਨੇ ਕਿਹਾ ਕਿ ਬੇਸ਼ੱਕ ਯੂਨੀਵਰਸਿਟੀ ਦਾ ਰਾਜਧਾਨੀ ਵਿੱਚ ਹੋਣ ਕਰਕੇ ਵਿਦਿਆਰਥੀ ਰਾਜਨੀਤੀ ਭਾਰੂ ਹੈ ਅਤੇ ਪਹਿਲਾਂ ਵੀ ਇੱਥੇ ਹਿੰਸਕ ਗਤੀਵਿਧੀਆਂ ਹੁੰਦੀਆਂ ਰਹਿੰਦੀਆਂ ਨੇ ਪ੍ਰੰਤੂ ਬਾਹਰ ਤੋਂ ਆ ਕੇ ਕਿਸੇ ਪਾਰਟੀ ਦੇ ਕਾਰਕੁਨਾਂ ਵੱਲੋਂ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣਾ ਬਹੁਤ ਹੀ ਨਿੰਦਣਯੋਗ ਹੈ। ਇਸ ਘਟਨਾ ਨਾਲ ਯੂਨੀਵਰਸਿਟੀ ਦੀ ਪ੍ਰਬੰਧਕੀ ਟੀਮ ਅਤੇ ਸਕਿਉਰਿਟੀ ਸਟਾਫ਼ ਵੀ ਸ਼ੱਕ ਦੇ ਘੇਰੇ ਵਿੱਚ ਹੈ ਕਿ ਵੱਡੀ ਗਿਣਤੀ ਵਿੱਚ ਬਾਹਰਲੇ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਯੂਨੀਵਰਸਿਟੀ ਕੈਂਪਸ ਵਿੱਚ ਦਾਖ਼ਲ ਕਿਵੇਂ ਹੋ ਗਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਮੁੱਚੇ ਘਟਨਾਕ੍ਰਮ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਵਾਈਸ ਚੇਅਰਮੈਨ ਕਾਕਾ ਰਣਜੀਤ ਸਿੰਘ, ਸਰਪ੍ਰਸਤ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਚੀਫ਼ ਕੋਆਰਡੀਨੇਟਰ ਜੱਗੀ ਧਨੋਆ, ਜਰਨਲ ਸਕੱਤਰ ਲੱਕੀ ਕਲਸੀ, ਕੈਸ਼ੀਅਰ ਵਿੱਕੀ ਮਨੌਲੀ, ਅੰਮ੍ਰਿਤ ਜੌਲੀ, ਇੰਦਰਾ ਢਿੱਲੋਂ, ਜ਼ਿਲ੍ਹਾ ਪ੍ਰਧਾਨ ਮੁਹਾਲੀ ਗੁਰਜੀਤ ਮਟੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…