nabaz-e-punjab.com

ਮੁਹਾਲੀ ਪੁਲੀਸ ਤੇ ਆਬਕਾਰੀ ਵਿਭਾਗ ਦਾ ਸਾਂਝਾ ਅਪਰੇਸ਼ਨ: 220 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ

ਦਸੰਬਰ ਦੇ ਅੰਤ ਤੱਕ ਸ਼ਰਾਬ ਤਸਕਰੀ ਨਾਲ ਸਬੰਧਤ 114 ਪਰਚੇ ਦਰਜ, 30,096 ਸ਼ਰਾਬ ਦੀਆਂ ਬੋਤਲਾਂ ਬਰਾਮਦ

ਸ਼ਰਾਬ ਦੀ ਤਸਕਰੀ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ: ਹਰਪਾਲ ਚੀਮਾ

ਨਬਜ਼-ਏ-ਪੰਜਾਬ, ਮੁਹਾਲੀ, 12 ਜਨਵਰੀ:
ਮੁਹਾਲੀ ਪੁਲੀਸ ਅਤੇ ਆਬਕਾਰੀ ਵਿਭਾਗ ਨੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਇੱਕ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਨਾਜਾਇਜ਼ ਸ਼ਰਾਬ ਦੀਆਂ 220 ਪੇਟੀਆਂ ਬਰਾਮਦ ਕੀਤੀਆਂ ਹਨ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਾਰਵਾਈ ਹਾਲ ਹੀ ਵਿੱਚ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ 6 ਵੱਡੀਆਂ ’ਚੋਂ ਇੱਕ ਹੈ। ਇਸ ਮਾਮਲੇ ਵਿੱਚ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 61(1)(14) ਅਤੇ 78(2) ਤਹਿਤ ਥਾਣਾ ਹੰਡੇਸਰਾ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਨਾਜਾਇਜ਼ ਸ਼ਰਾਬ ਨਾਲ ਭਰਿਆ ਇਹ ਟਰੱਕ ਚੰਡੀਗੜ੍ਹ ਤੋਂ ਹਰਿਆਣਾ ਵੱਲ ਜਾ ਰਿਹਾ ਸੀ, ਜਿਸ ਨੂੰ ਹੰਡੇਸਰਾ ਨੇੜਿਓਂ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਸ਼ਰਾਬ ਤਸਕਰੀ ਦੇ ਹੋਰ ਮਾਮਲਿਆਂ ਸਬੰਧੀ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਛੇ ਹੋਰ ਕੇਸ ਦਰਜ ਕੀਤੇ ਗਏ ਹਨ ਅਤੇ 42 ਪੇਟੀਆਂ ਸ਼ਰਾਬ ਜ਼ਬਤ ਕੀਤੀਆਂ ਗਈਆਂ ਹਨ।
ਚੀਮਾ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਵਿੱਚ 31 ਦਸੰਬਰ 2024 ਤੱਕ ਚੰਡੀਗੜ੍ਹ ਸ਼ਰਾਬ ਦੀ ਤਸਕਰੀ ਨਾਲ ਸਬੰਧਤ 114 ਕੇਸ ਦਰਜ ਕੀਤੇ ਗਏ ਹਨ, ਜਿਸ ਤਹਿਤ 30,096 ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਅਤੇ ਪੰਜਾਬ ਪੁਲੀਸ ਸ਼ਰਾਬ ਦੀ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੇ ਹਨ। ਪੁਲੀਸ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਰਾਬ ਤਸਕਰੀ ਵਿੱਚ ਸ਼ਾਮਲ ਵਿਅਕਤੀ, ਭਾਵੇਂ ਉਹ ਕੋਈ ਵੀ ਹੋਵੇ, ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਆਬਕਾਰੀ ਐਕਟ 1914 ਤਹਿਤ ਸ਼ਰਾਬ ਦੀ ਤਸਕਰੀ ਗੈਰ-ਕਾਨੂੰਨੀ, ਸਜ਼ਾਯੋਗ ਅਪਰਾਧ ਹੈ ਅਤੇ ਪੰਜਾਬ ਦੇ ਮਾਲੀਏ ਲਈ ਨੁਕਸਾਨਦੇਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਗਤੀਵਿਧੀ ਬਾਰੇ ਪੁਲੀਸ ਅਤੇ ਆਬਕਾਰੀ ਵਿਭਾਗ ਨੂੰ ਤੁਰੰਤ ਸੂਚਿਤ ਕਰਨ ਤਾਂ ਜੋ ਪੰਜਾਬ ਨੂੰ ਕੋਈ ਮਾਲੀ ਨੁਕਸਾਨ ਨਾ ਹੋਵੇ ਅਤੇ ਸ਼ਰਾਬ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਲੀਡ ਬੈਂਕ ਵੱਲੋਂ ਸਾਈਬਰ ਕਰਾਈਮ ਤੇ ਧੋਖਾਧੜੀ ਬਾਰੇ ਐਡਵਾਈਜ਼ਰੀ ਜਾਰੀ

ਜ਼ਿਲ੍ਹਾ ਲੀਡ ਬੈਂਕ ਵੱਲੋਂ ਸਾਈਬਰ ਕਰਾਈਮ ਤੇ ਧੋਖਾਧੜੀ ਬਾਰੇ ਐਡਵਾਈਜ਼ਰੀ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 12 ਜਨ…