ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਉੱਦਮਾਂ ਦੀ ਲੋੜ: ਪ੍ਰਨੀਤ ਕੌਰ

ਪੰਜਾਬ ਗਊ ਸੇਵਾ ਕਮਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਵੇਂ ਚੇਅਰਮੈਨ ਅਤੇ ਸਮੂਹ ਮੈਂਬਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਸੂਬੇ ਅੰਦਰ ਵੱਖ ਵੱਖ ਡੇਅਰੀ ਫਾਰਮਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਲਾਵਾਰਿਸ ਗਊਆਂ ਅਤੇ ਹੋਰ ਚੰਗੀ ਨਸਲ ਦੇ ਪਸ਼ੂ ਆਪਣੇ ਡੇਅਰੀ ਫਾਰਮਾਂ ਵਿੱਚ ਰੱਖਣ ਲਈ ਪਤਿਆਉਣ। ਉਨ੍ਹਾਂ ਕਿਹਾ ਕਿ ਲਾਵਾਰਿਸ ਗਊਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਅਤੇ ਸਬੰਧਤ ਵਿਭਾਗਾਂ ਦੇ ਸਾਂਝੇ ਉੱਦਮਾਂ ਦੀ ਬਹੁਤ ਸਮੇਂ ਦੀ ਮੁੱਖ ਮੰਗ ਹੈ।
ਸ੍ਰੀਮਤੀ ਪ੍ਰਨੀਤ ਕੌਰ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਰੋਹ ਵਿੱਚ ਹਿੱਸਾ ਲੈਣ ਆਏ ਸੀ। ਇਸ ਦੌਰਾਨ ਨਵੇਂ ਚੇਅਰਮੈਨ ਸਚਿਨ ਸ਼ਰਮਾ ਨੇ ਵੀ ਮਹਾਰਾਣੀ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ। ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਬੇਸਹਾਰਾ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਜ਼ਿਲ੍ਹਾ ਪੱਧਰ ’ਤੇ ਕੈਟਲ ਪੌਂਡ ਸਥਾਪਿਤ ਕੀਤੇ ਗਏ। ਇਸ ਤੋਂ ਇਲਾਵਾ ਸੂਬੇ ਵਿੱਚ 500 ਤੋਂ ਵੱਧ ਗਊਸ਼ਾਲਾਵਾਂ ਵਿੱਚ ਗਊਵੰਸ਼ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਲਈ ਸਥਾਪਿਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦਾ ਚੇਅਰਮੈਨ ਸਚਿਨ ਸ਼ਰਮਾ ਨੂੰ ਲਾਇਆ ਗਿਆ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਮਿਸ਼ਨ ਦੀ ਸਮੁੱਚੀ ਟੀਮ ਗਊਵੰਸ਼ ਦੀ ਭਲਾਈ ਅਤੇ ਸੁਰੱਖਿਆ ਲਈ ਨਿਰੰਤਰ ਕਾਰਜ ਕਰ ਰਹੀ ਹੈ।
ਲੋਕਾਂ ਨੂੰ ਬੇਸਹਾਰਾ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਇੱਕਜੱੁਟ ਹੋ ਕੇ ਕੰਮ ਕਰਨ ਲਈ ਵੰਗਾਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਸੜਕਾਂ ’ਤੇ ਬੇਸਹਾਰਾ ਘੁੰਮ ਰਹੇ ਗਊਧਨ ਦਾ ਜਿੱਥੇ ਨਿਰਾਦਰ ਹੋ ਰਿਹਾ ਹੈ, ਉੱਥੇ ਮਨੁੱਖੀ ਜਾਨ-ਮਾਲ ਦਾ ਵੀ ਨੁਕਸਾਨ ਹੋ ਰਿਹਾ ਹੈ। ਇਸ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗਊਵੰਸ਼ ਨੂੰ ਸੁਚੱਜੀ ਦੇਖਭਾਲ ਲਈ ਤਨਦੇਹੀ ਨਾਲ ਯਤਨ ਕਰਨ। ਇਸ ਦੌਰਾਨ ਕਮਿਸ਼ਨ ਦੇ ਇਕ ਨੁਮਾਇੰਦੇ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਕਿ ਨਗਰ ਨਿਗਮ, ਨਗਰ ਕੌਂਸਲਾਂ ਅਤੇ ਪਾਵਰਕੌਮ ਵੱਲੋਂ ਗਊ ਸੈੱਸ ਲਿਆ ਜਾ ਰਿਹਾ ਹੈ ਪ੍ਰੰਤੂ ਇਸ ’ਚੋਂ ਇਕ ਫੁੱਟੀ ਕੌੜੀ ਵੀ ਕਮਿਸ਼ਨ ਨੂੰ ਨਹੀਂ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਸਰਕਾਰ ਵੱਲੋਂ ਕਮਿਸ਼ਨ ਨੂੰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਗਊ ਸੈੱਸ ਦੀ ਰਾਸ਼ੀ ’ਚੋਂ ਕਮਿਸ਼ਨ ਨੂੰ ਬਣਦਾ ਹਿੱਸਾ ਦਿੱਤਾ ਜਾਵੇ।
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਵੱਖ-ਵੱਖ ਵਿਭਾਗਾਂ ਦੁਆਰਾ ਇਕੱਤਰ ਕੀਤਾ ਗਿਆ ਗਊ ਸੈਸ ਕਮਿਸ਼ਨ ਨੂੰ ਤੁਰੰਤ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਮਿਸ਼ਨ ਵੱਲੋਂ ਲੋੜਵੰਦ ਗਊਸ਼ਾਲਾਵਾਂ/ਸਰਕਾਰੀ ਕੈਟਲ ਪੌਂਡਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ ਅਤੇ ਬੇਸਹਾਰਾ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਰਕਾਰ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਵੀ ਦਿਵਾਇਆ। ਇਸ ਤੋਂ ਪਹਿਲਾਂ ਕਮਿਸ਼ਨ ਦੇ ਮੁੱਖ ਕਾਰਜਕਾਰੀ ਅਫ਼ਸਰ ਡਾ. ਐਚ.ਐਸ. ਸੇਖੋਂ ਵੱਲੋਂ ਕਮਿਸ਼ਨ ਦੇ ਕੰਮਾਂ ਸਬੰਧੀ ਵੇਰਵਾ ਦਿੱਤਾ ਗਿਆ।
ਇਸ ਮੌਕੇ ਘਨੌਰ ਤੋਂ ਵਿਧਾਇਕ ਮਦਨ ਲਾਲ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ, ਪੀਆਰਟੀਸੀ ਦੇ ਚੇਅਰਮੈਨ ਕੇਕੇ ਸ਼ਰਮਾ, ਪਟਿਆਲਾ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ, ਗ਼ੈਰ ਸਰਕਾਰੀ ਮੈਂਬਰ ਸ਼੍ਰੀਮਤੀ ਕ੍ਰਿਸ਼ਨਾ ਮਿਤੂ, ਰਾਜਵੰਤ ਰਾਏ ਰਾਜੂ, ਅਸ਼ੋਕ ਗੁਪਤਾ, ਉਮ ਪ੍ਰਕਾਸ਼ ਕਨੌਜੀਆ, ਵਿਕਾਸ ਵਿੱਕੀ ਸੋਨੀ, ਰਾਜੂ ਵਿਲੀਅਮ ਅਤੇ ਦਰਸ਼ਨ ਲਾਲ, ਕਮਿਸ਼ਨ ਦੇ ਸੀਈਓ ਡਾ. ਹਰਮਿੰਦਰ ਸਿੰਘ ਸੇਖੋਂ ਤੇ ਡਿਪਟੀ ਸੀਈਓ ਡਾ. ਸਰਬਦੀਪ ਸਿੰਘ, ਜ਼ਿਲ੍ਹਾ ਕਾਗਰਸ ਕਮੇਟੀ ਪਟਿਆਲਾ ਦੇ ਪ੍ਰਧਾਨ ਕੇਕੇ ਮਲਹੋਤਰਾ, ਡਾ. ਦੀਪਕ ਘਈ, ਕਰਨ ਗੌੜ, ਰਾਜੇਸ਼ ਪੰਜੋਲਾ, ਪੀਆਰਟੀਸੀ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ, ਇੰਸਪੈਕਟਰ ਰਾਹੁਲ ਕੌਸ਼ਲ, ਵਿਪਿਨ ਸ਼ਰਮਾ, ਸਕੱਤਰ ਰਜਿੰਦਰਾ ਜਿੰਮਖਾਨਾ ਕਲੱਬ ਪਟਿਆਲਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…