ਪੱਤਰਕਾਰ ਦੀ ਕੁੱਟਮਾਰ ਦਾ ਮਾਮਲਾ: ਮੇਜਰ ਸਿੰਘ ਪੰਜਾਬੀ ਨੇ ਥਾਣੇਦਾਰਾਂ ਖ਼ਿਲਾਫ਼ ਵੱਖਰਾ ਕੇਸ ਦਰਜ ਕਰਨ ਦੀ ਮੰਗ

ਐਸਐਸਪੀ, ਐਸਪੀ ਸਿਟੀ ਅਤੇ ਡੀਐਸਪੀ ਨਾਲ ਕੀਤੀਆਂ ਮੁਲਾਕਾਤਾਂ, ਜਾਂਚ ਅਧਿਕਾਰੀ ਵੱਲੋਂ ਕਾਰਵਾਈ ਦਾ ਭਰੋਸਾ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਬੀਤੀ 22 ਮਈ ਨੂੰ ਦੋ ਧਿਰਾਂ ਵਿੱਚ ਹੋਏ ਵਿਵਾਦ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪੱਤਰਕਾਰ ਮੇਜਰ ਸਿੰਘ ਪੰਜਾਬੀ ਦੀ ਫੇਜ਼-1 ਥਾਣੇ ਵਿੱਚ ਲਿਆ ਕੇ ਕੀਤੀ ਗਈ ਕੁੱਟਮਾਰ ਦਾ ਮਾਮਲਾ ਮੁੜ ਭਖ ਗਿਆ ਹੈ। ਹਾਲਾਂਕਿ ਮੁੱਢਲੀ ਜਾਂਚ ਤੋਂ ਬਾਅਦ ਪੁਲੀਸ ਨੇ ਗੁਰਦੁਆਰਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ, ਅਮਰਜੀਤ ਸਿੰਘ ਅਤੇ 5 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 323,341,506,148 ਅਤੇ 149 ਤਹਿਤ ਦਰਜ ਕੀਤੇ ਮਾਮਲੇ ਵਿੱਚ ਧਾਰਾ 295ਏ ਜੁਰਮ ਦਾ ਵਾਧਾ ਕਰਦਿਆਂ ਇਸ ਐਫ਼ਆਈਆਰ ਵਿੱਚ ਪੱਤਰਕਾਰ ਦੀ ਥਾਣੇ ਵਿੱਚ ਕੁੱਟਮਾਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਏਐਸਆਈ ਓਮ ਪ੍ਰਕਾਸ਼ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪ੍ਰੰਤੂ ਪੀੜਤ ਪੱਤਰਕਾਰ ਨੇ ਮੰਗ ਕੀਤੀ ਕਿ ਉਸ ਦੀ ਕੁੱਟਮਾਰ ਦਾ ਵੱਖਰਾ ਮਾਮਲਾ ਹੈ।
ਅੱਜ ਪੱਤਰਕਾਰ ਨੇ ਆਪਣੇ ਵਕੀਲਾਂ ਦਿਲਸ਼ੇਰ ਸਿੰਘ ਜੰਡਿਆਲਾ ਅਤੇ ਰਮਨਦੀਪ ਸਿੰਘ ਗਿੱਲ ਨਾਲ ਮੁਹਾਲੀ ਦੇ ਐਸਐਸਪੀ, ਐਸਪੀ (ਸਿਟੀ) ਅਤੇ ਡੀਐਸਪੀ (ਸਿਟੀ-1) ਨਾਲ ਮੁਲਾਕਾਤ ਕਰਕੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਗੁਰਦੁਆਰਾ ਵਿਵਾਦ ਤੋਂ ਵੱਖਰਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਐਸਐਸਪੀ ਨੂੰ ਨਵੇਂ ਸਿਰਿਓਂ ਸ਼ਿਕਾਇਤ ਦੇ ਕੇ ਥਾਣੇਦਾਰਾਂ ਖ਼ਿਲਾਫ਼ ਵੱਖਰੀ ਐਫ਼ਆਈਆਰ ਦਰਜ ਕਰਨ ਦੀ ਮੰਗ ਦੁਹਰਾਈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਪੱਤਰਕਾਰ ਅਤੇ ਉਸ ਦੇ ਵਕੀਲਾਂ ਨੇ ਕਿਹਾ ਕਿ ਜੇਕਰ ਪੁਲੀਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਨਹੀਂ ਕੀਤੀ ਤਾਂ ਸਿੱਖ, ਸਮਾਜਿਕ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਸੰਘਰਸ਼ ਵਿੱਢਿਆ ਜਾਵੇਗਾ। ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਏਐਸਆਈ ਓਮ ਪ੍ਰਕਾਸ਼ ਨੂੰ ਗੁਰਦੁਆਰਾ ਪ੍ਰਧਾਨ ਵਾਲੇ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਸ ਦੀ ਸ਼ਿਕਾਇਤ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਹੈ ਨਾ ਕਿ ਪ੍ਰਧਾਨ ਦੇ ਖ਼ਿਲਾਫ਼। ਉਨ੍ਹਾਂ ਖ਼ਿਲਾਫ਼ ਵਿਰੋਧੀ ਧੜੇ ਨੇ ਆਪਸੀ ਵਿਵਾਦ ਸਬੰਧੀ ਵੱਖਰੀ ਸ਼ਿਕਾਇਤ ਦਿੱਤੀ ਸੀ। ਉਧਰ, ਐਸਪੀ ਸਿਟੀ ਹਰਵਿੰਦਰ ਸਿੰਘ ਵਿਰਕ ਨੇ ਵਫ਼ਦ ਨੂੰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…