ਪੱਤਰਕਾਰ ਦੀ ਕੁੱਟਮਾਰ ਦਾ ਮਾਮਲਾ ਭਖਿਆ, ਵਿਧਾਇਕ ਐਨਕੇ ਸ਼ਰਮਾ ਨੇ ਲਾਏ ਗੰਭੀਰ ਦੋਸ਼

ਪੱਤਰਕਾਰ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਸੰਘਰਸ਼ ਵਿੱਢਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4 ਵਿੱਚ ਦੋ ਧਿਰਾਂ ਵਿੱਚ ਹੋਏ ਆਪਸੀ ਵਿਵਾਦ ਦੌਰਾਨ ਅੰਮ੍ਰਿਤਧਾਰੀ ਪੱਤਰਕਾਰ ਮੇਜਰ ਸਿੰਘ ਦੀ ਫੇਜ਼-1 ਥਾਣੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਕੁੱਟਮਾਰ ਦਾ ਮਾਮਲਾ ਕਾਫੀ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਐਨਕੇ ਸ਼ਰਮਾ ਨੇ ਐਤਵਾਰ ਨੂੰ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਪੀੜਤ ਪੱਤਰਕਾਰ ਦੀ ਖ਼ਬਰ-ਸਾਰ ਪੁੱਛੀ ਅਤੇ ਪੁਲੀਸ ਦੀ ਕਾਰਵਾਈ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਦੱਸਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਐਨਕੇ ਸ਼ਰਮਾ ਨੇ ਕਾਂਗਰਸ ਨੂੰ ਸਿੱਖ ਵਿਰੋਧੀ ਦੱਸਦਿਆਂ ਕਿਹਾ ਕਿ ਪੁਲੀਸ ਦੀ ਇਸ ਕਾਰਵਾਈ ਨੇ ਜੂਨ 84 ਵੇਲੇ ਸਿੱਖਾਂ ਦੇ ਹੋਏ ਜਬਰ ਜੁਲਮ ਦੀ ਘਟਨਾ ਨੂੰ ਫਿਰ ਤੋਂ ਤਾਜ਼ਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨਿਰਦੋਸ਼ ਲੋਕਾਂ ਉੱਤੇ ਅੰਨ੍ਹੇਵਾਹ ਤਸ਼ੱਦਦ ਢਾਹੁਣ ਅਤੇ ਗੁਰਧਾਮਾਂ ਦੀ ਬੇਅਦਬੀ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਪੱਤਰਕਾਰ ਦੀ ਹਾਲਤ ਨੂੰ ਦੇਖ ਕੇ ਕਿਹਾ ਕਿ ਇੰਜ ਜਾਪਦਾ ਹੈ ਕਿ ਜਿਵੇਂ ਪੁਲੀਸ ਨੇ ਉਸ ਨੂੰ ਮਾਰਨ ਦੇ ਇਰਾਦੇ ਨਾਲ ਅਗਵਾ ਕਰਕੇ ਥਾਣੇ ਲਿਆਂਦਾ ਹੋਵੇ। ਉਨ੍ਹਾਂ ਕਿਹਾ ਕਿ ਪੁਲੀਸ ਨੇ ਗੁਰਦੁਆਰੇ ਵਿੱਚ ਹੋਏ ਝਗੜੇ ਅਤੇ ਆਪਣੇ ਗੁਨਾਹ ਨੰਗੇ ਹੋਣ ਦੇ ਡਰੋਂ ਪੱਤਰਕਾਰ ਨੂੰ ਡਰਾ ਧਮਕਾ ਕੇ ਮੀਡੀਆ ਦੀ ਆਵਾਜ਼ ਖਾਮੋਸ਼ ਕਰਨਾ ਚਾਹੁੰਦੀ ਸੀ। ਉਨ੍ਹਾਂ ਇਸ ਘਟਨਾ ਪਿੱਛੇ ਇਕ ਮੰਤਰੀ ਦਾ ਹੱਥ ਹੋਣਾ ਦੱਸਿਆ ਹੈ। ਅਕਾਲੀ ਵਿਧਾਇਕ ਨੇ ਮੰਗ ਕੀਤੀ ਕਿ ਪੱਤਰਕਾਰ ਦੀ ਕੁੱਟਮਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਧਾਰਾ 307 ਅਤੇ 295ਏ ਦਾ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੱਤਰਕਾਰ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਅਕਾਲੀ ਦਲ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ ਅਤੇ ਡੀਸੀ ਅਤੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ, ਸੁਖਦੇਵ ਸਿੰਘ ਪਟਵਾਰੀ, ਆਰਪੀ ਸ਼ਰਮਾ ਤੇ ਹੋਰ ਵਰਕਰ ਸਨ।
ਉਧਰ, ਜਾਂਚ ਅਧਿਕਾਰੀ ਤੇ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸਮੁੱਚੇ ਘਟਨਾਕ੍ਰਮ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਥਾਣੇਦਾਰਾਂ ਨੂੰ ਬੀਤੇ ਕੱਲ੍ਹ ਹੀ ਮੁਅੱਤਲ ਕਰ ਕੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਪ੍ਰਸ਼ਾਸਨ ਵੱਲੋਂ ਵੀ ਨਿਆਂਇਕ ਜਾਂਚ ਸ਼ੁਰੂ ਹੋ ਗਈ ਹੈ। ਦੋਵੇਂ ਪੜਤਾਲਾਂ ਦੀ ਰਿਪੋਰਟ ਦਾ ਮਿਲਾਨ ਕਰ ਕੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …