
ਪੱਤਰਕਾਰ ਦੀ ਕੁੱਟਮਾਰ: ਮੁੱਖ ਮੰਤਰੀ ਦਫ਼ਤਰ ਨੇ ਡੀਜੀਪੀ ਨੂੰ ਬਣਦੀ ਕਾਰਵਾਈ ਕਰਨ ਦੀ ਹਦਾਇਤ
ਪੀੜਤ ਪੱਤਰਕਾਰ ਨੇ ਮੁੜ ਦੁਹਰਾਈ ਕੁੱਟਮਾਰ ਕਰਨ ਵਾਲੇ ਥਾਣੇਦਾਰਾਂ ਖ਼ਿਲਾਫ਼ ਵੱਖਰਾ ਕੇਸ ਦਰਜ ਕਰਨ ਦੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਬੀਤੀ 22 ਮਈ ਨੂੰ ਦੋ ਧਿਰਾਂ ਵਿੱਚ ਹੋਏ ਵਿਵਾਦ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪੱਤਰਕਾਰ ਮੇਜਰ ਸਿੰਘ ਪੰਜਾਬੀ ਦੀ ਫੇਜ਼-1 ਥਾਣੇ ਵਿੱਚ ਲਿਆ ਕੇ ਕੀਤੀ ਕੁੱਟਮਾਰ ਅਤੇ ਕਕਾਰਾਂ ਦੀ ਕਥਿਤ ਬੇਅਦਬੀ ਮਾਮਲੇ ਸਬੰਧੀ ਮੁੱਖ ਮੰਤਰੀ ਦਫ਼ਤਰ ਨੇ ਡੀਜੀਪੀ ਨੂੰ ਬਣਦੀ ਕਾਰਵਾਈ ਕਰਨ ਲਈ ਆਖਿਆ ਹੈ। ਇਸ ਸਬੰਧੀ ਪੀੜਤ ਪੱਤਰਕਾਰ ਨੇ ਬੀਤੀ 29 ਜੂਨ ਨੂੰ ਸਬੰਧੀ ਮੁੱਖ ਮੰਤਰੀ ਨੂੰ ਸ਼ਿਕਾਇਤ ਭੇਜ ਕੇ ਇਨਸਾਫ਼ ਦੀ ਗੁਹਾਰ ਲਗਾਈ ਸੀ।
ਮੇਜਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਈ-ਮੇਲ ਰਾਹੀਂ ਸੂਚਨਾ ਮਿਲੀ ਹੈ। ਜਿਸ ਵਿੱਚ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਲਿਖਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਹੁਣ ਮੁੱਖ ਮੰਤਰੀ ਦੇ ਦਖ਼ਲ ਨਾਲ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਆਸ ਬੁੱਝੀ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਗੁਰਦੁਆਰਾ ਵਿਵਾਦ ਤੋਂ ਵੱਖਰਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਨਹੀਂ ਕੀਤੀ ਤਾਂ ਸਿੱਖ, ਸਮਾਜਿਕ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਸੰਘਰਸ਼ ਵਿੱਢਿਆ ਜਾਵੇਗਾ।