
ਪੱਤਰਕਾਰ ਦੀ ਕੁੱਟਮਾਰ: ਪ੍ਰੈਸ ਕੌਂਸਲ ਆਫ਼ ਇੰਡੀਆ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਦੋ ਮਹੀਨੇ ’ਚ ਜਾਂਚ ਮੁਕੰਮਲ ਕਰਨ ਲਈ ਕਿਹਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਪਿਛਲੇ ਸਾਲ 22 ਮਈ ਨੂੰ ਦੋ ਧਿਰਾਂ ਵਿੱਚ ਹੋਈ ਲੜਾਈ ਦੀ ਕਵਰੇਜ ਕਰ ਰਹੇ ਪੱਤਰਕਾਰ ਮੇਜਰ ਸਿੰਘ ਪੰਜਾਬੀ ਨੂੰ ਪੁਲੀਸ ਵੱਲੋਂ ਜ਼ਬਰਦਸਤੀ ਥਾਣੇ ਵਿੱਚ ਲਿਜਾ ਕੇ ਉਸ ਉੱਤੇ ਅਣਮਨੁੱਖੀ ਤਸ਼ੱਦਦ ਢਾਹੇ ਜਾਣ ਦੇ ਮਾਮਲੇ ਵਿੱਚ ਸਖ਼ਤ ਫੈਸਲਾ ਕਰਦਿਆਂ ਪ੍ਰੈਸ ਕੌਂਸਲ ਆਫ਼ ਇੰਡੀਆ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਦਾਇਤ ਦਿੱਤੀ ਹੈ ਕਿ ਇਸ ਸਮੁੱਚੇ ਮਾਮਲੇ ਦੀ ਜਾਂਚ ਅਤੇ ਉਸ ’ਤੇ ਬਣਦੀ ਕਾਰਵਾਈ ਦੋ ਮਹੀਨੇ ਦੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਪ੍ਰੈਸ ਕੌਂਸਲ ਆਫ਼ ਇੰਡੀਆ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਟਿੱਪਣੀ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਜਿਨ੍ਹਾਂ ਵਿੱਚ ਪੁਲੀਸ ਵੱਲੋਂ ਕਿਸੇ ਦੂਜੇ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ’ਤੇ ਹਮਲਾ ਕੀਤਾ ਗਿਆ ਹੋਵੇ, ਵਿੱਚ ਛੇਤੀ ਤੋਂ ਛੇਤੀ ਕਾਰਵਾਈ ਕੀਤੀ ਹੋਣੀ ਚਾਹੀਦੀ ਹੈ ਤਾਂ ਜੋ ਜ਼ਿੰਮੇਵਾਰਾਂ ਨੂੰ ਇਕ ਸਬਕ ਮਿਲ ਸਕੇ।
ਮੇਜਰ ਸਿੰਘ ਨੇ ਦੱਸਿਆ ਕਿ ਸਾਲ ਪਹਿਲਾਂ ਗੁਰਦੁਆਰਾ ਕਮੇਟੀ ਵਿਵਾਦ ਦੀ ਕਵਰੇਜ ਦੌਰਾਨ ਉੱਥੇ ਮੌਜੂਦ ਏਐਸਆਈ ਓਮ ਪ੍ਰਕਾਸ਼ ਅਤੇ ਏਐਸਆਈ ਅਮਰਨਾਥ ਨੇ ਪਹਿਲਾਂ ਉਸ ਦਾ ਮੋਬਾਈਲ ਖੋਹ ਲਿਆ ਅਤੇ ਫਿਰ ਧੱਕੇ ਨਾਲ ਗੱਡੀ ਵਿੱਚ ਸੁੱਟ ਕੇ ਥਾਣੇ ਲਿਜਾ ਕੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ। ਇਸ ਦੌਰਾਨ ਪੁਲੀਸ ਕਰਮਚਾਰੀਆਂ ਨੇ ਉਸਦੀ ਪੱਗ ਅਤੇ ਕੰਘਾ ਵੀ ਪੈਰਾਂ ਵਿਚ ਰੋਲਿਆ ਅਤੇ ਫਿਰ ਉਸਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ। ਇਸ ਮਾਮਲੇ ਵਿੱਚ ਐਸਐਸਪੀ ਅਤੇ ਮੁੱਖ ਮੰਤਰੀ ਨੂੰ ਵੀ ਸ਼ਿਕਾਇਤ ਦਿੱਤੀ ਗਈ ਸੀ ਪ੍ਰੰਤੂ ਹੁਣ ਤੱਕ ਜੋ ਵੀ ਕਾਰਵਾਈ ਹੋਈ ਹੈ ਉਹ ਅੱਧੀ ਅਧੂਰੀ ਹੋਣ ਕਾਰਨ ਉਸ ਨੂੰ ਇਨਸਾਫ਼ ਨਹੀਂ ਮਿਲ ਸਕਿਆ।
ਆਲ ਇੰਡੀਆ ਸਮਾਲ ਐੱਡ ਮੀਡੀਅਮ ਨਿਊਜ਼ ਪੇਪਰ ਫੈਡਰੇਸ਼ਨ ਪੰਜਾਬ ਦੇ ਕਨਵੀਨਰ ਰਵਨੀਤ ਸਿੰਘ ਜੋਸ਼ੀ ਵੱਲੋਂ ਇਹ ਮਾਮਲਾ ਪ੍ਰੈਸ ਕੌਂਸਲ ਆਫ਼ ਇੰਡੀਆ ਦੇ ਧਿਆਨ ਵਿੱਚ ਲਿਆਉਣ ਉਪਰੰਤ ਪ੍ਰੈਸ ਕੌਂਸਲ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਜਾਂਚ ਕਮੇਟੀ ਦਾ ਗਠਨ ਕਰਕੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ। ਜਿਸ ਦੇ ਜਵਾਬ ਵਿੱਚ ਵਧੀਕ ਚੀਫ਼ ਸਕੱਤਰ (ਗ੍ਰਹਿ ਵਿਭਾਗ) ਨੇ ਪ੍ਰੈਸ ਕੌਂਸਲ ਆਫ਼ ਇੰਡੀਆ ਨੂੰ ਲਿਖਤੀ ਪੱਤਰ ਰਾਹੀਂ ਦੱਸਿਆ ਗਿਆ ਕਿ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਏਐਸਆਈ ਓਮ ਪ੍ਰਕਾਸ਼ ਅਤੇ ਏਐਸਆਈ ਅਮਰਨਾਥ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਏਐਸਆਈ ਓਮ ਪ੍ਰਕਾਸ਼ ਦਾ ਤਬਾਦਲਾ ਸਰਹੱਦੀ ਜ਼ਿਲ੍ਹਾ ਤਰਨਤਾਰਨ ਵਿਖੇ ਕਰ ਦਿੱਤਾ ਗਿਆ ਹੈ।
ਪੀੜਤ ਮੇਜਰ ਸਿੰਘ ਅਨੁਸਾਰ ਉਸ ਨੇ ਪ੍ਰੈਸ ਕੌਂਸਲ ਆਫ਼ ਇੰਡੀਆ ਦੀ ਜਾਂਚ ਕਮੇਟੀ ਅੱਗੇ ਪੇਸ਼ ਹੋ ਕੇ ਸ਼ਿਕਾਇਤ ਕੀਤੀ ਸੀ ਕਿ ਉਸ ’ਤੇ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਵਿੱਚ ਨਾਮਜ਼ਦ ਏਐਸਆਈ ਓਮ ਪ੍ਰਕਾਸ਼ ਅਤੇ ਏਐਸਆਈ ਅਮਰਨਾਥ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਮੁਹਾਲੀ ਪੁਲੀਸ ਵੱਲੋਂ ਜਾਂਚ ਕਮੇਟੀ ਅੱਗੇ ਪੇਸ਼ ਹੋਏ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦਾ ਕਹਿਣਾ ਸੀ ਕਿ ਮਾਮਲੇ ਦੀ ਜਾਂਚ ਐਸਡੀਐਮ ਖਰੜ ਹਿਮਾਂਸ਼ੂ ਜੈਨ ਵੱਲੋਂ ਕੀਤੀ ਜਾ ਰਹੀ ਹੈ ਅਤੇ ਨਾਮਜ਼ਦ ਪੁਲੀਸ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਪੈਂਡਿੰਗ ਹੈ।