
ਜੁਡੀਸ਼ਲ ਟੀਮ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ: ਆਰਐਸ ਰਾਏ
ਸਰਕਾਰੀ ਕੰਨਿਆਂ ਸਕੂਲ ਸੋਹਾਣਾ ਤੋਂ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਤੱਕ ਵਾਕਾਥਾਨ
‘ਪੈਨ ਇੰਡੀਆ ਅਵੇਰਨੈਸ ਤੇ ਆਊਟਰੀਚ ਪ੍ਰੋਗਰਾਮ’ ਦੀ ਸ਼ੁਰੂਆਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੇ ਤਿਵਾੜੀ ਦੀ ਯੋਗ ਅਗਵਾਈ ਹੇਠ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਵੱਲੋਂ ‘ਪੈਨ ਇੰਡੀਆ ਅਵੇਰਨੈਸ ਅਤੇ ਆਊਟਰੀਚ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਇਕ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਮੁਹਾਲੀ ਸਮੇਤ ਨੇੜਲੇ ਪਿੰਡਾਂ ਸ਼ੰਗਾਰੀਵਾਲ, ਮਸਤਗੜ੍ਹ, ਰਤਵਾੜਾ ਸਾਹਿਬ, ਪੈਂਤਪੁਰ ਅਤੇ ਮੁੱਲਾਂਪੁਰ ਗਰੀਬਦਾਸ ਦੇ ਪਿੰਡਾਂ ਵਿੱਚ ਆਮ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 14 ਨਵੰਬਰ ਤੱਕ ਸਮੁੱਚੇ ਜ਼ਿਲ੍ਹੇ ਅੰਦਰ ਜਾਰੀ ਰਹੇਗੀ। ਇਸ ਦੌਰਾਨ ਸਮੂਹ ਪਿੰਡਾਂ ਤੱਕ ਪਹੁੰਚ ਕੀਤੀ ਜਾਵੇਗੀ।
ਇਸੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਦਾ ਹੋਕਾ ਦੇਣ ਲਈ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਤੋਂ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਸੈਕਟਰ-76 ਤੱਕ ਵਾਕਾਥਾਨ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਸਮੇਤ ਸਮੂਹ ਜੁਡੀਸ਼ਲ ਅਧਿਕਾਰੀਆਂ, ਪੈਨਲ ਦੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਅਦਾਲਤੀ ਸਟਾਫ਼, ਸੋਸ਼ਲ ਵਰਕਰਾਂ ਅਤੇ ਆਮ ਨਾਗਰਿਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।