ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ਾਸਨ ਵਿੱਚ ਜੰਗਲ ਰਾਜ: ਬਲਵਿੰਦਰ ਕੁੰਭੜਾ

ਸਾਲਾਂ ਪੁਰਾਣੇ ਕਾਸ਼ਤਕਾਰ ਦੀ ਜ਼ਮੀਨ ’ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼

ਪੁਲੀਸ ਨੂੰ 15 ਦਿਨ ਦਾ ਅਲਟੀਮੇਟਮ, ਬਨੂੜ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਕੀਤੀ ਇੱਕ ਅਹਿਮ ਮੁੱਦੇ ’ਤੇ ਪ੍ਰੈਸ ਕਾਨਫਰੰਸ ਦੌਰਾਨ ਕਿਰਪਾਲ ਸਿੰਘ ਪੱੁਤਰ ਅਜਮੇਰ ਸਿੰਘ ਵਾਸੀ ਪਿੰਡ ਹਦਾਇਤਪੁਰਾ ਜ਼ਿਲ੍ਹਾ ਪਟਿਆਲਾ ਨੇ ਦੱਸਿਆ ਕਿ ਸਾਲ 1956 ਤੋਂ ਜ਼ਮੀਨ ’ਤੇ ਕਬਜ਼ਾ ਕਰਕੇ ਖੇਤੀ ਕੀਤੀ ਹੋਈ ਹੈ ਅਤੇ ਕਾਸ਼ਤਕਾਰਾਂ ਦੀ ਗਰਦੌਰੀਆਂ ਵੀ ਚੜੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਉਹ ਮਹਿਰਾ ਜਾਤੀ ਝੂਰ ਨਾਲ ਸਬੰਧਤ ਹਨ ਅਤੇ ਉਹ ਆਪਣੀ ਜ਼ਮੀਨ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਮਾਮਲਾ ਰਾਜਪੁਰਾ ਦੀ ਅਦਾਲਤ ਵਿੱਚ ਸਟੇਅ ਲਈ ਵਿਚਾਰ ਅਧੀਨ ਹੈ ਅਤੇ ਹਾਈ ਕੋਰਟ ਤੋਂ ਵੀ ਉਨ੍ਹਾਂ ਦੇ ਹੱਕ ਵਿੱਚ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਇਨ੍ਹਾਂ ਕਾਸ਼ਤਕਾਰਾਂ ਨੂੰ ਬੇਦਖ਼ਲ ਨਹੀਂ ਕਰ ਸਕਦਾ ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਜੰਗਲ ਰਾਜ ਚਲਾ ਰਹੀ ਹੈ। ਇਹ ਸਭ ਕੁਝ ਪੁਲੀਸ ਥਾਣਾ ਬਨੂੜ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅੱਖਾਂ ਬੰਦ ਕਰਕੇ ਕੀਤਾ ਜਾ ਰਿਹਾ ਹੈ, ਜਿਸ ਦੀ ਮਿਸਾਲ ਪਿੰਡ ਹਦਾਇਤਪੁਰਾ ਹੈ।
ਉਨ੍ਹਾਂ ਦੱਸਿਆ ਕਿ ਜ਼ਮੀਨ ਉਤੇ ਕਬਜ਼ਾ ਕਰਨ ਆਏ 100 ਦੇ ਕਰੀਬ ਵਿਅਕਤੀਆਂ ਦੇ ਹੱਥਾਂ ਵਿੱਚ ਹਥਿਆਰ ਸਨ ਅਤੇ ਮੌਕੇ ਤੋਂ 4-5 ਟਰੈਕਟਰ ਅਤੇ ਵਾਹਨ ਜਿਨ੍ਹਾਂ ਦੀਆਂ ਨੰਬਰ ਪਲੇਟਾਂ ਵੀ ਗਾਇਬ ਸਨ। ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕਰ ਰਹੇ ਲੋਕਾਂ ਦੇ ਪੀੜਤ ਪਰਿਵਾਰਾਂ ਨੇ ਜਦੋਂ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਵੀਡੀਓ ਬਣਾਉਣੀ ਸ਼ੁਰੂ ਕੀਤੀ ਤਾਂ ਕਬਜ਼ਾਧਾਰੀਆਂ ਨੇ ਉਨ੍ਹਾਂ ਦੇ ਫ਼ੋਨ ਵੀ ਖੋਹ ਲਏ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਦੋਂਕਿ ਇਸ ਸਾਰੀ ਘਟਨਾ ਦੀ ਮੂਵੀ ਦੂਜੇ ਫੋਨਾਂ ਰਾਹੀਂ ਬਣਾਈ ਗਈ ਸੀ ਅਤੇ ਸਬੂਤ ਵਜੋਂ ਉਨ੍ਹਾਂ ਕੋਲ ਮੌਜੂਦ ਹੈ। ਪੀੜਤਾਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਘਟਨਾ ਵਾਲੀ ਥਾਂ ’ਤੇ 100 ਨੰਬਰ ’ਤੇ ਪੁਲੀਸ ਨੂੰ ਫੋਨ ਕੀਤਾ। ਇਸ ਤੋਂ ਇਲਾਵਾ ਥਾਣਾ ਬਨੂੜ ਅਤੇ ਐਸਐਸਪੀ ਪਟਿਆਲਾ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਸੰਧੂ, ਜਗਤਾਰ ਸਿੰਘ, ਰੌਣਕ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ ਅਤੇ 100 ਦੇ ਕਰੀਬ ਹੋਰ ਅਣਪਛਾਤੇ ਲੋਕ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ ਅਤੇ ਹਥਿਆਰਬੰਦ ਸਨ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਕੁੰਭੜਾ ਕਿਹਾ ਕਿ ਕਬਜ਼ਾਧਾਰੀ ਪਿੰਡ ਨਗਾਰੀ ਦੇ ਰਹਿਣ ਵਾਲੇ ਹਨ, ਉਨ੍ਹਾਂ ਦੇ ਟਰੈਕਟਰ ਜ਼ਬਤ ਕਰਕੇ ਉਕਤ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਮੋਬਾਈਲ ਖੋਹਣ ਵਾਲਿਆਂ ਵਿਰੁੱਧ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਪੁਲੀਸ ਨੂੰ 15 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਬਨੂੜ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।
ਉਧਰ, ਦੂਜੇ ਪਾਸੇ ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਮੁਲਜ਼ਮਾਂ ਤੋਂ ਉਨ੍ਹਾਂ ਨੂੰ ਆਪਣੀ ਆਪਣੇ ਪਰਿਵਾਰ ਅਤੇ ਆਪਣੀ ਜਾਨ-ਮਾਲ ਦਾ ਖ਼ਤਰਾ ਹੈ ਅਤੇ ਕਿਸੇ ਵੀ ਸਮੇਂ ਕੁਝ ਵੀ ਵਾਪਰ ਸਕਦਾ ਹੈ। ਇਸ ਮੌਕੇ ਕ੍ਰਿਪਾਲ ਸਿੰਘ, ਵੀਰਪਾਲ ਸਿੰਘ, ਚਰਨਜੀਤ ਸਿੰਘ, ਸਵਰਨ ਸਿੰਘ, ਸਿਮਰਨਜੀਤ ਸਿੰਘ ਵਾਸੀ ਹਦਾਇਤਪੁਰਾ, ਮਨਜੀਤ ਸਿੰਘ ਕੁੰਭੜਾ, ਮਨਦੀਪ ਸਿੰਘ, ਸ਼ਵਿੰਦਰ ਸਿੰਘ ਲੱਖੋਵਾਲ (ਪ੍ਰਧਾਨ, ਸਮਾਜ ਭਲਾਈ ਫ਼ਰੰਟ, ਪੰਜਾਬ) ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …