ਰਿਸ਼ਵਤਖੋਰੀ ਮਾਮਲਾ: ਸਿੱਖਿਆ ਵਿਭਾਗ ਵੱਲੋਂ ਜੂਨੀਅਰ ਸਹਾਇਕ ਮੁਅੱਤਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਇਕ ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਫ਼ਤਰ ਮੁਹਾਲੀ ਦੇ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਅੱਜ ਸਿੱਖਿਆ ਵਿਭਾਗ ਪੰਜਾਬ ਨੇ ਮੁਅੱਤਲ ਕਰ ਦਿੱਤਾ ਹੈ। ਡੀਪੀਆਈ ਪੰਜਾਬ ਸੁਖਜੀਤਪਾਲ ਸਿੰਘ ਨੇ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰੰਗੇ ਹੱਥੀਂ ਕਾਬੂ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਪ੍ਰਭਾਵ ਨਾਲ ਉਸ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਡੀਪੀਆਈ ਦੇ ਤਾਜ਼ਾ ਹੁਕਮਾਂ ਅਨੁਸਾਰ ਮੁਅੱਤਲੀ ਦੇ ਸਮੇਂ ਦੌਰਾਨ ਉਸ (ਪ੍ਰਿਤਪਾਲ ਸਿੰਘ) ਦਾ ਹੈੱਡਕਵਾਟਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਫਿਰੋਜ਼ਪੁਰ ਨਿਸ਼ਚਿਤ ਕੀਤਾ ਗਿਆ ਹੈ।
ਵਿਜੀਲੈਂਸ ਦੇ ਡੀਐਸਪੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖਵੱਖ ਧਰਾਵਾਂ ਤਹਿਤ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਪੀੜਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਵਾਸੀ ਫੇਜ਼-11 ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮੁਲਜ਼ਮ ਕਾਫ਼ੀ ਸਮੇਂ ਤੋਂ ਈਟੀਟੀ ਅਧਿਆਪਕ ਨੂੰ ਉਸ ਦੀ ਤਨਖ਼ਾਹ ਦੀ ਬਕਾਇਆ ਰਾਸ਼ੀ ਦੇਣ ਤੋਂ ਆਨਾਕਾਨੀ ਕਰ ਰਿਹਾ ਸੀ ਅਤੇ ਰਿਸ਼ਵਤ ਮੰਗੀ ਜਾ ਰਹੀ ਸੀ। ਜਿਸ ਤੋਂ ਦੁਖੀ ਹੋ ਕੇ ਕਰਮਜੀਤ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਜੂਨੀਅਰ ਸਹਾਇਕ ਤਿੰਨ ਦਿਨ ਦੈ ਪੁਲੀਸ ਰਿਮਾਂਡ ’ਤੇ ਹੈ। ਵਿਜੀਲੈਂਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਰਿਸ਼ਵਤ ’ਚੋਂ ਕਿਹੜੇ-ਕਿਹੜੇ ਅਧਿਕਾਰੀ ਨੂੰ ਹਿੱਸਾ ਜਾਣਾ ਸੀ। ਇਸ ਤੋਂ ਪਹਿਲਾਂ ਉਸ ਨੇ ਹੋਰ ਕਿੰਨੇ ਲੋਕਾਂ ਤੋਂ ਪੈਸੇ ਲੈ ਕੇ ਕੰਮ ਕੀਤੇ ਹਨ ਅਤੇ ਇਸ ਧੰਦੇ ਵਿੱਚ ਹੋਰ ਕੌਣ-ਕੌਣ ਅਧਿਕਾਰੀ ਸ਼ਾਮਲ ਹਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…