
ਆਜ਼ਾਦ ਗਰੁੱਪ ਦੀ ਉਮੀਦਵਾਰ ਕਮਲਜੀਤ ਕੌਰ ਸੋਹਾਣਾ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਇੱਥੋਂ ਦੇ ਵਾਰਡ ਨੰਬਰ-40 ਤੋਂ ਆਜ਼ਾਦ ਗਰੁੱਪ ਦੀ ਉਮੀਦਵਾਰ ਤੇ ਸਾਬਕਾ ਕੌਂਸਲਰ ਕਮਲਜੀਤ ਕੌਰ ਸੋਹਾਣਾ ਨੇ ਸੋਮਵਾਰ ਨੂੰ ਘਰਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਕਾਰਜਕਾਲ ਦੌਰਾਨ ਪਿਛਲੇ ਸਾਲਾਂ ਵਿੱਚ ਸ਼ਹਿਰ ਦੇ ਕੀਤੇ ਸਰਬਪੱਖੀ ਵਿਕਾਸ ਦੇ ਮੁੱਦੇ ’ਤੇ ਵੋਟਾਂ ਮੰਗੀਆਂ। ਇਸ ਦੌਰਾਨ ਬੀਬੀ ਕਮਲਜੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਸਾਬਕਾ ਮੇਅਰ ਕੁਲਵੰਤ ਸਿੰਘ ਵੀ ਆਪਣੀ ਟੀਮ ਨੇ ਉੱਥੇ ਪਹੁੰਚ ਕੇ ਉਨ੍ਹਾਂ ਨੇ ਵੀ ਇਕ ਇਕ ਘਰ ਦੀ ਕੁੰਡੀ ਖੜਕਾਈ ਅਤੇ ਮੁਹਾਲੀ ਦੀ ਤਰੱਕੀ ਅਤੇ ਵਿਕਾਸ ਲਈ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਬਚਨ ਸਿੰਘ ਬੋਪਾਰਾਏ ਦੇ ਨਾਲ ਕਮਲਜੀਤ ਕੌਰ ਨੇ ਸੈਕਟਰ-78 ਵਿੱਚ ਚੋਣ ਪ੍ਰਚਾਰ ਕਰਦਿਆਂ ਵੱਡੇ ਬਜ਼ੁਰਗਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਕਮਲਜੀਤ ਕੌਰ ਨੂੰ ਵਾਰਡ ਦੇ ਲੋਕਾਂ ਦਾ ਚੰਗਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਮੁਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦਾ ਵਿਕਾਸ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਮੌਕਾ ਖੁੰਝਾ ਦਿੱਤਾ ਤਾਂ ਸ਼ਹਿਰ ਵਿੱਚ ਵਿਕਾਸ ਦੀ ਗਤੀ ਰੁਕ ਜਾਵੇਗੀ।