Share on Facebook Share on Twitter Share on Google+ Share on Pinterest Share on Linkedin ਕੰਬਾਲਾ ਕਤਲ ਕਾਂਡ: ਤਾਏ ਦੇ ਪੁੱਤ ਦਾ 3 ਰੋਜ਼ਾ ਪੁਲੀਸ ਰਿਮਾਂਡ, ਕੁਹਾੜੀ ਬਰਾਮਦ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਦਸੰਬਰ: ਇੱਥੋਂ ਦੇ ਨਜ਼ਦੀਕੀ ਪਿੰਡ ਕੰਬਾਲਾ ਵਿੱਚ ਬੁੱਧਵਾਰ ਦੇਰ ਰਾਤ ਆਪਣੇ ਚਚੇਰੇ ਭਰਾ ਗੁਰਵਿੰਦਰ ਸਿੰਘ (32) ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਲਖਵਿੰਦਰ ਸਿੰਘ ਲੱਖੀ (ਮ੍ਰਿਤਕ ਦੇ ਤਾਏ ਦਾ ਪੁੱਤ) ਨੂੰ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈਸਟ ਕਰਵਾਇਆ ਗਿਆ। ਮੁਲਜ਼ਮ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਕਤਲ ਦਾ ਪਰਚਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਕੁਹਾੜੀ ਵੀ ਬਰਾਮਦ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮ ਦੇ ਬੇਟੇ ਦਾ ਵਿਆਹ ਸੀ ਅਤੇ ਬੁੱਧਵਾਰ ਨੂੰ ਮੇਲ ਵਾਲੇ ਦਿਨ ਉਨ੍ਹਾਂ ਦੇ ਘਰ ਜਸ਼ਨ ਪਾਰਟੀ ਸੀ ਅਤੇ ਪਰਿਵਾਰ ਤੇ ਰਿਸ਼ਤੇਦਾਰਾਂ ਨੇ ਜਾਗੋ ਕੱਢੀ ਗਈ। ਵਿਆਹ ਦੀ ਖ਼ੁਸ਼ੀ ਵਿੱਚ ਇਕੱਠੇ ਹੋਏ ਰਿਸ਼ਤੇਦਾਰ ਅਤੇ ਹੋਰ ਜਾਣਕਾਰ ਸ਼ਰਾਬ ਪੀ ਰਹੇ ਸੀ। ਇਸ ਦੌਰਾਨ ਦੋਵੇਂ ਭਰਾਵਾਂ ਗੁਰਵਿੰਦਰ ਅਤੇ ਲੱਖੀ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਵਾਪਸੀ ਵੇਲੇ ਗੁਰਵਿੰਦਰ, ਲੱਖੀ ਦੇ ਘਰ ਕੋਲੋਂ ਲੰਘ ਰਿਹਾ ਸੀ ਤਾਂ ਇਸ ਦੌਰਾਨ ਲੱਖੀ ਨੇ ਆਪਣੇ ਚਚੇਰੇ ਭਰਾ ਗੁਰਵਿੰਦਰ ਨੂੰ ਘੇਰ ਕੇ ਉਸ ਦੀ ਗਰਦਨ ’ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। (ਬਾਕਸ ਆਈਟਮ) ਉਧਰ, ਕੈਬ ਚਾਲਕ ਜਸਪ੍ਰੀਤ ਸਿੰਘ (31) ਵਾਸੀ ਇੰਦਰਾ ਕਲੋਨੀ, ਮਨੀਮਾਜਰਾ ਦੇ ਕਤਲ ਮਾਮਲੇ ਵਿੱਚ ਸੋਹਾਣਾ ਪੁਲੀਸ ਨੂੰ ਅੱਜ ਤੀਜੇ ਦਿਨ ਵੀ ਕੋਈ ਠੋਸ ਸੁਰਾਗ ਨਹੀਂ ਮਿਲਿਆ। ਬੁੱਧਵਾਰ ਨੂੰ ਦੇਰ ਸ਼ਾਮ ਪੁਲੀਸ ਨੇ ਪਿੰਡ ਨਾਨੂਮਾਜਰਾ-ਸੰਭਾਲਕੀ ਨੇੜਿਓ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ। ਉਸ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਜਸਪ੍ਰੀਤ ਸਿੰਘ ਚੰਡੀਗੜ੍ਹ ਵਿੱਚ ਹਥਿਆਰ ਦੀ ਨੋਕ ’ਤੇ ਸਰਾਫ਼ ਨੂੰ ਲੁੱਟਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸ਼ਾਮਲ ਦੱਸਿਆ ਜਾ ਰਿਹਾ ਹੈ। ਮੁਹਾਲੀ ਦੇ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੈੜ ਨੱਪਣ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ