ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਸਿੱਖਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ
ਮੁਹਾਲੀ ਦੇ ਸਿਨੇਮਾਘਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ, ਵੱਡੀ ਗਿਣਤੀ ’ਚ ਪੁਲੀਸ ਤਾਇਨਾਤ
ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ:
ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਨੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਅਦਾਕਾਰਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਅੱਜ ਰਿਲੀਜ਼ ਹੋਈ ਹੈ। ਹਾਲਾਂਕਿ ਸਿੱਖਾਂ ਦੇ ਵਿਰੋਧ ਦੇ ਮੱਦੇਨਜ਼ਰ ਮੁਹਾਲੀ ਦੇ ਕਿਸੇ ਵੀ ਸਿਨੇਮਾਘਰ ਵਿੱਚ ਇਹ ਫ਼ਿਲਮ ਨਹੀਂ ਲੱਗੀ ਪ੍ਰੰਤੂ ਇਸ ਦੇ ਬਾਵਜੂਦ ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਮੁਹਾਲੀ ਵਾਕ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।
ਉਧਰ, ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਇਸ ਤੋਂ ਇਲਾਵਾ ਪੀਵੀਆਰ, ਜੁਬਲੀਵਾਕ, ਸੀਪੀ-67 ਅਤੇ ਬੈਸਟੈੱਕ ਮਾਲ ਦੇ ਬਾਹਰ ਵੀ ਪੁਲੀਸ ਕਰਮਚਾਰੀ ਤਾਇਨਾਤ ਰਹੇ।
ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸਿੱਖਾਂ ਨੂੰ ਬਦਨਾਮ ਕਰਨ ਲਈ ਕੁੱਝ ਸ਼ਕਤੀਆਂ ਚਿਰਾਂ ਤੋਂ ਸਰਗਰਮ ਹਨ, ਖਾਸ ਕਰਕੇ ਕੰਗਨਾ ਰਣੌਤ ਭਾਜਪਾ ਦੇ ਇਸ਼ਾਰੇ ’ਤੇ ਪੰਜਾਬ ਅਤੇ ਸਿੱਖ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਵੀ ਉਸ ਨੇ ਕਿਸਾਨ ਬੀਬੀਆਂ ਖ਼ਿਲਾਫ਼ ਮਾੜੀ ਤੇ ਭੱਦੀ ਟਿੱਪਣੀ ਕੀਤੀ ਸੀ। ਉਂਜ ਵੀ ਉਹ ਪੰਜਾਬੀਆਂ ਖਾਸ ਕਰਕੇ ਸਿੱਖਾਂ ਖ਼ਿਲਾਫ਼ ਜ਼ਹਿਰ ਉਗਲਦੀ ਰਹਿੰਦੀ ਹੈ।
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹ ਫ਼ਿਲਮ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾ ਸਕਦੀ ਹੈ ਅਤੇ ਇਸ ਨਾਲ ਪੰਜਾਬ ਵਿੱਚ ਹਿੰਸਕ ਘਟਨਾਵਾਂ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਵਿਵਾਦਿਤ ਫ਼ਿਲਮ ਮੁਹਾਲੀ ਜ਼ਿਲ੍ਹੇ ਵਿੱਚ ਰਿਲੀਜ਼ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਫ਼ਿਲਮ ਦੇ ਪ੍ਰਸਾਰਨ ਹੋਣ ਕਾਰਨ ਹਿੰਸਾ ਹੋਈ ਤਾਂ ਉਸ ਦੇ ਸਿੱਟਿਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਸੁਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਸਿੱਧੂ, ਗਿਆਨੀ ਚਰਨਜੀਤ ਸਿੰਘ, ਜਗਰਾਜ ਸਿੰਘ, ਜਗਦੀਪ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਸਤਵਿੰਦਰ ਸਿੰਘ, ਸਾਧੂ ਸਿੰਘ, ਸਰਬਜੀਤ ਸਿੰਘ, ਬੀਬੀ ਹਰਬੰਸ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।