ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਜਨਰਲ ਸਕੱਤਰ ਤੇ ਬੁਲਾਰਾ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਲੰਮਾ ਸਮਾਂ ਪ੍ਰਧਾਨ ਰਹੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਟਕਸਾਲੀ ਪਾਰਟੀ ਦਾ ਜਨਰਲ ਸਕੱਤਰ ਅਤੇੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅੱਜ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਅੱਜ ਇਹ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਉਹ ਪਾਰਟੀ ਦੀ ਮਜ਼ਬੂਤੀ ਅਤੇ ਤਰੱਕੀ ਲਈ ਕੰਮ ਕਰਨ ਅਤੇ ਮੀਡੀਆ ਚੈਨਲਾਂ ਵਿੱਚ ਪਾਰਟੀ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਵਧੇਰੇ ਚੰਗੇ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਵੀ ਜਲਦੀ ਕੀਤੀ ਜਾਵੇਗੀ। ਸ੍ਰੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਿੱਖ ਰਾਜਨੀਤੀ ਵਿੱਚ 1995 ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਚੁਣਿਆ ਗਿਆ ਸੀ।
ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸ੍ਰੀ ਪੀਰ ਮੁਹੰਮਦ ਨੇ ਬਰਗਾੜੀ ਮੋਰਚੇ ਦੌਰਾਨ ਫੈਡਰੇਸ਼ਨ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸੌਂਪਿਆ ਸੀ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੰਮੀ ਲੜਾਈ ਲੜੀ ਹੈ। ਇਹੀ ਨਹੀਂ ਉਨ੍ਹਾਂ ਨੇ ਹੋਂਦ ਚਿੱਲੜ, ਬੋਕਾਰੋ, ਕਾਨਪੁਰ, ਨਗਲੋਈ, ਰਿਆਸੀ ਵਰਗੇ ਉਹ ਸਥਾਨ ਲੱਭੇ ਅਤੇ ਉੱਥੇ ਸਿੱਖ ਨਸਲਕੁਸ਼ੀ ਦੀਆਂ ਦਫ਼ਨ ਹੋਈਆਂ ਕਈ ਨਿਸ਼ਾਨੀਆਂ ਲੱਭ ਕੇ ਗਵਾਹਾਂ ਦੀਆਂ ਅਦਾਲਤਾਂ ਵਿੱਚ ਗਵਾਹੀਆਂ ਕਰਵਾਈਆਂ। ਜਦੋਂ ਪੀਰ ਮੁਹੰਮਦ ਤੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਲੀਡਰਸ਼ਿਪ ਤਬਦੀਲੀ ਲਿਆਉਣ ਬਾਰੇ ਪੁੱਛਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਫੈਡਰੇਸ਼ਨ ਨੂੰ ਹੁਣ ਨਿਰੋਲ ਨੌਜਵਾਨ ਵਰਗ ਪ੍ਰਦਾਨ ਕਰਨ ਲਈ ਨੇੜ ਭਵਿੱਖ ਵਿੱਚ ਉਚੇਚੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਵਰਗ ਨੂੰ ਇਕੱਠਿਆਂ ਕਰਕੇ ਨੌਜਵਾਨ ਲੀਡਰਸ਼ਿਪ ਉਭਾਰੀ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…