Nabaz-e-punjab.com

ਕਰਤਾਰਪੁਰ ਲਾਂਘਾ: ਸੁਬਰਾਮਨੀਅਮ ਸਵਾਮੀ ਦਾ ਬਿਆਨ ਭਾਜਪਾ ਦੀ ਸੋਚ ਤੇ ਨੀਤੀਆਂ ਤੋਂ ਬਿਲਕੁਲ ਉਲਟ: ਚੰਦੂਮਾਜਰਾ

ਡਾਕਟਰ ਸਵਾਮੀ ਨੂੰ ਬਿਨਾਂ ਕਿਸੇ ਦੇਰੀ ਤੋਂ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ: ਅਕਾਲੀ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਡਾ. ਸੁਬਰਾਮਨੀਅਮ ਸਵਾਮੀ ਨੇ ਭਾਰਤ-ਪਾਕਿਸਤਾਨ ਵਿੱਚ ਤਣਾਅ ਦੇ ਚੱਲਦਿਆਂ ਕਰਤਾਰਪੁਰ ਕੌਰੀਡੋਰ ਦਾ ਕੰਮ ਬੰਦ ਕਰਨ ਦੀ ਵਕਾਲਤ ਕਰਕੇ ਹੁਕਮਰਾਨ ਪਾਰਟੀ ਭਾਜਪਾ ਲਈ ਨਵੀਆਂ ਮੁਸ਼ਕਲਾਂ ਖੜੀਆਂ ਕਰ ਦਿੱਤੀਆਂ ਹਨ। ਸਵਾਮੀ ਦੇ ਇਸ ਬਿਆਨ ਦੀ ਜਿੱਥੇ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ, ਉੱਥੇ ਹੁਣ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਵੀ ਆਪਣੀ ਚੁੱਪੀ ਤੋੜਦਿਆਂ ਇਸ ਨੂੰ ਮੰਦਭਾਗਾ ਦੱਸਿਆ ਹੈ।
ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਡਾ. ਸੁਬਰਾਮਨੀਅਮ ਸਵਾਮੀ ਹਮੇਸ਼ਾ ਅੌਖੇ ਸਮੇਂ ਸਿੱਖ ਕੌਮ ਅਤੇ ਸਿੱਖਾਂ ਨਾਲ ਖੜਦੇ ਰਹੇ ਹਨ ਪ੍ਰੰਤੂ ਕਰਤਾਰਪੁਰ ਲਾਂਘੇ ਬਾਰੇ ਉਨ੍ਹਾਂ ਦੀ ਬਿਆਨਬਾਜ਼ੀ ਬਹੁਤ ਹੀ ਮੰਦਭਾਗੀ ਅਤੇ ਦੁਖਦਾਇਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਅਤੇ ਪੰਜਾਬੀਆਂ ਦੇ ਮਨਾਂ ਵਿੱਚ ਵਧ ਰਹੇ ਰੋਸ ਨੂੰ ਠੱਲ੍ਹ ਪਾਉਣ ਲਈ ਸਵਾਮੀ ਨੂੰ ਬਿਨਾਂ ਕਿਸੇ ਦੇਰੀ ਤੋਂ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਅਤੇ ਜੇਕਰ ਉਨ੍ਹਾਂ (ਸਵਾਮੀ) ਨੂੰ ਕੋਈ ਗ਼ਲਤਫ਼ਹਿਮੀ ਹੋਈ ਹੈ ਤਾਂ ਉਸ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਦ ਨਾਲ ਜਲਦੀ ਹੀ ਡਾ. ਸਵਾਮੀ ਨੂੰ ਮਿਲ ਕੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਹਿਣਗੇ ਅਤੇ ਵਿਵਾਦਿਤ ਬਿਆਨ ਵਾਪਸ ਲੈਣ ਦੀ ਅਪੀਲ ਕਰਨਗੇ। ਅਕਾਲੀ ਆਗੂ ਨੇ ਕਿਹਾ ਕਿ ਉਹ ਬੜੀ ਜ਼ਿੰਮੇਵਾਰੀ ਨਾਲ ਇਹ ਗੱਲ ਕਹਿ ਸਕਦੇ ਹਨ ਕਿ ਡਾ. ਸਵਾਮੀ ਦਾ ਬਿਆਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੋਚ ਅਤੇ ਨੀਤੀਆਂ ਤੋਂ ਬਿਲਕੁਲ ਉਲਟ ਹੈ। ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਂ ਇਹ ਕਹਿ ਰਹੇ ਹਨ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਸਿਰਫ਼ ਸੰਗਤ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਹੀ ਨਹੀਂ ਹੋਣਗੇ, ਸਗੋਂ ਇਹ ਲਾਂਘਾ ਖੁੱਲ੍ਹਣ ਨਾਲ ਭਾਰਤ-ਪਾਕਿਸਤਾਨ ਦੀ ਅਵਾਮ ਦੇ ਦਿਲ ਵੀ ਜੁੜਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਦੋਵੇਂ ਮੁਲਕਾਂ ਵਿਚਾਲੇ ਪੈਦਾ ਹੋਈ ਕੁੜੱਤਣ ਖ਼ਤਮ ਹੋਣ ਦੇ ਆਸਾਰ ਪੈਦਾ ਹੋ ਸਕਦੇ ਹਨ।
ਇਸ ਮੌਕੇ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜੀਐਸ ਬਾਲੀ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਭਾਗ ਸਿੰਘ ਦੇਸੂਮਾਜਰਾ, ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸਤਵੀਰ ਸਿੰਘ ਧਨੋਆ ਤੇ ਕਮਲਜੀਤ ਸਿੰਘ ਰੂਬੀ, ਗੁਰਮੀਤ ਸਿੰਘ ਸ਼ਾਮਪੁਰ, ਨੰਬਰਦਾਰ ਹਰਵਿੰਦਰ ਸਿੰਘ ਤੇ ਹਰਸੰਗਤ ਸਿੰਘ, ਮਨਮੋਹਨ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…