
ਮੁਹਾਲੀ ਵਿੱਚ ਧੂਮਧਾਮ ਨਾਲ ਮਨਾਇਆ ਗਿਆ ‘ਖਾਲਸਾ ਸਾਜਨਾ ਦਿਵਸ’
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਮੁਹਾਲੀ ਸ਼ਹਿਰ ਅਤੇ ਪੇਂਡੂ ਖੇਤਰ ਵਿੱਚ ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਵੱਖ-ਵੱਖ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਲੰਗਰ ਲਾਏ ਗਏ। ਜਿੱਥੇ ਵੱਖ-ਵੱਖ ਰਾਗੀ, ਕਥਾ ਵਾਚਕਾਂ, ਢਾਡੀ, ਕਵੀਸ਼ਰੀ ਜਥਿਆਂ ਨੇ ਸ਼ਬਦ ਕੀਰਤਨ, ਢਾਡੀ ਵਾਰਾਂ, ਕਥਾ ਅਤੇ ਗੁਰਮਤਿ ਵਿਚਾਰਾਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਬ ਸਾਹਿਬ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1, ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਸਮੇਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ। ਇੱਥੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖਾਲਸਾ ਸਾਜਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ।
ਭਾਈ ਹਰਜਿੰਦਰ ਸਿੰਘ ਨਵਾਂ ਸ਼ਹਿਰ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਦਸਮੇਸ਼ ਪਿਤਾ ਵੱਲੋਂ ਖਾਲਸਾ ਪੰਥ ਦੀ ਸਿਰਜਣਾ ਦੇ ਪ੍ਰਸੰਗ ਨੂੰ ਬੜੇ ਭਾਵਪੂਰਨ ਅਤੇ ਜੋਸ਼ ਭਰਪੂਰ ਤਰੀਕੇ ਨਾਲ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਓਂਕਾਰ ਸਿੰਘ, ਉਤਮਜੀਤ ਕੌਰ ਖਾਲਸਾ, ਭਾਈ ਤਾਰਾ ਸਿੰਘ, ਭਾਈ ਅਵਤਾਰ ਸਿੰਘ ਆਲਮ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਨਿਰਵੈਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਮਹਿੰਦਰ ਸਿੰਘ, ਭਗੜਾਣਾ ਵਾਲਿਆਂ ਦੇ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਮੇਤ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਨਿਹਾਲ ਕੀਤਾ। ਸੈਂਕੜੇ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।