
ਖਰੜ ਦੇ ਵਿਧਾਇਕ ਕੰਵਰ ਸੰਧੂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਜੁਲਾਈ:
ਖਰੜ ਦੇ ਵਿਧਾਇਕ ਕੰਵਰ ਸੰਧੂ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਇਲਾਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕਾਂ ਨੇ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਕਿ ਨੈਸ਼ਨਲ ਹਾਈਵੇਟ ਅਥਾਰਟੀ ਅਤੇ ਨਿਰਮਾਣ ਕੰਪਨੀ ਨੂੰ ਅਗਵਾਈ ਲੀਹਾਂ ਦਿੱਤੀਆਂ ਜਾਣ।
ਪਿੰਡ ਅੱਲਾਪੁਰ ਤੋਂ ਆਏ ਵਸਨੀਕਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਦੀ ਪੰਚਾਇਤ ਅਤੇ ਪੰਚਾਇਤ ਸਕੱਤਰ ਵੱਲੋਂ ਮਿਲ ਕੇ ਸਰਕਾਰ ਵੱਲੋਂ ਆਈਆਂ ਲੋਕ ਭਲਾਈ ਸਕੀਮਾਂ ਜਿਨ੍ਹਾਂ ਵਿੱਚ ਮਨਰੇਗਾ ਅਧੀਨ ਪਸ਼ੂ ਸ਼ੈੱਡ ਅਤੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਆਈ ਗਰਾਂਟ ਸ਼ਾਮਲ ਸਨ, ਨੂੰ ਸਿਰਫ ਆਪਣੇ ਅਤੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਪਿੰਡ ਵਾਸੀਆਂ ਵੱਲੋਂ ਵਿਧਾਇਕ ਕੰਵਰ ਸੰਧੂ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਵਿਧਾਇਕ ਕੰਵਰ ਸੰਧੂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਦੇ ਨਾਲ ਹੀ ਛੱਜੂਮਾਜਰਾ ਤੋਂ ਆਏ ਵਸਨੀਕਾਂ ਨੇ ਸੁਵਿਧਾ ਕੇਂਦਰ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ। ਇਸ ’ਤੇ ਵਿਧਾਇਥ ਸ੍ਰੀ ਸੰਧੂ ਨੇ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਮੌਥੇ ’ਤੇ ਹੀ ਗੱਲ ਕਰਕੇ ਸੁਵਿਧਾ ਕੇਂਦਰ ਨੂੰ ਦੁਬਾਰਾ ਚਾਲੂ ਕਰਨ ਲਈ ਕਿਹਾ। ਇਸ ਮੌਕੇ ਪ੍ਰੈੱਸ ਸਕੱਤਰ ਸਤਿੰਦਰ ਮਾਹਲ ਭਜੌਲੀ ਦਫ਼ਤਰ ਇੰਚਾਰਜ, ਕੁਲਦੀਪ ਸਿੰਘ ਸਿੱਧੂ, ਐਸ.ਐਸ. ਧਾਲੀਵਾਲ, ਆਰਐਸ ਭੰਗੂ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਕਲਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਹਾਜ਼ਰ ਸਨ।