
ਦਿਨ ਦਿਹਾੜੇ ਗੋਲੀਆਂ ਚੱਲੀਆਂ, ਨੌਜਵਾਨ ਗੰਭੀਰ ਜ਼ਖ਼ਮੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਮੁਹਾਲੀ ਦੇ ਰਿਹਾਇਸ਼ੀ ਖੇਤਰ ਫੇਜ਼-5 ਵਿੱਚ ਦਿਨ ਦਿਹਾੜੇ ਗੋਲੀਆਂ ਚੱਲਣ ਕਾਰਨ ਦਹਿਸ਼ਤ ਫੈਲ ਗਈ। ਇਸ ਦੌਰਾਨ ਇਕ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੁਹਾਲੀ ਦੇ ਡੀਐਸਪੀ (ਸਿਟੀ-1) ਸੁਖਨਾਜ ਸਿੰਘ ਨੇ ਗੋਲੀ ਚੱਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਘਟਨਾ ਵਿੱਚ ਹਰਪ੍ਰੀਤ ਸਿੰਘ ਵਾਸੀ ਖਰੜ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਪੀੜਤ ਨੌਜਵਾਨ ਇਕ ਲੜਕੀ ਵੀ ਮੌਜੂਦ ਦੱਸੀ ਜਾ ਰਹੀ ਹੈ। ਪੁਲੀਸ ਨੇ ਜ਼ਖ਼ਮੀ ਨੌਜਵਾਨ ਦੇ ਮਾਪਿਆਂ ਨੂੰ ਇਤਲਾਹ ਕਰ ਦਿੱਤੀ ਹੈ ਅਤੇ ਨੌਜਵਾਨ ਨਾਲ ਮੌਜੂਦ ਲੜਕੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਸਚਾਈ ਸਾਹਮਣੇ ਆ ਸਕੇ।