Nabaz-e-punjab.com

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿੱਚ ਕੀਰਤਨ ਦਰਬਾਰ

ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈਣ ਦੀ ਲੋੜ: ਹਜ਼ੂਰੀ ਰਾਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਇੱਥੋਂ ਦੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿੱਚ ਅੱਜ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਸਮੇਤ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਰਾਜਿੰਦਰ ਸਿੰਘ ਮੋਹਣੀ, ਗਿਆਨੀ ਗੁਰਪ੍ਰੀਤ ਸਿੰਘ ਨਿਆਮੀਆਂ ਅਤੇ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਤੋਂ ਇਲਾਵਾ ਮੁਹਾਲੀ ਅਤੇ ਆਸ ਪਾਸ ਦੇ ਪਿੰਡਾਂ ਤੋਂ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਹਜ਼ੂਰੀ ਰਾਗੀਆਂ ਨੇ ਗੁਰਬਾਣੀ ਦੇ ਕੀਰਤਨ ਦੇ ਨਾਲ-ਨਾਲ ਗੁਰੂ ਇਤਿਹਾਸ ਦੀ ਵਿਆਖਿਆ ਕਰਕੇ ਬਹੁਤ ਸਹਿਜ ਭਾਵ ਨਾਲ ਵਿਦਿਆਰਥੀਆਂ ਨੂੰ ਸਰਲ ਢੰਗ ਨਾਲ ਸਿੱਖ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਬਾਰੇ ਦੱਸਿਆ। ਇਸ ਸਮਾਗਮ ਵਿਸ਼ੇਸ਼ ਗੱਲ ਇਹ ਰਹੀ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਖ਼ੁਦ ਹੀ ਸਮਾਗਮ ਵਾਲੇ ਪੰਡਾਲ ਦੀ ਵਧੀਆ ਤਰੀਕੇ ਨਾਲ ਸਜਾਵਟ ਕੀਤੀ, ਉਸ ਨੂੰ ਫੁੱਲਾਂ ਨਾਲ ਸਜਾਇਆ ਅਤੇ ਸ਼ਬਦ ਕੀਰਤਨ ਕਰਨ ਦੇ ਨਾਲ ਨਾਲ ਲੰਗਰ ਵੀ ਆਪਣੇ ਹੱਥੀਂ ਤਿਆਰ ਕੀਤਾ।
ਇਸ ਮੌਕੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸੱਚ ਨੂੰ ਹਮੇਸ਼ਾ ਪੱਲੇ ਨਾਲ ਬੰਨ੍ਹ ਕੇ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਲ ਭਰ ਪੜ੍ਹਾਈ ਕਰਨ ਤੋਂ ਬਾਅਦ ਵਿਦਿਆਰਥੀਆਂ ਦੀ ਪ੍ਰੀਖਿਆ ਹੁੰਦੀ ਹੈ। ਉਸੇ ਤਰ੍ਹਾਂ ਗੁਰੂ ਸਾਹਿਬ ਜਾਂ ਅਕਾਲ ਪੁਰਖ ਵੀ ਚੰਗੇ ਮਨੁੱਖਾਂ ਦੀ ਪ੍ਰੀਖਿਆ ਲੈਂਦੇ ਹਨ। ਇਸ ਲਈ ਕਿਸੇ ਪ੍ਰਕਾਰ ਪ੍ਰੀਖਿਆ ਤੋਂ ਡਰਨ ਦੀ ਬਜਾਏ ਬੇਖ਼ੌਫ਼ ਸੱਚਾਈ ਦੇ ਰਾਹ ’ਤੇ ਚਲਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਅਖੀਰ ਵਿੱਚ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਅਤੇ ਡਾਇਰੈਕਟਰ (ਪ੍ਰਸ਼ਾਸਨ) ਤੇਗਵੀਰ ਸਿੰਘ ਵਾਲੀਆ ਨੇ ਸਾਰੇ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…