
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲੇ ਮਹੱਲੇ ਸਬੰਧੀ ਕੀਰਤਨ ਦਰਬਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲੇ ਮਹੱਲੇ ਦੇ ਸਬੰਧ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਸੁਰਜੀਤ ਸਿੰਘ ਖਾਲਸਾ ਦੇ ਪੰਥਕ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ 1699ਈ: ਵਿੱਚ ਖਾਲਸਾ ਪੰਥ ਦੀ ਸਿਰਜਣਾ ਕਰਨ ਅਤੇ 1700ਈ: ਵਿੱਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਦੀ ਸ਼ੁਰੂਆਤ ਕਰਨ ਦਾ ਪੂਰਾ ਪ੍ਰਸੰਗ ਕਵੀਸ਼ਰੀ ਵਾਰਾਂ ਰਾਹੀਂ ਸੁਣਾਇਆ। ਭਾਈ ਨਿਰਵੈਰ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਗਿਆਨੀ ਕੁਲਤਾਰ ਸਿੰਘ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਰਵਿੰਦਰ ਸਿੰਘ, ਭਾਈ ਮਨਦੀਪ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ, ਬੀਬੀ ਉਤਮਜੀਤ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਨਿਤਿਨ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 13 ਅਪਰੈਲ ਨੂੰ ਖਾਲਸਾ ਪੰਥ ਸਾਜਨਾ ਦਿਵਸ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਦਰਬਾਰ ਸਾਹਿਬ ਦੇ ਜਥਿਆਂ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।