ਕਿਸਾਨ ਅੰਦੋਲਨ: ਕਈ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮਿਲੇ ਚੈੱਕ ਬਾਉਂਸ

ਖੇਤੀਬਾੜੀ ਡਾਇਰੈਕਟਰ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਤੋਂ ਸਾਰੇ ਜ਼ਿਲ੍ਹਿਆਂ ’ਚੋਂ ਰਿਪੋਰਟਾਂ ਮੰਗੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਵਿੱਤੀ ਸਹਾਇਤਾ ਦੇ ਚੈੱਕ ਬਾਉਂਸ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੇ ਵਫ਼ਦ ਨੇ ਇਹ ਮੁੱਦਾ ਅੱਜ ਇੱਥੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨਾਲ ਮੀਟਿੰਗ ਵਿੱਚ ਚੁੱਕਿਆ। ਉਨ੍ਹਾਂ ਨੇ ਡਾਇਰੈਕਟਰ ਦੇ ਧਿਆਨ ਵਿੱਚ ਲਿਆਂਦਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਲਈ ਪਿਛਲੇ ਦਿਨੀਂ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਸੀ. ਰਾਓ ਨੇ ਪ੍ਰਤੀ ਪਰਿਵਾਰ 3-3 ਲੱਖ ਰੁਪਏ ਦੇ ਚੈੱਕ ਦਿੱਤੇ ਸਨ ਪ੍ਰੰਤੂ ਕਈ ਕਿਸਾਨ ਪਰਿਵਾਰਾਂ ਦੇ ਚੈੱਕ ਬਾਉਂਸ ਹੋ ਗਏ ਹਨ ਜਦੋਂਕਿ ਕਾਫ਼ੀ ਪਰਿਵਾਰਾਂ ਨੂੰ ਅਜੇ ਤਾਈਂ ਵਿੱਤੀ ਸਹਾਇਤਾ ਦੇ ਚੈੱਕ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਸਰਾਸਰ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਗੱਲ ਹੈ।
ਵਫ਼ਦ ਅਨੁਸਾਰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਖੇਤੀਬਾੜੀ ਡਾਇਰੈਕਟਰ ਨੇ ਕਿਸਾਨਾਂ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਅਧਿਕਾਰੀ ਨਾਲ ਟੈਲੀਫੋਨ ’ਤੇ ਜਾਣਕਾਰੀ ਸਾਂਝੀ ਕੀਤੀ ਅਤੇ ਮੌਕੇ ’ਤੇ ਹੀ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਸਾਰੇ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਲਿਖਤੀ ਹਦਾਇਤਾਂ ਦਿੱਤੀਆਂ ਕਿ ਚੈੱਕ ਬਾਉਂਸ ਹੋਣ ਸਬੰਧੀ ਹਫ਼ਤੇ ਦੇ ਅੰਦਰ-ਅੰਦਰ ਤੇਲੰਗਾਨਾ ਦੇ ਮੁੱਖ ਮੰਤਰੀ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਵੰਡੇ ਚੈੱਕਾਂ ਦੀ ਰਿਪੋਰਟ ਮੁੱਖ ਦਫ਼ਤਰ ਮੁਹਾਲੀ ਵਿੱਚ ਭੇਜੀਆਂ ਜਾਣ।
ਸ੍ਰੀ ਬਹਿਰੂ ਨੇ ਦੱਸਿਆ ਕਿ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਸੀ, ਉਸ ਵਿੱਚ ਖਾਦਾਂ, ਕੀਟਨਾਸ਼ਕ ਦਵਾਈਆਂ, ਨਕਲੀ ਬੀਜਾਂ ਦੀ ਰੋਕਥਾਮ ਲਈ ਠੋਸ ਨੀਤੀ ਬਣਾਉਣ ਦਾ ਐਲਾਨ ਕੀਤਾ ਸੀ। ਅੱਜ ਜਦੋਂ ਕਿਸਾਨਾਂ ਨੇ ਮੁੱਖ ਮੰਤਰੀ ਦੇ ਇਸ ਐਲਾਨ ਬਾਰੇ ਜਾਣਕਾਰੀ ਲੈਣੀ ਚਾਹੀ ਤਾਂ ਡਾਇਰੈਕਟਰ ਨੇ ਵਫ਼ਦ ਨੂੰ ਦੱਸਿਆ ਕਿ ਸਰਕਾਰ ਨਕਲੀ ਖਾਦਾ ਅਤੇ ਬੀਜ਼ਾਂ ਦਾ ਕਾਰੋਬਾਰ ਬੰਦ ਕਰਨ ਲਈ ਪੰਜਾਬ ਵਿੱਚ 50 ਤੋਂ ਵੱਧ ਕੀਟਨਾਸ਼ਕ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਸਖ਼ਤ ਤਾੜਨਾ ਕੀਤੀ ਜਾ ਚੁੱਕੀ ਹੈ ਜਦੋਂਕਿ ਬਾਹਰਲੇ ਸੂਬਿਆਂ ਵਿੱਚ ਕੀਟਨਾਸ਼ਕ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਵਿਰੁੱਧ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਮੈਨੀਫੈਕਚਰ ਕੰਪਨੀਆਂ ਬਾਰੇ ਨਵਾਂ ਕਾਨੂੰਨ ਲਿਆ ਰਹੀ ਹੈ।
ਉਨ੍ਹਾਂ ਸਪੱਸ਼ਟ ਕਰਦਿਆਂ ਦੱਸਿਆ ਕਿ ਕੀਟਨਾਸ਼ਕ ਦਵਾਈਆਂ ਤੇ ਬਾਰ ਕੋਡ ਲੱਗਣ ਨਾਲ ਇਹ ਮਿਲਾਵਟੀ ਕਾਰੋਬਾਰ ਨਾਲ ਜੁੜੀਆਂ ਕਾਲੀਆਂ ਭੇਡਾਂ ਨੂੰ ਪੰਜਾਬ ’ਚੋਂ ਭਾਜ ਦਿੱਤੀ ਜਾਵੇਗੀ। ਬਹਿਰੂ ਨੇ ਦੱਸਿਆ ਕਿ ਅੱਜ ਡਾਇਰੈਕਟਰ ਨਾਲ ਮੀਟਿੰਗ ਦੌਰਾਨ ਇੱਕ ਬਦਨਾਮ ਅਤੇ ਭ੍ਰਿਸ਼ਟ ਅਧਿਕਾਰੀ ਵਿਰੁੱਧ ਵੀ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਸ ਬਾਰੇ ਡਾਇਰੈਕਟਰ ਨੇ ਨਿਰਪੱਖ ਜਾਂਚ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਹੇ। ਇਸ ਮੌਕੇ ਜਥੇਬੰਦੀ ਦੇ ਜਰਨਲ ਸਕੱਤਰ ਗੁਰਮੇਲ ਸਿੰਘ ਬੋਸਰ, ਮੀਤ ਪ੍ਰਧਾਨ ਸੇਵਾ ਸਿੰਘ ਪਨੋਦੀਆਂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…