ਕਿਸਾਨ ਅੰਦੋਲਨ ਦਾ ਛੇਤੀ ਕੋਈ ਢੁੱਕਵਾਂ ਹੱਲ ਕੀਤਾ ਜਾਵੇ: ਤੇਜਿੰਦਰ ਸਰਾਂ

ਕੇਂਦਰੀ ਖੇਤੀਬਾੜੀ ਮੰਤਰੀ ਨਾਲ ਰਾਮਵੀਰ ਭੱਟੀ ਅਤੇ ਤੇਜਿੰਦਰ ਸਰਾਂ ਨੇ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਨਵੀਂ ਦਿੱਲੀ, 3 ਅਗਸਤ:
ਚੰਡੀਗੜ੍ਹ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਮਵੀਰ ਭੱਟੀ ਅਤੇ ਸਕੱਤਰ ਤੇਜਿੰਦਰ ਸਿੰਘ ਸਰਾਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਮੁਲਾਕਾਤ ਕੀਤੀ ਅਤੇ ਚੰਡੀਗੜ੍ਹ ਦੇ ਪੇਂਡੂ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਜਿਸ ਵਿੱਚ ਮੁੱਖ ਤੌਰ ’ਤੇ ਕੁਲੈਕਟਰ ਰੇਟ ਵਿੱਚ ਕਮੀ, ਖੇਤੀਬਾੜੀ ਵਾਲੀ ਜ਼ਮੀਨ ਦੀ ਗਲਤ ਕੀਮਤ ਤੈਅ ਕਰਨਾ, ਲਾਲ ਡੋਰਾ ਦੇ ਬਾਹਰ ਜ਼ਮੀਨ ਅਤੇ ਇਮਾਰਤਾਂ ਨੂੰ ਨਿਯਮਤ ਕਰਨਾ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ, ਪੇਂਡੂ ਖੇਤਰਾਂ ਵਿੱਚ ਬਿਹਤਰ ਪਾਣੀ, ਸੀਵਰੇਜ, ਮੈਡੀਕਲ ਸਹੂਲਤਾਂ ਤੋਂ ਇਲਾਵਾ, ਉਨ੍ਹਾਂ ਨੇ ਚੰਡੀਗੜ੍ਹ ਪੁਲੀਸ ਵਰਗੇ ਪੇਂਡੂ ਪੜ੍ਹੇ-ਲਿਖੇ ਨੌਜਵਾਨਾਂ ਵਿੱਚ ਪਾਈ ਜਾ ਰਹੀ ਬੇਰੁਜ਼ਗਾਰੀ ਅਤੇ ਪੇਂਡੂ ਨੌਜਵਾਨਾਂ ਨੂੰ ਨੌਕਰੀਆਂ ਵਿੱਚ ਰਾਖਵਾਂਕਰਨ, ਵਿਦਿਅਕ ਵਿੱਚ ਰਾਖਵਾਂਕਰਨ ਦੇ ਸੰਬੰਧ ਵਿੱਚ ਪ੍ਰਭਾਵੀ ਮੁੱਦਿਆਂ ਉੱਪਰ ਵਿਚਾਰ ਚਰਚਾ ਕੀਤੀ।
ਇਸ ਮੌਕੇ ਉਨ੍ਹਾਂ ਨੇ ਕੇਂਦਰੀ ਖੇਤੀ ਮੰਤਰੀ ਤੋਮਰ ਨੂੰ ਦੱਸਿਆ ਕਿ ਪੰਜਾਬ ਤੇ ਚੰਡੀਗੜ੍ਹ ਵਿੱਚ ਵਿਰੋਧੀ ਪਾਰਟੀਆਂ ਕਿਸਾਨੀ ਅੰਦੋਲਨ ਦੇ ਨਾਂ ’ਤੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦਾ ਕੋਈ ਵੀ ਆਗੂ ਜਦੋਂ ਪੰਜਾਬ ਅਤੇ ਚੰਡੀਗੜ੍ਹ ਦੀ ਸਮਾਜਿਕ ਪ੍ਰੋਗਰਾਮ ਵਿਚ ਹਿੱਸਾ ਲੈਣ ਜਾਂਦਾ ਹੈ ਤਾਂ ਵਿਰੋਧੀ ਪਾਰਟੀਆਂ ਆਪਣੀ ਸ਼ਰਾਰਤੀ ਅਨਸਰਾਂ ਨੂੰ ਉਥੇ ਭੇਜ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਿਰੋਧ ਕਰਵਾਉਂਦੀਆਂ ਹਨ। ਹਾਲਾਂਕਿ ਇਨ੍ਹਾਂ ਪ੍ਰੋਗਰਾਮਾਂ ਦੇ ਵਿੱਚ ਵਿਰੋਧੀ ਪਾਰਟੀਆਂ ਦੇ ਆਪਣੇ ਬੰਦੇ ਹੁੰਦੇ ਹਨ ਪ੍ਰੰਤੂ ਉਹ ਆਪਣੇ ਬੰਦਿਆਂ ਨੂੰ ਅਜਿਹੇ ਪ੍ਰੋਗਰਾਮਾਂ ਵਿਚ ਕਿਸਾਨ ਬਣਾ ਕੇ ਭੇਜਦੀਆਂ ਹਨ।
ਤਜਿੰਦਰ ਸਿੰਘ ਸਰਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਚੰਡੀਗੜ੍ਹ ਵਿੱਚ ਹੋਣ ਵਾਲੀਆਂ ਮਿਉਂਸਪਲ ਕਾਰਪੋਰੇਸ਼ਨ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਹੈ। ਜਿਸ ਦੇ ਚੱਲਦਿਆਂ ਵਿਰੋਧੀ ਪਾਰਟੀਆਂ ਇਨ੍ਹਾਂ ਚੋਣਾਂ ਵਿੱਚ ਜਿੱਤ ਪ੍ਰਾਪਤੀ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਹੁਤੀ ਵਾਰੀ ਇਨ੍ਹਾਂ ਸ਼ਰਾਰਤੀ ਅਨਸਰਾਂ ਵੱਲੋਂ ਭਾਜਪਾ ਆਗੂਆਂ ਨੂੰ ਕਥਿਤ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ। ਪਰ ਇਸ ਸਭ ਦੇ ਬਾਵਜੂਦ ਭਾਜਪਾ ਆਗੂ ਅਤੇ ਵਰਕਰ ਲਗਾਤਾਰ ਆਪਣੀ ਮਿਹਨਤ ਅਤੇ ਦ੍ਰਿੜ ਹੌਸਲੇ ਨਾਲ ਲੋਕਾਂ ਵਿੱਚ ਜਾ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦਾ ਯਤਨ ਕਰ ਰਹੇ ਹਨ। ਤੇਜਿੰਦਰ ਸਿੰਘ ਸਰਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਇਸ ਮਸਲੇ ਦਾ ਕੋਈ ਢੁੱਕਵਾਂ ਹੱਲ ਕੱਢਣ ਤਾਂ ਜੋ ਭਾਰਤੀ ਜਨਤਾ ਪਾਰਟੀ ਦੇ ਆਗੂ ਵਧੀਆ ਕਾਰਗੁਜ਼ਾਰੀ ਦਿਖਾ ਸਕਣ। ਇਸ ਸਬੰਧੀ ਕੇਂਦਰੀ ਖੇਤੀ ਮੰਤਰੀ ਨੇ ਦੋਵਾਂ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਸਾਰੀਆਂ ਮੰਗਾਂ ਅਤੇ ਸੁਝਾਅ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਇਸ ਦਿਸ਼ਾ ਵਿੱਚ ਛੇਤੀ ਹੀ ਕੰਮ ਕੀਤਾ ਜਾਵੇਗਾ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…