
ਕਿਸਾਨਾਂ ਵੱਲੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਦੀ ਕੀਤੀ ਜਾਂਦੀ ਲੁੱਟ ’ਤੇ ਕਾਬੂ ਪਾਉਣ ਦੀ ਮੰਗ
ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਏਡੀਸੀ ਨੂੰ ਦਿੱਤੀ ਸ਼ਿਕਾਇਤ, ਏਡੀਸੀ ਸ੍ਰੀਮਤੀ ਜੈਨ ਵੱਲੋਂ ਕਾਰਵਾਈ ਦਾ ਭਰੋਸਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੀ ਕੀਤੀ ਜਾ ਰਹੀ ਆਰਥਿਕ ਲੁੱਟ ਦਾ ਗੰਭੀਰ ਨੋਟਿਸ ਲੈਂਦੇ ਹੋਏ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਾਂ ਲਿਖੀ ਸ਼ਿਕਾਇਤ ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੂੰ ਸੌਂਪੀ ਗਈ। ਡੀਸੀ ਦਫ਼ਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਕੁਲਵੰਤ ਸਿੰਘ ਤ੍ਰਿਪੜੀ, ਜਸਪਾਲ ਸਿੰਘ ਨਿਆਮੀਆਂ, ਕਿਰਪਾਲ ਸਿੰਘ ਸਿਆਊ ਅਤੇ ਲਖਵਿੰਦਰ ਸਿੰਘ ਨੇ ਕਿਹਾ ਕਿ ਡਾਕਟਰ ਨੂੰ ਰੱਬ ਦਾ ਦੂਜਾ ਰੂਪ ਮੰਨਿਆਂ ਜਾਂਦਾ ਹੈ ਪ੍ਰੰਤੂ ਕਰੋਨਾ ਸੰਕਟ ਦੇ ਸਮੇਂ ਪ੍ਰਾਈਵੇਟ ਹਸਪਤਾਲ ਸ਼ਰੇਆਮ ਮਰੀਜ਼ਾਂ ਨੂੰ ਲੁੱਟਣ ’ਤੇ ਲੱਗੇ ਹੋਏ। ਕਿਸਾਨਾਂ ਨੇ ਆਪਣੀ ਸ਼ਿਕਾਇਤ ਵਿੱਚ ਕਈ ਨਾਮੀ ਹਸਪਤਾਲਾਂ ਦਾ ਜ਼ਿਕਰ ਕਰਦੇ ਹੋਏ ਦੋਸ਼ ਲਾਇਆ ਕਿ ਕਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਦੀ ਆੜ ਵਿੱਚ ਕਈ ਗੁਣਾ ਵੱਧ ਪੈਸੇ ਵਸੂਲੇ ਜਾ ਰਹੇ ਹਨ।
ਕਿਸਾਨਾਂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਕੇਸਾਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਹਰ ਪਾਸੇ ਸਹਿਮ ਦਾ ਮਾਹੌਲ ਹੈ। ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਪੀੜਤ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਦਾਖ਼ਲ ਹੋਣਾ ਪੈ ਰਿਹਾ ਹੈ ਪ੍ਰੰਤੂ ਉੱਥੇ ਮਰੀਜ਼ਾਂ ਤੋਂ ਵਾਧੂ ਪੈਸਿਆਂ ਦੀ ਵਸੂਲੀ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਵੱਲੋਂ ਅੱਕਟੇਮਰਾ ਦਾ ਟੀਕਾ ਜਿਸ ਦੀ ਕੀਮਤ 32000 ਰੁਪਏ ਹੈ ਦੇ 80 ਹਜ਼ਾਰ ਰੁਪਏ ਵਸੂਲੇ ਜਾ ਰਹੇ ਹਨ। ਇਸ ਤੋਂ ਇਲਾਵਾ ਇੱਕ ਹੋਰ ਟੀਕਾ ਰੇਮਡੀਸਵੇਰ ਜਿਸ ਦੀ ਕੀਮਤ 1800 ਰੁਪਏ ਹੈ ਪ੍ਰੰਤੂ ਮਰੀਜ਼ ਤੋਂ 12 ਹਜ਼ਾਰ ਰੁਪਏ ਅਤੇ ਸੈਫਸੀਵੈਕ ਜੋ 1100 ਰੁਪਏ ਦਾ ਹੈ ਨੂੰ 1500 ਰੁਪਏ ਵਿੱਚ ਵੇਚਿਆ ਜਾ ਰਿਹਾ ਹੈ।
ਪ੍ਰਾਈਵੇਟ ਹਸਪਤਾਲਾਂ ਵੱਲੋਂ ਆਈਸੀਯੂ ਵਿੱਚ ਇੱਕ ਦਿਨ ਲਈ ਵੈਂਟੀਲੇਟਰ ਦੀ ਸਹੂਲਤ ਬਦਲੇ 45-50 ਹਜ਼ਾਰ ਦੀ ਵਸੂਲੀ ਕੀਤੀ ਜਾ ਰਹੀ ਹੈ। ਹਸਪਤਾਲਾਂ ਵਿੱਚ ਆਮ ਬੈਡਾਂ ਲਈ 25-30 ਹਜ਼ਾਰ ਰੁਪਏ ਲਏ ਜਾ ਰਹੇ ਹਨ। ਮੈਡੀਕਲ ਸਟੋਰਾਂ ਵਿੱਚ ਆਕਸੀਜਨ ਮੀਟਰ, ਆਕਸੀਜਨ ਸਿਲੰਡਰ ’ਤੇ ਲੱਗਣ ਵਾਲੇ ਯੰਤਰਾਂ ਦੀ ਕੀਮਤ ਵੀ ਮਹਿੰਗੀ ਵਸੂਲੀ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਮਰੀਜ਼ਾਂ ਕੋਲੋਂ ਪੀਪੀ ਕਿੱਟਾਂ ਲਈ 2800 ਰੁਪਏ ਦੀ ਵਸੂਲੀ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਸਬੰਧੀ ਦਵਾਈਆਂ ਦੀ ਕੀਮਤ ਅਤੇ ਹੋਰ ਖ਼ਰਚੇ ਨਿਰਧਾਰਿਤ ਨਹੀਂ ਕੀਤੇ ਗਏ ਅਤੇ ਮਰੀਜ਼ਾਂ ਦੀ ਲੁੱਟ ਕਰ ਰਹੇ ਹਸਪਤਾਲਾਂ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਕਿਸਾਨ ਯੂਨੀਅਨ ਵੱਲੋਂ ਹਸਪਤਾਲਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਲੜੀਵਾਰ ਧਰਨੇ ਦਿੱਤੇ ਜਾਣਗੇ। ਇਸ ਮੌਕੇ ਗੁਰਮੀਤ ਸਿੰਘ, ਪਰਦੀਪ ਸਿੰਘ ਕਾਦੀਆਂ ਅਤੇ ਹੋਰ ਕਿਸਾਨ ਹਾਜ਼ਰ ਸਨ।
ਉਧਰ, ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ’ਤੇ ਪਹਿਲਾਂ ਹੀ ਪ੍ਰਾਈਵੇਟ ਹਸਪਤਾਲਾਂ ਲਈ ਰੇਟ ਨਿਰਧਾਰਿਤ ਕੀਤੇ ਗਏ ਹਨ ਪ੍ਰੰਤੂ ਜੇਕਰ ਕੋਈ ਹਸਪਤਾਲ ਕੋਵਿਡ ਮਰੀਜ਼ ਤੋਂ ਵੱਧ ਪੈਸਿਆਂ ਦੀ ਵਸੂਲੀ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।