ਚੱਪੜਚਿੜੀ ਦੀ ਪਵਿੱਤਰ ਧਰਤੀ ’ਤੇ ਨੌਜਵਾਨ ਕਿਸਾਨ ਏਕਤਾ ਵੱਲੋਂ ਕਿਸਾਨ ਮਹਾਂ ਸਭਾ ਕਰਵਾਉਣ ਦਾ ਐਲਾਨ

ਜੰਗੀ ਯਾਦਗਾਰ ਨੇੜੇ ਕਰਵਾਈ ਜਾ ਰਹੀ ਕਿਸਾਨ ਮਹਾਂ ਸਭਾ ਬਾਰੇ ਕਿਸਾਨਾਂ ਤੇ ਨੌਜਵਾਨਾਂ ਦੀ ਲਾਮਬੰਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਨੌਜਵਾਨ ਕਿਸਾਨ ਏਕਤਾ ਮੁਹਾਲੀ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਦੇ ਕ੍ਰਿਕਟ ਗਰਾਉਂਡ (ਨੇੜੇ ਫਤਿਹ ਬੁਰਜ) ਵਿਖੇ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ 7 ਮਾਰਚ ਨੂੰ ਕਿਸਾਨ ਮਹਾਂ ਸਭਾ ਕਰਵਾਈ ਜਾਵੇਗੀ। ਮੁਹਾਲੀ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨੌਜਵਾਨ ਕਿਸਾਨ ਏਕਤਾ ਦੇ ਆਗੂਆਂ ਪ੍ਰਨੀਤ ਸਿੰਘ, ਹਰਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਮੁਗਲ ਫੌਜਾਂ ਨਾਲ ਲੋਹਾ ਲੈਂਦੇ ਹੋਏ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਦੇ ਹੱਕ ਦਿਵਾਏ ਸਨ। ਜਿਸ ਕਾਰਨ ਕਿਸਾਨੀ ਮਸਲਿਆਂ ਬਾਰੇ ਕਿਸਾਨ ਮਹਾਂ ਸਭਾ ਚੱਪੜਚਿੜੀ ਦੀ ਧਰਤੀ ਉੱਤੇ ਕਰਵਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ 7 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਹੋਣ ਵਾਲੀ ਇਸ ਕਿਸਾਨ ਮਹਾਂ ਸਭਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ, ਬਲਦੇਵ ਸਿੰਘ ਸਿਰਸਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ। ਮਹਾਂਸਭਾ ਵਿੱਚ ਪੰਜਾਬੀ ਗਾਇਕ ਜੱਸ ਬਾਜਵਾ, ਬੀਰ ਸਿੰਘ, ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ, ਕਰਮਜੀਤ ਅਨਮੋਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਅਤੇ ਅੰਤਰਰਾਸ਼ਟਰੀ ਪੁਆਧੀ ਸਭਾ ਦੇ ਕਾਰਕੁਨ ਗੁਰਪ੍ਰੀਤ ਸਿੰਘ ਨਿਆਮੀਆਂ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਨਵਦੀਪ ਸਿੰਘ, ਨੂਰ ਚਾਹਲ, ਗੌਰਵਦੀਪ ਸਿੰਘ, ਵਿਦਿਆਰਥੀ ਆਗੂ ਕਨੂਪ੍ਰਿਆ, ਪ੍ਰਤੀਕ ਮਾਨ ਵੀ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਦੱਸਿਆ ਕਿ ਕਿਸਾਨ ਮਹਾਂ ਸਭਾ ਬਾਰੇ ਇਲਾਕੇ ਦੇ ਕਿਸਾਨਾਂ ਅਤੇ ਨੌਜਵਾਨਾਂ ਤੇ ਬੀਬੀਆਂ ਦੀ ਲਾਮਬੰਦੀ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਮੋਦੀ ਸਰਕਾਰ ਦੇ ਤਾਨਾਸ਼ਾਹ ਸ਼ਾਸਨ ਅਤੇ ਖੇਤੀ ਕਾਨੂੰਨਾਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਜਾ ਰਿਹਾ ਹੈ।
ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ, ਕਿਸਾਨ ਵੈੱਲਫੇਅਰ ਸੁਸਾਇਟੀ ਪੰਜਾਬ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ, ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਬਾਬਾ ਗਾਜ਼ੀਦਾਸ ਜੀ ਕਲੱਬ, ਯੂਨਾਈਟਿਡ ਸਿੱਖ, ਪੌੜੀਵਾਦੀ ਮੰਚ, ਬਾਜਵਾ ਡਿਵੈਲਪਰਜ਼, ਮੁਹਾਲੀ ਡਿਵੈਲਪਮੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਨਾਨਕ ਹੱਟ ਵਰਗੇ ਸੰਗਠਨ ਨੇ ਵੀ ਕਿਸਾਨ ਮਹਾਂ ਸਭਾ ਵਿੱਚ ਸਹਿਯੋਗ ਦੇਣ ਦੀ ਹਾਮੀ ਭਰੀ ਹੈ। ਇਸ ਤੋਂ ਇਲਾਵਾ ਕਿਸਾਨ, ਵਿਦਿਆਰਥੀ ਅਤੇ ਕਰਮਚਾਰੀ ਹਿੱਸਾ ਲੈਣ ਲਈ ਸੰਦੇਸ਼ ਭੇਜ ਰਹੇ ਹਨ। ਹਰਿੰਦਰ ਸਿੰਘ ਨੇ ਕਿਹਾ ਕਿ ਸਭਾ ਦੌਰਾਨ ਗੀਤ, ਕਵਿਤਾਵਾਂ ਅਤੇ ਭਾਸ਼ਣ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …