ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨਾਂ ਤੋਂ ਦੁਖੀ ਹੋ ਕੇ ਪਾਰਟੀ ਛੱਡਣ ਦਾ ਫੈਸਲਾ ਲਿਆ: ਬੀਬੀ ਘੁੰਮਣ

ਭਾਜਪਾ ਆਗੂ ਤੇ ਲੇਖਕਾ ਬੀਬੀ ਸਵਰਾਜ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਣ ਦਾ ਐਲਾਨ

ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਸ਼ਹਿਰਾਂ ਤੇ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਦਾ ਹੋਕਾ ਦਿਆਂਗੇ: ਢੀਂਡਸਾ

ਰਵਾਇਤੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਚੌਥੇ ਫਰੰਟ ਲਈ ਤਿਆਰ ਕੀਤਾ ਜਾ ਰਿਹੈ ਗਰਾਉਂਡ: ਬੀਰਦਵਿੰਦਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਬੁਲਾਰੇ ਬੀਬੀ ਸਵਰਾਜ ਕੌਰ ਘੁੰਮਣ ਨੇ ਅੱਜ ਆਪਣੀ ਪਾਰਟੀ ਨੂੰ ਅਲਵਿਦਾ ਆਖ਼ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹ ਇੱਕ ਉੱਘੇ ਸਿੱਖਿਆ ਸ਼ਾਸਤਰੀ ਹੋਣ ਦੇ ਨਾਲ-ਨਾਲ ਪ੍ਰਸਿੱਧ ਲੇਖਕਾ ਵੀ ਹਨ। ਇਸ ਸਬੰਧੀ ਇੱਥੋਂ ਦੇ ਸੈਕਟਰ-82 ਸਥਿਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਦਫ਼ਤਰ ਵਿੱਚ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ। ਜਿੱਥੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ, ਜਸਟਿਸ (ਸੇਵਾਮੁਕਤ) ਨਿਰਮਲ ਸਿੰਘ, ਜਨਰਲ ਸਕੱਤਰ ਤੇਜਿੰਦਰਪਾਲ ਸਿੰਘ ਸੰਧੂ ਨੇ ਬੀਬੀ ਘੁੰਮਣ ਦਾ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ।
ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਹਿਤੈਸ਼ੀ ਲੋਕ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਉਥਲ ਪੁਥਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਹਿਰਦ ਲੋਕਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਅਤੇ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਹਮਖ਼ਿਆਲੀ ਆਗੂਆਂ ਨੂੰ ਆਪਣੇ ਨਾਲ ਤੋਰਨ ਲਈ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਦਾ ਹੋਕਾ ਦਿੱਤਾ ਜਾਵੇਗਾ।
ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ, ਬਾਦਲ ਦਲ ਅਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਚੌਥੇ ਫਰੰਟ ਨੂੰ ਹੋਂਦ ਵਿੱਚ ਲਿਆਉਣ ਲਈ ਗਰਾਉਂਡ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਪੰਜਾਬ ਹਿਤੈਸ਼ੀ ਅਤੇ ਪੰਥਕ ਸ਼ਖ਼ਸੀਅਤਾਂ ਨਾਲ ਨਿਰੰਤਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਐਸਜੀਪੀਸੀ ਅਤੇ ਹੋਰ ਧਾਰਮਿਕ ਸੰਸਥਾਵਾਂ ਨੂੰ ਇਕ ਸਿਆਸੀ ਪਰਿਵਾਰ ਦੇ ਚੁੰਗਲ ਤੋਂ ਆਜ਼ਾਦ ਕਰਵਾਇਆ ਜਾ ਸਕੇ।
ਇਸ ਮੌਕੇ ਬੀਬੀ ਸਵਰਾਜ ਘੁੰਮਣ ਨੇ ਦੱਸਿਆ ਕਿ ਭਾਜਪਾ ਤੋਂ ਪਹਿਲਾਂ ਉਹ ਅਕਾਲੀ ਦਲ (ਬ) ਵਿੱਚ ਵੀ ਸੂਬਾ ਬੁਲਾਰੇ ਅਤੇ ਸਲਾਹਕਾਰ ਦੇ ਅਹੁਦੇ ’ਤੇ ਰਹੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨ ਲਾਗੂ ਕਰਨਾ ਅਤੇ ਕਿਸਾਨਾਂ ਦੀ ਗੱਲ ਨਾ ਸੁਣਨ ਕਾਰਨ ਪੈਦਾ ਹੋਏ ਹਾਲਾਤਾਂ ਲੈ ਕੇ ਉਹ ਕਾਫ਼ੀ ਚਿੰਤਤ ਸਨ। ਜਿਸ ਕਾਰਨ ਦੁਖੀ ਹੋ ਕੇ ਉਨ੍ਹਾਂ ਨੇ ਭਾਜਪਾ ਨੂੰ ਅਲਵਿਦਾ ਕਹਿਣ ਦਾ ਫੈਸਲਾ ਲਿਆ।
ਬੀਬੀ ਘੁੰਮਣ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਤੋਂ ਉਹ ਕਾਫ਼ੀ ਪ੍ਰਭਾਵਿਤ ਹੋਏ ਹਨ। ਜਿਸ ਕਾਰਨ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੇ ਹੋਰ ਪੁਰਾਣੇ ਸਾਥੀਆਂ ਅਤੇ ਪੰਜਾਬ ਤੇ ਕਿਸਾਨ ਪੱਖੀ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ, ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮੇਜਰ ਸਿੰਘ, ਯੂਥ ਆਗੂ ਰਵਿੰਦਰ ਸਿੰਘ ਸ਼ਾਹਪੁਰ ਅਤੇ ਓਐੱਸਡੀ ਜਸਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…